ਪੰਚਕੂਲਾ-ਚੰਡੀਗੜ੍ਹ ਸਰਹੱਦ ‘ਤੇ ਸ਼ਨੀਵਾਰ ਦੇਰ ਰਾਤ ਇੱਕ ਦਰਦਨਾਕ ਹਾਦਸੇ ਵਿੱਚ 21 ਸਾਲਾ ਨੌਜਵਾਨ ਹਨੀ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੁਲਿਸ ਨਾਕੇ ‘ਤੇ ਚੈਕਿੰਗ ਦੌਰਾਨ ਬਾਈਕ ਸਵਾਰ ਨੌਜਵਾਨਾਂ ਨੇ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ।
ਜਾਣਕਾਰੀ ਮੁਤਾਬਕ, ਬਾਈਕ ‘ਤੇ 3 ਨੌਜਵਾਨ ਸਵਾਰ ਸਨ। ਪੁਲਿਸ ਨਾਕੇ ਦੇ ਨੇੜੇ ਆਉਂਦੇ ਹੀ ਨੌਜਵਾਨ ਘਬਰਾ ਗਏ ਤੇ ਤੇਜ਼ੀ ਨਾਲ ਨਿਕਲਣ ਦੀ ਕੋਸ਼ਿਸ਼ ਕਰਨ ਲੱਗੇ। ਇਸ ਦੌਰਾਨ ਹਨੀ ਸੰਤੁਲਨ ਗੁਆ ਬੈਠਾ ਤੇ ਬਾਈਕ ਤੋਂ ਡਿੱਗ ਪਿਆ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ‘ਤੇ ਗੰਭੀਰ ਦੋਸ਼ ਲਗਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਅਚਾਨਕ ਬੈਰੀਕੇਡ ਲਗਾ ਕੇ ਬਾਈਕ ਨੂੰ ਰੋਕਿਆ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਪੁਲਿਸ ਦੀ ਲਾਪਰਵਾਹੀ ਨੇ ਇੱਕ ਨੌਜਵਾਨ ਦੀ ਜਾਨ ਲੈ ਲਈ।
ਦੂਜੇ ਪਾਸੇ, ਪੁਲਿਸ ਦਾ ਕਹਿਣਾ ਹੈ ਕਿ ਨੌਜਵਾਨ ਪੁਲਿਸ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਸਨ। ਪੁਲਿਸ ਮੁਤਾਬਕ, ਬਾਈਕ ‘ਤੇ ਪਿੱਛੇ ਬੈਠਾ ਨੌਜਵਾਨ ਨੰਬਰ ਪਲੇਟ ਲੁਕਾਉਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਦੌਰਾਨ ਸੰਤੁਲਨ ਵਿਗੜ ਗਿਆ ਅਤੇ ਹਾਦਸਾ ਵਾਪਰ ਗਿਆ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਏਸੀਪੀ ਦਿਨੇਸ਼ ਅਤੇ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਸੈਕਟਰ 7 ਪੁਲਿਸ ਸਟੇਸ਼ਨ ਦੇ ਇਲਾਕੇ ਵਿੱਚ ਮ੍ਰਿਤਕ ਦੇ ਪਰਿਵਾਰ ਨੇ ਹੰਗਾਮਾ ਕਰਦੇ ਹੋਏ ਨਿਰਪੱਖ ਜਾਂਚ ਦੀ ਮੰਗ ਕੀਤੀ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਘਟਨਾ ਸਥਾਨ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ।