ਸਿਆਸੀ ਗਲਿਆਰਿਆਂ 'ਚ ਮੱਚੀ ਤਰਥੱਲੀ! ਸੁਖਜਿੰਦਰ ਰੰਧਾਵਾ ਅਤੇ ਚਰਨਜੀਤ ਚੰਨੀ ਸਮੇਤ ਕਈ ਆਗੂ ਹਿਰਾਸਤ 'ਚ, ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਇਆ ਪ੍ਰਦਰਸ਼ਨ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਕੇਸੀ ਵੇਣੂਗੋਪਾਲ, ਪਵਨ ਖੇੜਾ ਸਮੇਤ ਕਈ ਸੀਨੀਅਰ ਨੇਤਾਵਾਂ ਨੇ ਲੋਕ ਕਲਿਆਣ ਮਾਰਗ 'ਤੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ ਕੀਤਾ। ਉਨ੍ਹਾਂ ਨੌਜਵਾਨ ਵਿਦਿਆਰਥੀਆਂ ’ਤੇ ਹੋਏ ਕਥਿਤ ਅੱਤਿਆਚਾਰਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ।
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ 'ਚ ਪੰਜਾਬ ਸਣੇ ਕਈ ਸੂਬਿਆਂ ਦੇ ਨਾਮੀ ਕਾਂਗਰਸੀ ਲੀਡਰ ਸ਼ਾਮਿਲ ਹੋਏ। ਪ੍ਰਦਰਸ਼ਨ ਦੌਰਾਨ ਉਸ ਸਮੇਂ ਸਿਆਸੀ ਗਲਿਆਰਿਆਂ ਵਿੱਚ ਭਾਰੀ ਹੜਕੰਪ ਮੱਚ ਗਿਆ, ਜਦੋਂ ਦਿੱਲੀ ਪੁਲਿਸ ਨੇ ਕਾਂਗਰਸ ਦੇ ਕਈ ਵੱਡੇ ਸੰਸਦ ਮੈਂਬਰਾਂ ਅਤੇ ਦਿੱਗਜ ਲੀਡਰਾਂ ਨੂੰ ਹਿਰਾਸਤ (ਡਿਟੇਨ) ਵਿੱਚ ਲੈ ਲਿਆ।
ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਵਿਰੋਧ
ਕਾਂਗਰਸੀ ਆਗੂਆਂ ਅਤੇ ਸੰਸਦ ਮੈਂਬਰਾਂ ਵੱਲੋਂ ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਸੁਖਜਿੰਦਰ ਰੰਧਾਵਾ ਅਤੇ ਚਰਨਜੀਤ ਚੰਨੀ ਸਮੇਤ ਕਈ ਲੀਡਰ ਹਿਰਾਸਤ 'ਚ
ਪ੍ਰਦਰਸ਼ਨ ਦੌਰਾਨ ਸੁਰੱਖਿਆ ਕਰਮਚਾਰੀਆਂ ਨੇ ਸਖ਼ਤ ਕਦਮ ਚੁੱਕਦਿਆਂ ਕਈ ਕਾਂਗਰਸੀ ਸੰਸਦਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਪੰਜਾਬ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਪੁਲਿਸ ਵੱਲੋਂ ਡਿਟੇਨ ਕੀਤੇ ਜਾਣ ਦੀ ਸੂਚਨਾ ਹੈ। ਪੁਲਿਸ ਦੀ ਇਸ ਕਾਰਵਾਈ ਨਾਲ ਮੌਕੇ 'ਤੇ ਸਿਆਸੀ ਗਰਮੀ ਕਾਫ਼ੀ ਵਧ ਗਈ ਹੈ।