ਦਿੱਲੀ ਦੇ ਇੱਕ ਆਲੀਸ਼ਾਨ ਇਲਾਕੇ ਵਿੱਚ ਸਥਿਤ ਲੇ ਮੇਰੀਡੀਅਨ ਹੋਟਲ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ, ਜਿਸ ਵਿੱਚ 50 ਸਾਲਾ ਵਿਅਕਤੀ ਨੇ ਹੋਟਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਲਾਜਪਤ ਨਗਰ ਦੇ ਰਹਿਣ ਵਾਲੇ ਪਰਵਿੰਦਰ ਸਿੰਘ ਜੁਨੇਜਾ ਵਜੋਂ ਕੀਤੀ ਗਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਹੋਟਲ ਸਟਾਫ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਪੁਲਿਸ ਅਧਿਕਾਰੀਆਂ ਮੁਤਾਬਕ, ਪਰਵਿੰਦਰ ਸਿੰਘ ਜੁਨੇਜਾ ਘਟਨਾ ਤੋਂ ਕੁਝ ਸਮਾਂ ਪਹਿਲਾਂ ਹੀ ਹੋਟਲ ਵਿੱਚ ਦਾਖਲ ਹੋਇਆ ਸੀ ਤੇ ਉਹ ਸਿੱਧਾ 12ਵੀਂ ਮੰਜ਼ਿਲ 'ਤੇ ਗਿਆ ਅਤੇ ਉੱਥੋਂ ਛਾਲ ਮਾਰ ਦਿੱਤੀ, ਜਿਸ ਨਾਲ ਮੌਕੇ 'ਤੇ ਹੀ ਉਸਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।
ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮ੍ਰਿਤਕ ਇਸ ਤੋਂ ਪਹਿਲਾਂ ਕ੍ਰਿਸਮਸ ਦੌਰਾਨ ਕੁਝ ਦਿਨਾਂ ਲਈ ਇਸੇ ਹੋਟਲ ਵਿੱਚ ਰਹਿ ਚੁੱਕਾ ਸੀ। ਹਾਲਾਂਕਿ, ਇਸ ਵਾਰ ਹੋਟਲ ਆਉਣ ਦਾ ਉਸਦਾ ਉਦੇਸ਼ ਅਤੇ ਘਟਨਾ ਦੇ ਪਿੱਛੇ ਦਾ ਕਾਰਨ ਹਾਲੇ ਤੱਕ ਸਪੱਸ਼ਟ ਨਹੀਂ ਹੋ ਸਕਿਆ।
ਪੁਲਿਸ ਨੇ ਹੋਟਲ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹੋਟਲ ਸਟਾਫ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮ੍ਰਿਤਕ ਦੇ ਪਰਿਵਾਰ ਨਾਲ ਸੰਪਰਕ ਕਰ ਕੇ ਮਾਮਲੇ ਨਾਲ ਜੁੜੀਆਂ ਜਾਣਕਾਰੀਆਂ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਜਾਰੀ ਹੈ।