ਦਿੱਲੀ/ਐਨਸੀਆਰ: ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ‘ਤੇ ਇਕ ਹੋਰ ਧਮਕੀ ਸਾਹਮਣੇ ਆਈ ਹੈ, ਜਿਸ ਨਾਲ ਇਕ ਵਾਰ ਫਿਰ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਹੈ। ਇਸ ਵਾਰ ਗੈਂਗ ਦੀ ਧਮਕੀ ਦਾ ਨਿਸ਼ਾਨਾ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕ ਬਣੇ ਹਨ। ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ‘ਤੇ “Rashid Ansari Cablewala” ਨਾਮ ਦੇ ਅਕਾਊਂਟ ਤੋਂ ਇਕ ਧਮਕੀ ਭਰੀ ਪੋਸਟ ਸ਼ੇਅਰ ਕੀਤੀ ਗਈ ਹੈ, ਜੋ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਬਿਸ਼ਨੋਈ ਗੈਂਗ ਦੇ ਨਾਮ ‘ਤੇ ਧਮਕੀ
ਉਕਤ ਪੋਸਟ ਵਿੱਚ ਲਿਖਣ ਵਾਲੇ ਨੇ ਆਪਣੇ ਆਪ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਹਾਸ਼ਿਮ ਬਾਬਾ ਦਾ ਸਹਿਯੋਗੀ ਦੱਸਿਆ ਹੈ। ਪੋਸਟ ਵਿੱਚ ਦਿੱਲੀ-ਐਨਸੀਆਰ ਖੇਤਰ ਵਿੱਚ ਨਸ਼ੇ ਦਾ ਧੰਦਾ ਕਰਨ ਵਾਲਿਆਂ ਨੂੰ ਸਿੱਧੀ ਚੇਤਾਵਨੀ ਦਿੰਦਿਆਂ ਕਿਹਾ ਗਿਆ ਹੈ ਕਿ ਡਰੱਗਸ ਵੇਚਣ ਵਾਲੇ ਲੋਕ ਨੌਜਵਾਨ ਪੀੜ੍ਹੀ ਦਾ ਭਵਿੱਖ ਤਬਾਹ ਕਰ ਰਹੇ ਹਨ। ਲਿਖਿਆ ਗਿਆ ਹੈ ਕਿ “ਤੁਸੀਂ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਖ਼ਰਾਬ ਕਰ ਰਹੇ ਹੋ, ਇਹ ਕੰਮ ਤੁਰੰਤ ਬੰਦ ਕਰੋ, ਨਹੀਂ ਤਾਂ ਤੁਹਾਨੂੰ ਇਸ ਦੁਨੀਆ ਤੋਂ ਮਿਟਾ ਦਿੱਤਾ ਜਾਵੇਗਾ।”
ਵਪਾਰੀਆਂ ਅਤੇ ਲੋਕਾਂ 'ਚ ਡਰ ਦਾ ਮਾਹੌਲ
ਧਮਕੀ ਭਰੀ ਪੋਸਟ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਦੀ ਪੂਰੀ ਲਿਸਟ ਤਿਆਰ ਕੀਤੀ ਜਾ ਚੁੱਕੀ ਹੈ ਅਤੇ ਇਕ-ਇਕ ਦਾ ਨਾਮ ਦਰਜ ਹੈ। ਇਸ ਤਰ੍ਹਾਂ ਦੀ ਖੁੱਲ੍ਹੀ ਧਮਕੀ ਨਾਲ ਸਥਾਨਕ ਵਪਾਰੀਆਂ ਅਤੇ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ।

ਪੁਲਿਸ ਅਤੇ ਸਾਇਬਰ ਸੈੱਲ ਵੱਲੋਂ ਜਾਂਚ ਜਾਰੀ
ਪੁਲਿਸ ਅਤੇ ਸਾਇਬਰ ਸੈੱਲ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਫੇਸਬੁੱਕ ਅਕਾਊਂਟ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟ ਕਰਨ ਵਾਲੇ ਵਿਅਕਤੀ ਦੀ ਪਛਾਣ ਲਈ ਤਕਨੀਕੀ ਸਹਾਇਤਾ ਲਈ ਜਾ ਰਹੀ ਹੈ। ਨਾਲ ਹੀ ਦਿੱਲੀ-ਐਨਸੀਆਰ ਵਿੱਚ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਗਿਰੋਹਾਂ ‘ਤੇ ਨਿਗਰਾਨੀ ਵਧਾ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।