ਦੇਸ਼ ਦੇ ਸਭ ਤੋਂ ਸਾਫ਼ ਸ਼ਹਿਰ ਇੰਦੌਰ ਦੇ ਭਾਗੀਰਥਪੁਰਾ ਵਿੱਚ ਦੂਸ਼ਿਤ ਪਾਣੀ ਪੀਣ ਨਾਲ 7 ਲੋਕਾਂ ਦੀ ਮੌਤ ਹੋ ਗਈ ਹੈ।ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ ਵਿੱਚ ਨਗਰ ਨਿਗਮ ਦੀ ਪਾਈਪਲਾਈਨ ਰਾਹੀਂ ਸਪਲਾਈ ਕੀਤੇ ਗਏ ਦੂਸ਼ਿਤ ਪਾਣੀ ਕਾਰਨ ਵੱਡਾ ਸਿਹਤ ਸੰਕਟ ਖੜਾ ਹੋ ਗਿਆ ਹੈ। ਅਧਿਕਾਰੀਆਂ ਮੁਤਾਬਕ, ਭਾਗੀਰਥਪੁਰਾ ਖੇਤਰ ਵਿੱਚ ਦੂਸ਼ਿਤ ਪਾਣੀ ਪੀਣ ਨਾਲ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 1,000 ਤੋਂ ਵੱਧ ਲੋਕ ਬਿਮਾਰ ਹੋ ਗਏ ਹਨ।
ਇਹ ਮਾਮਲਾ 24 ਦਸੰਬਰ ਤੋਂ ਸਾਹਮਣੇ ਆਇਆ, ਜਦੋਂ ਭਾਗੀਰਥਪੁਰਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਉਲਟੀਆਂ ਅਤੇ ਦਸਤ ਦੀਆਂ ਸ਼ਿਕਾਇਤਾਂ ਹੋਣ ਲੱਗੀਆਂ। ਹਾਲਾਤ ਵਿਗੜਨ ‘ਤੇ ਕਈ ਮਰੀਜ਼ਾਂ ਨੂੰ ਸ਼ਹਿਰ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰਾਂ ਅਨੁਸਾਰ, ਜ਼ਿਆਦਾਤਰ ਮਰੀਜ਼ ਪਾਣੀ ਨਾਲ ਫੈਲਣ ਵਾਲੀ ਬਿਮਾਰੀ ਦਾ ਸ਼ਿਕਾਰ ਹੋਏ ਹਨ।
ਨਗਰ ਨਿਗਮ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਪ੍ਰਭਾਵਿਤ ਖੇਤਰ ਵਿੱਚ ਪਾਣੀ ਦੀ ਸਪਲਾਈ ਰੋਕ ਦਿੱਤੀ ਗਈ ਹੈ। ਨਾਲ ਹੀ, ਸਾਫ਼ ਪੀਣਯੋਗ ਪਾਣੀ ਦੇ ਟੈਂਕਰ ਭੇਜੇ ਜਾ ਰਹੇ ਹਨ। ਪਾਈਪਲਾਈਨ ਦੇ ਨਮੂਨੇ ਜਾਂਚ ਲਈ ਲੈਬ ਭੇਜੇ ਗਏ ਹਨ।
ਗੌਰਤਲਬ ਹੈ ਕਿ ਇੰਦੌਰ ਨੂੰ ਕੇਂਦਰ ਸਰਕਾਰ ਵੱਲੋਂ ਲਗਾਤਾਰ ਅੱਠ ਵਾਰ ਦੇਸ਼ ਦਾ ਸਭ ਤੋਂ ਸਾਫ਼ ਸ਼ਹਿਰ ਘੋਸ਼ਿਤ ਕੀਤਾ ਗਿਆ ਹੈ। ਇਸ ਘਟਨਾ ਨੇ ਪ੍ਰਸ਼ਾਸਨ ਅਤੇ ਨਗਰ ਨਿਗਮ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ। ਪ੍ਰਸ਼ਾਸਨ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਹਨ।