NDA ਸੰਸਦੀ ਦਲ ਦੀ ਮਿਟੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ IndiGo ਮਸਲੇ ’ਤੇ ਵੱਡਾ ਬਿਆਨ ਦਿੱਤਾ ਹੈ। ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜਿਜੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ NDA ਦੇ ਕਾਨੂੰਨਸਾਜ਼ਾਂ ਦੀ ਮੀਟਿੰਗ ਵਿੱਚ ਇੰਡੀਗੋ ਸੰਕਟ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ‘‘ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰ ਵੱਲੋਂ ਬਣਾਏ ਗਏ ਨਿਯਮਾਂ ਕਾਰਨ ਭਾਰਤੀ ਨਾਗਰਿਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।’’
ਰਿਜਿਜੂ ਨੇ ਦੱਸਿਆ ਕਿ PM ਮੋਦੀ ਨੇ ਕਿਹਾ, ‘‘ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਇਹ ਯਕੀਨੀ ਬਣਾਈਏ ਕਿ ਭਾਰਤ ਦੇ ਕਿਸੇ ਵੀ ਨਾਗਰਿਕ ਨੂੰ ਕੋਈ ਮੁਸ਼ਕਲ ਨਾ ਆਵੇ। ਨਿਯਮ ਅਤੇ ਕਾਨੂੰਨ ਚੰਗੇ ਹਨ... ਪਰ ਉਨ੍ਹਾਂ ਦੀ ਵਰਤੋਂ ਸਿਸਟਮ ਨੂੰ ਬਿਹਤਰ ਬਣਾਉਣ ਲਈ ਕੀਤੀ ਜਾਣੀ ਚਾਹੀਦੀ ਹੈ, ਜਨਤਾ ਨੂੰ ਪਰੇਸ਼ਾਨ ਕਰਨ ਲਈ ਨਹੀਂ।’’
IndiGo ਮਸਲੇ 'ਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੇ ਵੀ ਸਪੱਸ਼ਟ ਕੀਤਾ ਹੈ ਕਿ ਸਰਕਾਰ ਸਥਿਤੀ ਨੂੰ ਹਲਕੇ ’ਚ ਨਹੀਂ ਲੈ ਰਹੀ ਹੈ ਅਤੇ ਸਖ਼ਤ ਕਾਰਵਾਈ ਦਾ ਭਰੋਸਾ ਵੀ ਦਿੱਤਾ ਹੈ। ਇਸ ਦੇ ਨਾਲ ਹੀ ਮੰਤਰੀ ਰਾਮਮੋਹਨ ਨਾਇਡੂ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਸਰਕਾਰ ਹਰ ਏਅਰਲਾਈਨ ਲਈ ਇੱਕ ਉਦਾਹਰਣ ਕਾਇਮ ਕਰਾਂਗੇ ਅਤੇ ਜੇਕਰ ਕੋਈ ਵੀ ਪਾਲਣਾ ਨਹੀਂ ਹੁੰਦੀ ਹੈ, ਤਾਂ ਕਾਰਵਾਈ ਕੀਤੀ ਜਾਵੇਗੀ।