ਨਵੀਂ ਦਿੱਲੀ:- ਸੇਵਾਮੁਕਤ ਆਈਏਐਸ ਅਧਿਕਾਰੀ ਰਾਜ ਕੁਮਾਰ ਗੋਇਲ ਦੇਸ਼ ਦੇ ਅਗਲੇ ਮੁੱਖ ਸੂਚਨਾ ਕਮਿਸ਼ਨਰ ਹੋਣਗੇ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਪੈਨਲ ਨੇ ਗੋਇਲ ਦੇ ਨਾਮ ਦੀ ਸਿਫ਼ਾਰਸ਼ ਕੀਤੀ।
ਗੋਇਲ ਅਰੁਣਾਚਲ ਪ੍ਰਦੇਸ਼-ਗੋਆ-ਮਿਜ਼ੋਰਮ-ਕੇਂਦਰ ਸ਼ਾਸਿਤ ਪ੍ਰਦੇਸ਼ (ਏਜੀਐਮਯੂਟੀ) ਕੇਡਰ ਦੇ 1990 ਬੈਚ ਦੇ ਆਈਏਐਸ ਅਧਿਕਾਰੀ ਹਨ। ਉਹ ਇਸ ਸਾਲ 31 ਅਗਸਤ ਨੂੰ ਕਾਨੂੰਨ ਅਤੇ ਨਿਆਂ ਮੰਤਰਾਲੇ ਦੇ ਨਿਆਂ ਵਿਭਾਗ ਦੇ ਸਕੱਤਰ ਵਜੋਂ ਸੇਵਾਮੁਕਤ ਹੋਏ ਸਨ। ਉਨ੍ਹਾਂ ਗ੍ਰਹਿ ਮੰਤਰਾਲੇ’ਚ ਸਕੱਤਰ (ਸਰਹੱਦੀ ਪ੍ਰਬੰਧਨ) ਵਜੋਂ ਵੀ ਸੇਵਾ ਨਿਭਾਈ। ਉਨ੍ਹਾਂ ਕੇਂਦਰ ਅਤੇ ਜੰਮੂ-ਕਸ਼ਮੀਰ ’ਚ ਮਹੱਤਵਪੂਰਨ ਅਹੁਦਿਆਂ 'ਤੇ ਕੰਮ ਕੀਤਾ ਹੈ।
ਦਰਅਸਲ ਹੀਰਾਲਾਲ ਸਮਰੀਆ ਦੇ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਪੈਨਲ ਨੇ ਬੁੱਧਵਾਰ ਨੂੰ ਹੋਈ ਆਪਣੀ ਮੀਟਿੰਗ ’ਚ ਕੇਂਦਰੀ ਸੂਚਨਾ ਕਮਿਸ਼ਨ ਲਈ ਅੱਠ ਸੂਚਨਾ ਕਮਿਸ਼ਨਰਾਂ (ਆਈਸੀ) ਦੇ ਨਾਵਾਂ ਦੀ ਸਿਫ਼ਾਰਸ਼ ਵੀ ਕੀਤੀ। ਪੈਨਲ ਦੇ ਹੋਰ ਮੈਂਬਰਾਂ ’ਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਸ਼ਾਮਲ ਸਨ।