ਨਵੀਂ ਦਿੱਲੀ:- ਅਮਰੀਕਾ ਵੱਲੋਂ ਵੈਨੇਜ਼ੁਏਲਾ 'ਤੇ ਹਮਲਾ ਕਰਨ ਤੋਂ ਬਾਅਦ ਅਮਰੀਕਾ ਨੇ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਦੁਰੋ ਅਤੇ ਉਨ੍ਹਾਂ ਦੀ ਪਤਨੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਦਰਅਸਲ, ਅਮਰੀਕੀ ਨਿਆਂ ਵਿਭਾਗ ਦੇ ਮੁਤਾਬਕ, ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ 'ਤੇ ਇੱਕ "ਭ੍ਰਿਸ਼ਟ, ਨਾਜਾਇਜ਼ ਸਰਕਾਰ" ਚਲਾਉਣ ਅਤੇ ਨਸ਼ਾ ਤਸਕਰੀ ’ਚ ਸ਼ਾਮਲ ਹੋਣ ਦਾ ਇਲਜ਼ਾਮ ਲਗਾਇਆ ਗਿਆ ਹੈ।
ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਅਤੇ ਉਨ੍ਹਾਂ ਦੀ ਪਤਨੀ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ, ਚੀਨ ਅਤੇ ਕਈ ਹੋਰ ਦੇਸ਼ਾਂ ਨੇ ਵੀ ਇਸਦੀ ਨਿੰਦਾ ਕੀਤੀ ਸੀ। ਹੁਣ ਭਾਰਤੀ ਵਿਦੇਸ਼ ਮੰਤਰਾਲੇ ਨੇ ਵੀ ਇੱਕ ਬਿਆਨ ਜਾਰੀ ਕੀਤਾ ਹੈ ਜਿਸ ’ਚ ਲਿਖਿਆ ਹੈ ਕਿ, ‘ਵੈਨੇਜ਼ੁਏਲਾ ਵਿੱਚ ਹਾਲ ਹੀ ’ਚ ਹੋਈ ਘਟਨਾ ਡੂੰਘੀ ਚਿੰਤਾ ਦਾ ਵਿਸ਼ਾ ਹੈ। ਅਸੀਂ ਹਰ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ।

ਭਾਰਤ ਵੈਨੇਜ਼ੁਏਲਾ ਦੇ ਲੋਕਾਂ ਦੀ ਭਲਾਈ ਅਤੇ ਸੁਰੱਖਿਆ ਲਈ ਆਪਣੇ ਸਮਰਥਨ ਦੀ ਪੁਸ਼ਟੀ ਕਰਦਾ ਹੈ। ਅਸੀਂ ਸਾਰੀਆਂ ਸਬੰਧਤ ਧਿਰਾਂ ਨੂੰ ਗੱਲਬਾਤ ਰਾਹੀਂ ਸ਼ਾਂਤੀਪੂਰਵਕ ਮੁੱਦਿਆਂ ਨੂੰ ਹੱਲ ਕਰਨ ਦਾ ਸੱਦਾ ਦਿੰਦੇ ਹਾਂ, ਜਿਸ ਨਾਲ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਯਕੀਨੀ ਬਣਾਈ ਜਾ ਸਕੇ। ਕਰਾਕਸ ਵਿੱਚ ਭਾਰਤ ਦਾ ਦੂਤਾਵਾਸ ਭਾਰਤੀ ਭਾਈਚਾਰੇ ਦੇ ਮੈਂਬਰਾਂ ਦੇ ਸੰਪਰਕ ਵਿੱਚ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਦਾ ਰਹੇਗਾ’