ਨਸ਼ਾ ਤਸਕਰੀ ਅਤੇ ਜਬਰੀ ਵਸੂਲੀ ਮਾਮਲਾ: ਛੇ ਸਾਲਾਂ ਤੋਂ ਫ਼ਰਾਰ ਬਰਖ਼ਾਸਤ AIG ਰਾਜਜੀਤ ਸਿੰਘ ਪਟਿਆਲਾ ਪੁਲਿਸ ਵੱਲੋਂ ਗ੍ਰਿਫ਼ਤਾਰ
ਨਸ਼ਾ ਤਸਕਰੀ ਅਤੇ ਜਬਰੀ ਵਸੂਲੀ ਦੇ ਗੰਭੀਰ ਮਾਮਲਿਆਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਭਗੌੜੇ ਚੱਲ ਰਹੇ ਪੰਜਾਬ ਪੁਲਿਸ ਦੇ ਬਰਖ਼ਾਸਤ ਏ.ਆਈ.ਜੀ. (AIG) ਰਾਜਜੀਤ ਸਿੰਘ ਨੇ ਆਖ਼ਰਕਾਰ ਪਟਿਆਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜਿਸ ਨਾਲ ਪੰਜਾਬ ਦੇ ਚਰਚਿਤ ਅਤੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਭਗੌੜੇ ਮਾਮਲਿਆਂ ਵਿੱਚੋਂ ਇੱਕ ਦਾ ਅੰਤ ਹੋ ਗਿਆ ਹੈ।
ਗ੍ਰਿਫ਼ਤਾਰੀ: ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਨਾਮਜ਼ਦ ਹੋਣ ਤੋਂ ਬਾਅਦ ਤੋਂ ਫ਼ਰਾਰ ਚੱਲੇ ਆ ਰਹੇ ਬਰਖ਼ਾਸਤ AIG ਰਾਜਜੀਤ ਸਿੰਘ ਨੂੰ ਪਟਿਆਲਾ ਪੁਲਿਸ ਅੱਗੇ ਸਰੰਡਰ ਕੀਤਾ ਅਤੇ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਸਾਹਮਣੇ ਆਏ ਗੰਭੀਰ ਦੋਸ਼: ਰਾਜਜੀਤ ਸਿੰਘ 'ਤੇ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਮਿਲੀਭੁਗਤ ਕਰਕੇ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦੇਣ, ਨਿਰਦੋਸ਼ ਲੋਕਾਂ ਨੂੰ ਝੂਠੇ ਨਸ਼ਾ ਕੇਸਾਂ ਵਿੱਚ ਫਸਾਉਣ ਅਤੇ ਜਬਰੀ ਵਸੂਲੀ ਕਰਨ ਦੇ ਗੰਭੀਰ ਦੋਸ਼ ਹਨ।
ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਵਿਜੀਲੈਂਸ ਬਿਊਰੋ ਵੱਲੋਂ ਉਸਦੀ ਅਤੇ ਉਸਦੀ ਪਤਨੀ ਦੇ ਬੈਂਕ ਖਾਤਿਆਂ ਵਿੱਚ ਕਰੋੜਾਂ ਰੁਪਏ ਦੇ ਸ਼ੱਕੀ ਵਿੱਤੀ ਲੈਣ-ਦੇਣ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਵੀ ਦਰਜ ਕੀਤਾ ਗਿਆ ਸੀ।
ਸਰਕਾਰੀ ਬਰਖ਼ਾਸਤਗੀ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ 'ਤੇ ਬਣੀ ਵਿਸ਼ੇਸ਼ ਜਾਂਚ ਟੀਮ (SIT) ਦੀ ਰਿਪੋਰਟ ਦੇ ਆਧਾਰ 'ਤੇ ਅਪ੍ਰੈਲ 2023 ਵਿੱਚ ਉਸਨੂੰ ਸਰਕਾਰੀ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ।
ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਜਾਣ ਅਤੇ ਲੁੱਕਆਊਟ ਸਰਕੂਲਰ ਜਾਰੀ ਹੋ ਗਿਆ ਸੀ। ਪਰ ਲੰਬੇ ਸਮੇਂ ਤੋਂ ਬਾਅਦ ਆਖੀਰਕਾਰ ਪੰਜਾਬ ਪੁਲਿਸ ਨੇ ਰਾਜਜੀਤ ਸਿੰਘ ਨੂੰ ਦਬੋਚ ਲਿਆ। ਇਸ ਦੀ ਗ੍ਰਿਫਤਾਰੀ ਦੇ ਨਾਲ ਪੁਲਿਸ ਨੂੰ ਡਰੱਗ ਨੈੱਟਵਰਕ ਅਤੇ ਹੋਰ ਲੁਕਵੇਂ ਰਾਜ਼ਾਂ ਤੱਕ ਪਹੁੰਚਣ ਵਿੱਚ ਮਦਦ ਮਿਲਣ ਦੀ ਉਮੀਦ ਹੈ।