ਪਟਿਆਲਾ ਦੇ ਧਰੇੜੀ ਜੱਟਾਂ ਟੋਲ ਪਲਾਜ਼ਾ 'ਤੇ ਵੱਡਾ ਹਾਦਸਾ: ਤੇਜ਼ ਰਫ਼ਤਾਰ ਕਾਰ ਨੇ ਬੈਰੀਅਰ ਤੋੜ ਕੇ ਟੋਲ ਕਰਮਚਾਰੀ ਨੂੰ ਮਾਰੀ ਟੱਕਰ, CCTV ਫੁਟੇਜ ਵੀ ਆਈ ਸਾਹਮਣੇ
ਪਟਿਆਲਾ ਦੇ ਧਰੇੜੀ ਜੱਟਾਂ ਟੋਲ ਪਲਾਜ਼ਾ 'ਤੇ ਸਵੇਰੇ-ਸਵੇਰੇ ਇੱਕ ਖੌਫ਼ਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਕ ਤੇਜ਼ ਰਫ਼ਤਾਰ ਕਾਰ ਨੇ ਟੋਲ ਬੈਰੀਅਰ ਤੋੜਦਿਆਂ ਉੱਥੇ ਤਾਇਨਾਤ ਇੱਕ ਟੋਲ ਕਰਮਚਾਰੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਬੋਨਟ 'ਤੇ ਲਟਕਦਾ ਰਿਹਾ ਕਰਮਚਾਰੀ, ਚਾਲਕ ਮੌਕੇ ਤੋਂ ਫ਼ਰਾਰ
ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਟੋਲ ਕਰਮਚਾਰੀ ਕਈ ਮੀਟਰ ਤੱਕ ਕਾਰ ਦੇ ਬੋਨਟ 'ਤੇ ਹੀ ਲਟਕਿਆ ਰਿਹਾ। ਇਸ ਤੋਂ ਬਾਅਦ ਕਾਰ ਚਾਲਕ ਜ਼ਖ਼ਮੀ ਕਰਮਚਾਰੀ ਨੂੰ ਸੜਕ 'ਤੇ ਸੁੱਟ ਦਿੱਤਾ ਅਤੇ ਮੌਕੇ ਤੋਂ ਗੱਡੀ ਸਮੇਤ ਫ਼ਰਾਰ ਹੋ ਗਿਆ।
ਰਾਜਿੰਦਰਾ ਹਸਪਤਾਲ 'ਚ ਦਾਖ਼ਲ, ਪੁਲਿਸ ਕਰ ਰਹੀ ਜਾਂਚ
ਘਟਨਾ ਤੋਂ ਤੁਰੰਤ ਬਾਅਦ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਟੋਲ ਕਰਮਚਾਰੀ ਨੂੰ ਇਲਾਜ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਸਬੰਧੀ ਹੋਰ ਵੇਰਵਿਆਂ ਅਤੇ ਪੁਲਿਸ ਕਾਰਵਾਈ ਦੀ ਉਡੀਕ ਕੀਤੀ ਜਾ ਰਹੀ ਹੈ।
ਯੂਨੀਅਨ ਦੀ ਹਾਈਵੇ ਜਾਮ ਕਰਨ ਦੀ ਚੇਤਾਵਨੀ
ਘਟਨਾ ਤੋਂ ਬਾਅਦ ਟੋਲ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਵਿੱਚ ਭਾਰੀ ਰੋਸ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਪੁਰਾਣੀਆਂ ਘਟਨਾਵਾਂ ਤੋਂ ਸਬਕ ਲੈਂਦਿਆਂ ਅਜਿਹੇ ਗੁੰਡੇ ਅਨਸਰਾਂ 'ਤੇ ਸਖ਼ਤ ਨੱਥ ਪਾਉਣੀ ਚਾਹੀਦੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਦੋਸ਼ੀ ਚਾਲਕ ਖ਼ਿਲਾਫ਼ ਜਲਦ ਤੋਂ ਜਲਦ ਸਖ਼ਤ ਕਾਰਵਾਈ ਨਾ ਕੀਤੀ ਗਈ, ਤਾਂ ਉਹ ਨੈਸ਼ਨਲ ਹਾਈਵੇ ਜਾਮ ਕਰਕੇ ਤਿੱਖਾ ਪ੍ਰਦਰਸ਼ਨ ਕਰਨਗੇ।