ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਹਲਕਾ ਗੁਰੂਹਰਸਹਾਏ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤੀ ਮਿਲਣ ਦਾ ਦਾਅਵਾ ਕੀਤਾ ਗਿਆ ਹੈ। ਨਗਰ ਕੌਂਸਲ ਗੁਰੂਹਰਸਹਾਏ ਦੇ ਕਾਂਗਰਸੀ ਕੌਂਸਲਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।
ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪਾਰਟੀ ਵਿੱਚ ਸ਼ਾਮਲ ਹੋਏ ਕਾਂਗਰਸੀ ਕੌਂਸਲਰਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ।
ਨੋਨੀ ਮਾਨ ਅਤੇ ਰਮਿੰਦਰ ਸਿੰਘ ਆਂਵਲਾ 'ਤੇ ਜਤਾਇਆ ਭਰੋਸਾ
ਸੁਖਬੀਰ ਸਿੰਘ ਬਾਦਲ ਨੇ ਆਪਣੀ ਪੋਸਟ ਵਿੱਚ ਵਰਦੇਵ ਸਿੰਘ ਨੋਨੀ ਮਾਨ ਅਤੇ ਰਮਿੰਦਰ ਸਿੰਘ ਆਂਵਲਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਦੋਵੇਂ ਆਗੂ ਮਿਲ ਕੇ ਅਕਾਲੀ ਵਰਕਰਾਂ ਦੇ ਸਹਿਯੋਗ ਨਾਲ ਇਸ ਸੀਟ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਾਉਣਗੇ।
ਉਨ੍ਹਾਂ ਨੇ ਕਿਹਾ ਕਿ ਨਵੇਂ ਆਗੂਆਂ ਅਤੇ ਕੌਂਸਲਰਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਗੁਰੂਹਰਸਹਾਏ ਵਿੱਚ ਪਾਰਟੀ ਨੂੰ ਹੋਰ ਤਾਕਤ ਮਿਲੇਗੀ।
ਇਸ ਸਿਆਸੀ ਘਟਨਾਕ੍ਰਮ ਤੋਂ ਬਾਅਦ ਹਲਕਾ ਗੁਰੂਹਰਸਹਾਏ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਹਾਲਾਂਕਿ, ਕਾਂਗਰਸੀ ਕੌਂਸਲਰਾਂ ਦੇ ਨਾਵਾਂ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦੀ ਗਿਣਤੀ ਬਾਰੇ ਪੋਸਟ ਵਿੱਚ ਕੋਈ ਵਿਸਥਾਰਤ ਜਾਣਕਾਰੀ ਨਹੀਂ ਦਿੱਤੀ ਗਈ।