ਆਗਾਮੀ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਸਿਆਸੀ ਉਥਲ-ਪੁਥਲ ਦੇਖਣ ਨੂੰ ਮਿਲ ਰਹੀ ਹੈ। ਅਜਿਹੇ ਦੇ ਵਿੱਚ ਕਈ ਸਿਆਸਤਦਾਨ ਇੱਕ ਪਾਰਟੀ ਤੋਂ ਦੂਜੀ ਪਾਰਟੀ ਦੇ ਵਿੱਚ ਜਾ ਰਹੇ ਹਨ। ਇਸ ਲੜੀ ਦੇ ਤਹਿਤ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿਧਾਨ ਸਭਾ ਹਲਕੇ ਦੀ ਸਿਆਸਤ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਡਾ. ਨਿਸ਼ਾਨ ਸਿੰਘ ਹਾਕਮਵਾਲਾ ਅੱਜ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਪਰਗਟ ਸਿੰਘ ਦੀ ਮੌਜੂਦਗੀ ਵਿੱਚ ਫੜਿਆ 'ਹੱਥ' ਦਾ ਪੱਲਾ
ਚੰਡੀਗੜ੍ਹ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਜੀ ਵੱਲੋਂ ਉਨ੍ਹਾਂ ਦਾ ਕਾਂਗਰਸ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਆਉਣ ਨਾਲ ਮਾਲਵਾ ਖੇਤਰ ਅੰਦਰ ਪਾਰਟੀ ਦੀ ਜ਼ਮੀਨੀ ਪਕੜ ਹੋਰ ਮਜ਼ਬੂਤ ਹੋਵੇਗੀ।
ਟਿਕਟ ਨਾ ਮਿਲਣ ਕਾਰਨ ਲਿਆ ਫ਼ੈਸਲਾ
ਜ਼ਿਕਰਯੋਗ ਹੈ ਕਿ ਡਾ. ਨਿਸ਼ਾਨ ਸਿੰਘ ਨੇ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹਾਲਾਂਕਿ, ਕੁਝ ਦਿਨ ਪਹਿਲਾਂ ਉਨ੍ਹਾਂ ਦੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਵੀ ਹੋਈ ਸੀ, ਜਿਸ ਤੋਂ ਬਾਅਦ ਪਾਰਟੀ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਗਿਆ ਸੀ। ਸਿਆਸੀ ਸੂਤਰਾਂ ਮੁਤਾਬਕ, ਡਾ. ਨਿਸ਼ਾਨ ਸਿੰਘ ਨੂੰ ਉਮੀਦ ਸੀ ਕਿ ਅਕਾਲੀ ਦਲ ਉਨ੍ਹਾਂ ਨੂੰ ਬੁਢਲਾਡਾ ਹਲਕੇ ਤੋਂ ਆਪਣਾ ਉਮੀਦਵਾਰ ਬਣਾਏਗਾ, ਪਰ ਟਿਕਟ ਸਬੰਧੀ ਗੱਲ ਸਿਰੇ ਨਾ ਚੜ੍ਹਨ ਕਾਰਨ ਉਨ੍ਹਾਂ ਨੇ ਕਾਂਗਰਸ ਵਿੱਚ ਜਾਣ ਦਾ ਫ਼ੈਸਲਾ ਕਰ ਲਿਆ।
ਬੁਢਲਾਡਾ ਹਲਕੇ ਵਿੱਚ ਸਿਆਸੀ ਹਲਚਲ ਤੇਜ਼
ਡਾ. ਨਿਸ਼ਾਨ ਸਿੰਘ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਬੁਢਲਾਡਾ ਵਿਧਾਨ ਸਭਾ ਹਲਕੇ ਦੇ ਸਿਆਸੀ ਸਮੀਕਰਨ ਬਦਲਦੇ ਨਜ਼ਰ ਆ ਰਹੇ ਹਨ। ਸਿਆਸੀ ਹਲਕਿਆਂ ਵਿੱਚ ਇਸ ਗੱਲ ਦੀ ਜ਼ੋਰਦਾਰ ਚਰਚਾ ਛਿੜ ਗਈ ਹੈ ਕਿ ਕਾਂਗਰਸ ਪਾਰਟੀ ਉਨ੍ਹਾਂ ਨੂੰ ਬੁਢਲਾਡਾ ਤੋਂ ਆਪਣਾ ਸੰਭਾਵੀ ਉਮੀਦਵਾਰ ਐਲਾਨ ਸਕਦੀ ਹੈ। ਹਾਲਾਂਕਿ, ਫਿਲਹਾਲ ਕਾਂਗਰਸ ਹਾਈਕਮਾਨ ਵੱਲੋਂ ਉਨ੍ਹਾਂ ਦੀ ਉਮੀਦਵਾਰੀ ਨੂੰ ਲੈ ਕੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।