ਰਾਘਵ ਚੱਢਾ ਦੀ ਸੁਰੱਖਿਆ ਨੂੰ ਲੈ ਕੇ ਸਿਆਸਤ ਗਰਮਾਈ: ਪੰਜਾਬ ਸਰਕਾਰ ਨੇ ਵਾਪਸ ਲਈ ਸੁਰੱਖਿਆ, ਕੇਂਦਰ ਵੱਲੋਂ Z+ ਦੇਣ ਦੀ ਚਰਚਾ
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਰਾਘਵ ਚੱਢਾ ਦੀ ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ 'Z ਕੈਟਾਗਰੀ' ਦਾ ਸੁਰੱਖਿਆ ਘੇਰਾ ਮੁਹੱਈਆ ਕਰਵਾਇਆ ਹੈ। ਨਵੇਂ ਪ੍ਰਬੰਧਾਂ ਅਨੁਸਾਰ, ਰਾਘਵ ਚੱਢਾ ਨੂੰ ਦਿੱਲੀ ਅਤੇ ਪੰਜਾਬ ਵਿੱਚ Z ਸ਼੍ਰੇਣੀ ਦੀ ਸੁਰੱਖਿਆ ਮਿਲੇਗੀ, ਜਦੋਂ ਕਿ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਉਨ੍ਹਾਂ ਨੂੰ 'Y ਪਲੱਸ' ਸੁਰੱਖਿਆ ਦਿੱਤੀ ਜਾਵੇਗੀ। ਸੂਤਰਾਂ ਮੁਤਾਬਕ, ਗ੍ਰਹਿ ਮੰਤਰਾਲੇ ਨੇ ਇਹ ਫੈਸਲਾ ਇੰਟੈਲੀਜੈਂਸ ਬਿਊਰੋ (IB) ਦੀ 'ਥ੍ਰੈਟ ਪਰਸੈਪਸ਼ਨ' ਰਿਪੋਰਟ ਦੇ ਆਧਾਰ 'ਤੇ ਲਿਆ ਹੈ, ਜਿਸ ਵਿੱਚ ਉਨ੍ਹਾਂ ਦੀ ਜਾਨ ਨੂੰ ਖਤਰੇ ਦਾ ਖਦਸ਼ਾ ਜਤਾਇਆ ਗਿਆ ਸੀ।
ਉੱਧਰ ਹੀ AAP ਦਾ ਕੇਂਦਰ 'ਤੇ ਤੰਜ਼ ਵੀ ਕੱਸਿਆ ਗਿਆ। ਜਿਸ ਵਿੱਚ ਪਾਰਟੀ ਨੇ ਕਿਹਾ ਕਿ- 'ਸਾਂਸਦ ਸਾਡਾ ਹੈ, ਫਿਰ ਕੇਂਦਰ ਰਾਘਵ ਚੱਢਾ 'ਤੇ ਇੰਨੀ ਮਿਹਰਬਾਨੀ ਕਿਉਂ ਦਿਖਾ ਰਹੀ ਹੈ?'
ਕੁੱਝ ਦਿਨ ਪਹਿਲਾਂ ਹੀ ਹੀ ਰਾਘਵ ਨੂੰ ਇਸ ਅਹੁਦੇ ਤੋਂ ਹਟਾਇਆ ਸੀ
ਆਮ ਆਦਮੀ ਪਾਰਟੀ ਨੇ ਹਾਲ ਹੀ ਵਿੱਚ ਇੱਕ ਵੱਡਾ ਫੈਸਲਾ ਲੈਂਦਿਆਂ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਪਾਰਟੀ ਦੇ ਡਿਪਟੀ ਲੀਡਰ (Deputy Leader) ਦੇ ਅਹੁਦੇ ਤੋਂ ਹਟਾ ਦਿੱਤਾ ਹੈ ਅਤੇ ਸਦਨ ਵਿੱਚ ਉਨ੍ਹਾਂ ਦੇ ਬੋਲਣ 'ਤੇ ਵੀ ਰੋਕ ਲਗਾ ਦਿੱਤੀ ਹੈ। ਪਾਰਟੀ ਨੇ ਹੁਣ ਰਾਘਵ ਚੱਢਾ ਦੀ ਜਗ੍ਹਾ ਅਸ਼ੋਕ ਮਿੱਤਲ ਨੂੰ ਰਾਜ ਸਭਾ ਵਿੱਚ ਆਪਣਾ ਨਵਾਂ ਡਿਪਟੀ ਲੀਡਰ ਨਿਯੁਕਤ ਕੀਤਾ ਹੈ। ਦਿਲਚਸਪ ਗੱਲ ਇਹ ਹੈ ਕਿ ਅੱਜ ਸਾਂਸਦ ਅਸ਼ੋਕ ਮਿੱਤਲ ਦੇ ਘਰ ਅਤੇ ਕਈ ਹੋਰ ਟਿਕਾਣਿਆਂ ਉੱਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਛਾਪੇਮਾਰੀ ਕੀਤੀ ਗਈ ਹੈ।
ਪੰਜਾਬ ਨੇ ਸੁਰੱਖਿਆ ਲਈ ਵਾਪਸ...ਪਰ ਕੇਂਦਰ ਹੋਈ ਮਿਹਰਬਾਨ
ਆਮ ਆਦਮੀ ਪਾਰਟੀ (AAP) ਅਤੇ ਉਸ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਵਿਚਾਲੇ ਚੱਲ ਰਿਹਾ ਵਿਵਾਦ ਹੁਣ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਘਵ ਚੱਢਾ ਦੀ ਸੁਰੱਖਿਆ ਵਾਪਸ ਲੈ ਲਈ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਸਹਿ-ਇੰਚਾਰਜ ਅਤੇ ਰਾਜ ਸਭਾ ਵਿੱਚ ਉਪ-ਨੇਤਾ ਹੋਣ ਦੇ ਨਾਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਦਾ ਸੁਰੱਖਿਆ ਘੇਰਾ ਮਿਲਿਆ ਹੋਇਆ ਸੀ। ਇਸ ਦੌਰਾਨ, 'ਆਪ' ਦੇ ਦਿੱਲੀ ਤੋਂ ਸੀਨੀਅਰ ਆਗੂ ਸੌਰਭ ਭਾਰਦਵਾਜ ਨੇ ਸੋਸ਼ਲ ਮੀਡੀਆ (X) 'ਤੇ ਦਾਅਵਾ ਕੀਤਾ ਹੈ ਕਿ ਕੇਂਦਰ ਸਰਕਾਰ ਨੇ ਰਾਘਵ ਚੱਢਾ ਨੂੰ Z ਸੁਰੱਖਿਆ ਦੇ ਦਿੱਤੀ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਕੇਂਦਰ ਸਰਕਾਰ ਆਖਰ ਰਾਘਵ ਚੱਢਾ 'ਤੇ ਇੰਨੀ ਮਿਹਰਬਾਨ ਕਿਉਂ ਹੈ? ਹਾਲਾਂਕਿ, ਚੱਢਾ ਦੇ ਕਰੀਬੀ ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਕੇਂਦਰ ਵੱਲੋਂ ਕੋਈ ਸੁਰੱਖਿਆ ਪ੍ਰਾਪਤ ਨਹੀਂ ਹੋਈ ਹੈ।
BJP Govt toolbox is so so predictable. Raghav Chadha was threatened by ED and he out of fear or greed decided to backstab his party who made him MP or whatever he is today.When Raghav is called out on Social Media, BJP people came out to defend Raghav.On position of Dy…
— Saurabh Bharadwaj (@Saurabh_MLAgk) April 15, 2026
ਜਾਣਕਾਰੀ ਅਨੁਸਾਰ ਰਾਘਵ ਚੱਢਾ ਨੂੰ ਜਲਦ ਹੀ ਕੇਂਦਰੀ ਸੁਰੱਖਿਆ ਮਿਲ ਸਕਦੀ ਹੈ ਅਤੇ ਉਦੋਂ ਤੱਕ ਉਨ੍ਹਾਂ ਨੂੰ ਦਿੱਲੀ ਪੁਲਿਸ ਦੀ ਸੁਰੱਖਿਆ ਦਿੱਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਦੋ ਹਫ਼ਤੇ ਪਹਿਲਾਂ ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਪਾਰਟੀ ਦੇ ਉਪ-ਨੇਤਾ ਦੇ ਅਹੁਦੇ ਤੋਂ ਹਟਾ ਕੇ ਦੂਜੇ ਸੰਸਦ ਮੈਂਬਰ ਅਸ਼ੋਕ ਮਿੱਤਲ ਨੂੰ ਇਹ ਜ਼ਿੰਮੇਵਾਰੀ ਸੌਂਪ ਦਿੱਤੀ ਸੀ। ਇਸ ਫੈਸਲੇ ਤੋਂ ਬਾਅਦ ਹੀ 'ਆਪ' ਅਤੇ ਰਾਘਵ ਚੱਢਾ ਦੇ ਵਿਚਕਾਰ ਤਿੱਖੀ ਬਿਆਨਬਾਜ਼ੀ ਦਾ ਦੌਰ ਲਗਾਤਾਰ ਜਾਰੀ ਹੈ।