Sunday, 27th of September 2026

ਵੱਡੀ ਵਾਰਦਾਤ: ‘ਆਪ’ ਆਗੂ ਸਿਕੰਦਰ ਸਿੰਘ ਖਿੱਦੋਵਾਲੀ 'ਤੇ ਹਮਲਾ, ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਤਾੜ-ਤਾੜ ਗੋਲੀਆਂ; ਵਾਲ-ਵਾਲ ਬਚੇ ਆਗੂ

Edited By: Lajwinder Kaur | Updated at:
ਵੱਡੀ ਵਾਰਦਾਤ: ‘ਆਪ’ ਆਗੂ ਸਿਕੰਦਰ ਸਿੰਘ ਖਿੱਦੋਵਾਲੀ 'ਤੇ ਹਮਲਾ, ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਤਾੜ-ਤਾੜ ਗੋਲੀਆਂ; ਵਾਲ-ਵਾਲ ਬਚੇ ਆਗੂ

ਵੱਡੀ ਵਾਰਦਾਤ: ‘ਆਪ’ ਆਗੂ ਸਿਕੰਦਰ ਸਿੰਘ ਖਿੱਦੋਵਾਲੀ 'ਤੇ ਹਮਲਾ, ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਤਾੜ-ਤਾੜ ਗੋਲੀਆਂ; ਵਾਲ-ਵਾਲ ਬਚੇ ਆਗੂ

ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਹਲਕੇ ਵਿੱਚ ਬੀਤੀ ਰਾਤ ਇੱਕ ਵੱਡੀ ਵਾਰਦਾਤ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ ਆਗੂ ਅਤੇ ਬਲਾਕ ਸੰਮਤੀ ਮਜੀਠਾ-2 ਦੇ ਵਾਈਸ ਚੇਅਰਮੈਨ ਸਿਕੰਦਰ ਸਿੰਘ ਖਿੱਦੋਵਾਲੀ 'ਤੇ ਅਣਪਛਾਤੇ ਹਮਲਾਵਰਾਂ ਵੱਲੋਂ ਫਾਇਰਿੰਗ ਕੀਤੀ ਗਈ ਹੈ। ਖੁਸ਼ਕਿਸਮਤੀ ਨਾਲ ਇਸ ਹਮਲੇ ਵਿੱਚ ਸਿਕੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਵਾਲ-ਵਾਲ ਬਚ ਗਏ, ਹਾਲਾਂਕਿ ਹਮਲਾਵਰਾਂ ਦੀਆਂ ਗੋਲੀਆਂ ਉਨ੍ਹਾਂ ਦੀ ਬੋਲੇਰੋ ਗੱਡੀ ਨੂੰ ਲੱਗੀਆਂ।

ਕੀ ਹੈ ਪੂਰਾ ਮਾਮਲਾ?

ਜਾਣਕਾਰੀ ਅਨੁਸਾਰ, ਸਿਕੰਦਰ ਸਿੰਘ ਰਾਤ ਕਰੀਬ 9:30 ਵਜੇ ਰਸੂਲਪੁਰ ਪਿੰਡ ਤੋਂ ਆਪਣੇ ਘਰ ਖਿੱਦੋਵਾਲੀ ਵਾਪਸ ਆ ਰਹੇ ਸਨ। ਜਦੋਂ ਉਹ ਪੰਨਵਾਂ-ਖਿੱਦੋਵਾਲੀ ਸੜਕ 'ਤੇ ਪਹੁੰਚੇ ਤਾਂ ਉੱਥੇ ਪਹਿਲਾਂ ਤੋਂ ਹੀ ਘਾਤ ਲਗਾ ਕੇ ਖੜ੍ਹੇ ਕੁਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੀ ਗੱਡੀ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਸਿਕੰਦਰ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਵਿੱਚੋਂ ਇੱਕ ਨੇ ਕਾਲਾ ਪਰਨਾ ਬੰਨ੍ਹਿਆ ਹੋਇਆ ਸੀ। ਹਮਲਾ ਹੁੰਦੇ ਹੀ ਉਨ੍ਹਾਂ ਨੇ ਸੂਝ-ਬੂਝ ਤੋਂ ਕੰਮ ਲੈਂਦਿਆਂ ਗੱਡੀ ਦੀ ਰਫ਼ਤਾਰ ਵਧਾ ਦਿੱਤੀ ਅਤੇ ਉੱਥੋਂ ਸੁਰੱਖਿਅਤ ਨਿਕਲ ਗਏ।

ਪੁਲਿਸ ਵੱਲੋਂ ਜਾਂਚ ਸ਼ੁਰੂ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੂੰ ਮੌਕੇ ਤੋਂ ਗੋਲੀਆਂ ਦੇ ਤਿੰਨ ਖੋਲ ਬਰਾਮਦ ਹੋਏ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਘਟਨਾ ਨੂੰ ਸਿਆਸੀ ਰੰਜਿਸ਼ ਜਾਂ ਪੁਰਾਣੀ ਦੁਸ਼ਮਣੀ ਦੇ ਐਂਗਲ ਤੋਂ ਦੇਖਿਆ ਜਾ ਰਿਹਾ ਹੈ। ਪੀੜਤ ਆਗੂ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ, ਜਿਸ ਸਬੰਧੀ ਉਨ੍ਹਾਂ ਨੇ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਸੀ।

ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਇਲਾਕੇ ਦੇ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਜਲਦ ਹੀ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ।