ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ । ਕੋਰਟ ਨੇ ਕੁੱਟਮਾਰ ਅਤੇ ਛੇੜਛਾੜ ਦੇ ਮਾਮਲੇ ਵਿੱਚ ਸਜ਼ਾ 'ਤੇ ਰੋਕ ਲਗਾਉਣ ਵਾਲੀ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਹੁਣ ਲਾਲਪੁਰਾ ਕੋਲ ਸਿਰਫ਼ ਸੁਪਰੀਮ ਕੋਰਟ ਜਾਣ ਦਾ ਵਿਕਲਪ ਬਚਿਆ ਹੈ ।
ਦੱਸ ਦਈਏ ਕਿ ਤਰਨਤਾਰਨ ਅਦਾਲਤ ਵੱਲੋਂ 4 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਵਿਧਾਇਕ ਲਾਲਪੁਰਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਸੀ ।
2013 ਨਾਲ ਜੁੜੇ ਮਾਮਲੇ ਵਿੱਚ ਤਰਨਤਾਰਨ ਕੋਰਟ ਨੇ ਦੋ ਮਹੀਨੇ ਪਹਿਲਾਂ ਮਨਜਿੰਦਰ ਸਿੰਘ ਲਾਲਪੁਰਾ ਸਮੇਤ 12 ਲੋਕਾਂ ਨੂੰ ਕੁੜੀ ਨਾਲ ਕੁੱਟਮਾਰ ਅਤੇ ਛੇੜਛਾੜ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ । ਇਸ ਮਾਮਲੇ ਵਿੱਚ ਪੁਲਿਸ ਨੇ ਵਿਧਾਇਕ ਸਮੇਤ 7 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ । 12 ਸਤੰਬਰ ਨੂੰ ਸੁਣਵਾਈ ਦੌਰਾਨ ਵਿਧਾਇਕ ਲਾਲਪੁਰਾ ਸਮੇਤ ਸਾਰੇ ਦੋਸ਼ੀਆਂ ਨੂੰ 4 ਸਾਲ ਦੀ ਸਜ਼ਾ ਸੁਣਾਈ ਸੀ ।
ਕੀ ਲਾਲਪੁਰਾ ਦੀ ਜਾਵੇਗੀ ਵਿਧਾਇਕੀ?
ਹਾਈਕੋਰਟ ਵੱਲੋਂ ਕੋਈ ਰਾਹਤ ਨਾ ਮਿਲਣ ਤੋਂ ਬਾਅਦ ਹੁਣ ਵੱਡਾ ਸਵਾਲ ਇਹ ਹੈ ਕਿ ਕੀ ਲਾਲਪੁਰਾ ਦੀ ਵਿਧਾਇਕੀ ਖਤਰੇ ਵਿੱਚ ਪੈ ਸਕਦੀ ਹੈ ?, ਨਿਯਮਾਂ ਮੁਤਾਬਕ ਦੋ ਸਾਲ ਤੋਂ ਵੱਧ ਸਜ਼ਾ ਹੋਣ ‘ਤੇ ਵਿਧਾਇਕ ਜਾਂ ਸਾਂਸਦ ਦੀ ਮੈਂਬਰਸ਼ਿਪ ਰੱਦ ਹੋ ਸਕਦੀ ਹੈ, ਅਜਿਹੇ ਵਿੱਚ ਲਾਲਪੁਰਾ ‘ਤੇ ਖਤਰਾ ਮੰਡਰਾਉਣ ਲੱਗ ਪਿਆ ਹੈ ।