ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ । ਇਸੀਂ ਦੇ ਚੱਲਦਿਆਂ ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ 961 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। 22 ਜ਼ਿਲ੍ਹਾ ਪ੍ਰੀਸ਼ਦਾਂ ਅਤੇ 150 ਤੋਂ ਵੱਧ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣੀਆਂ ਹਨ ਅਤੇ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ।
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸੂਬੇ ਵਿੱਚ ਅਗਲੀਆਂ ਵਿਧਾਨ ਸਭਾ ਚੋਣਾਂ ਤੋਂ ਸਿਰਫ਼ 15 ਮਹੀਨੇ ਪਹਿਲਾਂ ਹੋ ਰਹੀਆਂ ਹਨ ਜਿਸ ਕਰਕੇ ਹਰੇਕ ਪਾਰਟੀ ਆਪਣਾ ਵੋਟ ਅਧਾਰ ਮਜ਼ਬੂਤ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀਆਂ ਹਨ।



‘ਆਪ’ ਇਸ ਚੋਣ ਜ਼ਰੀਏ ਆਪਣੀ ਕਾਡਰ ਤਾਕਤ ਨੂੰ ਜ਼ਮੀਨੀ ਪੱਧਰ ’ਤੇ ਬਣਾਉਣ ਬਾਰੇ ਵਿਚਾਰ ਕਰ ਰਹੀ ਹੈ ਜੋ ਵਿਧਾਨ ਸਭਾ ਚੋਣਾਂ ਵਿੱਚ ਵੋਟਰਾਂ ਤੱਕ ਬਿਹਤਰ ਪਹੁੰਚ ਬਣਾਉਣ ਵਿੱਚ ਮਦਦ ਕਰੇਗੀ। ਪਾਰਟੀ ਆਗੂਆਂ ਨੂੰ ਦੱਸਿਆ ਗਿਆ ਹੈ ਕਿ ਇਨ੍ਹਾਂ ਚੋਣਾਂ ਦੇ ਨਤੀਜੇ ਇਹ ਤੈਅ ਕਰਨਗੇ ਕਿ ਉਨ੍ਹਾਂ ਨੂੰ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਟਿਕਟ ਮਿਲਦੀ ਹੈ ਜਾਂ ਨਹੀਂ। ਦੱਸ ਦਈਏ ਕਿ ਚੋਣਾਂ ਦਾ ਐਲਾਨ ਹੋਣ ਤੋਂ ਪਹਿਲਾਂ ਸੱਤਾਧਾਰੀ ਪਾਰਟੀ ਨੇ ਜ਼ਿਆਦਾਤਰ ਬਲਾਕਾਂ ਦਾ ਪੁਨਰਗਠਨ ਵੀ ਕੀਤਾ ਸੀ ਜਿਸ ਨਾਲ ਇਨ੍ਹਾਂ ਚੋਣਾਂ ਵਿੱਚ ਉਨ੍ਹਾਂ ਨੂੰ ਥੋੜ੍ਹੀ ਜਿਹੀ ਬੜ੍ਹਤ ਮਿਲਣੀ ਤੈਅ ਹੈ।