Wednesday, 29th of July 2026

‘ਆਪ’ ਵੱਲੋਂ ਵੱਡਾ ਐਕਸ਼ਨ! ਆਹ ਆਗੂਆਂ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਸੂਬਾ ਮੀਤ ਪ੍ਰਧਾਨ ਸਣੇ ਨਵੇਂ ਹਲਕਾ ਇੰਚਾਰਜਾਂ ਦਾ ਐਲਾਨ

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਜਗਰੂਪ ਸਿੰਘ ਸੇਖਵਾਂ ਨੂੰ ਸੂਬਾ ਮੀਤ ਪ੍ਰਧਾਨ, ਜਦਕਿ ਵਨੀਤ ਧੀਰ, ਜੋਬਨ ਰੰਧਾਵਾ ਅਤੇ ਜਸਾ ਪੱਟੀ ਨੂੰ ਹਲਕਾ ਇੰਚਾਰਜ ਬਣਾਇਆ ਗਿਆ ਹੈ। ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਬਣੇ ਜੋਬਨ ਰੰਧਾਵਾ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਗੜ੍ਹ ਨੂੰ ਤੋੜ ਕੇ ਸੀਟ 'ਆਪ' ਦੀ ਝੋਲੀ ਵਿੱਚ ਪਾਉਣ ਦਾ ਦਾਅਵਾ ਕੀਤਾ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।

Edited By: Lajwinder Kaur | Updated at: July 29th 2026 02:12 PM
Trending News
‘ਆਪ’ ਵੱਲੋਂ ਵੱਡਾ ਐਕਸ਼ਨ! ਆਹ ਆਗੂਆਂ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਸੂਬਾ ਮੀਤ ਪ੍ਰਧਾਨ ਸਣੇ ਨਵੇਂ ਹਲਕਾ ਇੰਚਾਰਜਾਂ ਦਾ ਐਲਾਨ

‘ਆਪ’ ਵੱਲੋਂ ਵੱਡਾ ਐਕਸ਼ਨ! ਆਹ ਆਗੂਆਂ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਸੂਬਾ ਮੀਤ ਪ੍ਰਧਾਨ ਸਣੇ ਨਵੇਂ ਹਲਕਾ ਇੰਚਾਰਜਾਂ ਦਾ ਐਲਾਨ

ਪੰਜਾਬ ਵਿੱਚ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ (ਆਪ) ਨੇ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵੱਡਾ ਫ਼ੈਸਲਾ ਲੈਂਦਿਆਂ ਸੂਬਾ ਪੱਧਰ 'ਤੇ ਨਵੀਆਂ ਨਿਯੁਕਤੀਆਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ ਨਵੀਂ ਸੂਚੀ ਵਿੱਚ ਕਈ ਪ੍ਰਮੁੱਖ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਨਵੀਆਂ ਨਿਯੁਕਤੀਆਂ ਦੇ ਵੇਰਵੇ

ਆਮ ਆਦਮੀ ਪਾਰਟੀ ਨੇ ਆਪਣੇ ਸੰਗਠਨ ਵਿੱਚ ਵਾਧਾ ਕਰਦਿਆਂ ਜਗਰੂਪ ਸਿੰਘ ਸੇਖਵਾਂ ਨੂੰ ਪਾਰਟੀ ਦਾ ਸੂਬਾ ਮੀਤ ਪ੍ਰਧਾਨ (Vice President) ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਪਾਰਟੀ ਨੇ ਵਨੀਤ ਧੀਰ, ਜੋਬਨ ਰੰਧਾਵਾ ਅਤੇ ਜਸਾ ਪੱਟੀ ਨੂੰ ਵੱਖ-ਵੱਖ ਹਲਕਿਆਂ ਵਿੱਚ ਹਲਕਾ ਇੰਚਾਰਜ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਹੈ।

ਜਗਰੂਪ ਸਿੰਘ ਸੇਖਵਾਂ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਪਾਰਟੀ ਦਾ ਧੰਨਵਾਦ ਕਰਦੇ ਹੋਏ ਲਿਖਿਆ ਹੈ- ‘‘ਮਾਣਯੋਗ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ,ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਜੀ,ਪੰਜਾਬ ਪ੍ਰਧਾਨ ਅਮਨ ਅਰੋੜਾ ਜੀ ਅਤੇ ਸਮੁੱਚੀ ਆਮ ਆਦਮੀ ਪਾਰਟੀ ਲੀਡਰਸ਼ਿਪ ਦਾ ਮੇਰੇ ਉੱਤੇ ਵਿਸ਼ਵਾਸ ਜਤਾਉਂਦਿਆਂ ਮੈਨੂੰ ਸੂਬਾ ਉੱਪ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਣ ਲਈ ਦਿਲੋਂ ਧੰਨਵਾਦ। ਮੈਂ ਇਹ ਯਕੀਨ ਦਿਵਾਉਂਦਾ ਹਾਂ ਕਿ ਤੁਹਾਡੇ ਇਸ ਭਰੋਸੇ ’ਤੇ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਖ਼ਰਾ ਉਤਰਾਂਗਾ।’’

ਜੋਬਨ ਰੰਧਾਵਾ ਨੂੰ ਫਤਿਹਗੜ੍ਹ ਚੂੜੀਆਂ ਦਾ ਇੰਚਾਰਜ ਬਣਾਉਣ 'ਤੇ ਖ਼ੁਸ਼ੀ ਦੀ ਲਹਿਰ

ਮੰਗਲਵਾਰ (28 ਜੁਲਾਈ) ਵਾਲੇ ਦਿਨ ਜਾਰੀ ਹੋਈ ਇਸ ਸੂਚੀ ਤਹਿਤ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਜੋਬਨ ਰੰਧਾਵਾ ਨੂੰ ਹਲਕਾ ਫਤਿਹਗੜ੍ਹ ਚੂੜੀਆਂ ਦਾ ਇੰਚਾਰਜ ਥਾਪਿਆ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਜੋਬਨ ਰੰਧਾਵਾ ਦੇ ਦਫ਼ਤਰ ਵਿਖੇ ਉਨ੍ਹਾਂ ਨੂੰ ਵਧਾਈ ਦੇਣ ਵਾਲੇ ਸਮਰਥਕਾਂ ਅਤੇ ਪਾਰਟੀ ਆਗੂਆਂ ਦਾ ਭਾਰੀ ਇਕੱਠ ਦੇਖਣ ਨੂੰ ਮਿਲ ਰਿਹਾ ਹੈ।

ਕਾਂਗਰਸ ਦੇ ਗੜ੍ਹ ਨੂੰ ਤੋੜਨ ਦਾ ਦਾਅਵਾ

ਇਸ ਮੌਕੇ ਗੱਲਬਾਤ ਕਰਦਿਆਂ ਨਿਯੁਕਤ ਕੀਤੇ ਗਏ ਹਲਕਾ ਇੰਚਾਰਜ ਜੋਬਨ ਰੰਧਾਵਾ ਨੇ ਸਭ ਤੋਂ ਪਹਿਲਾਂ ਪਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ ਅਤੇ ਨਾਲ ਹੀ ਪਾਰਟੀ ਦੇ ਉੱਚ ਆਗੂਆਂ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਬੇਬਾਕ ਹੋ ਕੇ ਆਖਿਆ ਕਿ ਭਾਵੇਂ ਹਲਕਾ ਫਤਿਹਗੜ੍ਹ ਚੂੜੀਆਂ ਨੂੰ ਲੰਬੇ ਸਮੇਂ ਤੋਂ ਵਿਰੋਧੀ ਧਿਰ ਯਾਨੀ ਕਾਂਗਰਸ ਪਾਰਟੀ ਦਾ ਗੜ੍ਹ ਮੰਨਿਆ ਜਾਂਦਾ ਰਿਹਾ ਹੈ, ਪਰ ਇਸ ਵਾਰ ਪਾਰਟੀ ਦੇ ਨੌਜਵਾਨ ਆਗੂ ਅਤੇ ਵਰਕਰ ਮਿਲ ਕੇ ਇਸ ਗੜ੍ਹ ਨੂੰ ਪੂਰੀ ਤਰ੍ਹਾਂ ਤੋੜ ਦੇਣਗੇ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਸੀਟ ਨੂੰ ਜਿੱਤ ਕੇ 'ਆਪ' ਦੀ ਝੋਲੀ ਵਿੱਚ ਪਾਉਣਗੇ।

ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਹੱਲ

ਜੋਬਨ ਰੰਧਾਵਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੇ ਜਿੰਨੇ ਵੀ ਅਧੂਰੇ ਪਏ ਕੰਮ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਵਾਇਆ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਖ਼ੁਦ ਹਰ ਵਿਅਕਤੀ ਦੇ ਘਰ ਜਾ ਕੇ ਉਨ੍ਹਾਂ ਨੂੰ ਬਣਦਾ ਮਾਨ-ਸਤਿਕਾਰ ਦੇਣਗੇ। ਲੋਕਾਂ ਦੀਆਂ ਮੁਸ਼ਕਿਲਾਂ ਨੂੰ ਨੇੜਿਓਂ ਸੁਣਿਆ ਜਾਵੇਗਾ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ, ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਪਾਰਟੀ ਦਾ ਝੰਡਾ ਹੋਰ ਵੀ ਬੁਲੰਦ ਕੀਤਾ ਜਾ ਸਕਦਾ ਹੈ।

Punjabi Shorts

Latest News