Trending:
ਅੰਮ੍ਰਿਤਸਰ ‘ਚ ਹੋਏ ਆਮ ਆਦਮੀ ਪਾਰਟੀ ਦੇ ਸਰਪੰਚ ਜਰਮਲ ਸਿੰਘ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਇੱਕ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ‘ਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਤਲ ਤੋਂ ਬਾਅਦ ਛੱਤੀਸਗੜ੍ਹ ਦੇ ਰਾਏਪੁਰ ਸ਼ਹਿਰ ਭੱਜ ਗਏ ਸਨ।
ਪੁਲਿਸ ਮੁਤਾਬਕ ਦੋਵੇਂ ਸ਼ੂਟਰ ਰਾਏਪੁਰ ਦੇ ਰਾਜੇਂਦਰ ਨਗਰ ਇਲਾਕੇ ‘ਚ ਸਥਿਤ ਰਿਸ਼ਭ ਅਪਾਰਟਮੈਂਟ ਵਿੱਚ ਆਪਣੇ ਰਿਸ਼ਤੇਦਾਰਾਂ ਕੋਲ ਲੁਕੇ ਹੋਏ ਸਨ। ਜਾਂਚ ਦੌਰਾਨ ਤਕਨੀਕੀ ਸਾਧਨਾਂ ਰਾਹੀਂ ਉਨ੍ਹਾਂ ਦੀ ਲੋਕੇਸ਼ਨ ਟਰੇਸ ਕੀਤੀ ਗਈ, ਜਿਸ ਤੋਂ ਬਾਅਦ ਪੁਸ਼ਟੀ ਹੋਣ ‘ਤੇ ਪੁਲਿਸ ਨੇ ਛਾਪੇਮਾਰੀ ਕਰਕੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਪੁਲਿਸ ਸੂਤਰਾਂ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਰਾਜ ਅਤੇ ਕਰਮਵੀਰ ਸਿੰਘ ਵਜੋਂ ਹੋਈ ਹੈ। ਦੋਵੇਂ ਨੂੰ ਰਾਏਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਪੰਜਾਬ ਪੁਲਿਸ ਨੇ ਉਨ੍ਹਾਂ ਦਾ ਟਰਾਂਜ਼ਿਟ ਰਿਮਾਂਡ ਹਾਸਲ ਕਰ ਲਿਆ ਹੈ। ਇਸ ਤੋਂ ਬਾਅਦ ਦੋਵੇਂ ਮੁਲਜ਼ਮਾਂ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ।
ਰਾਏਪੁਰ ਕ੍ਰਾਈਮ ਬ੍ਰਾਂਚ ਦੇ ਡੀਐਸਪੀ ਸੰਜੇ ਸਿੰਘ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ‘ਆਪ’ ਸਰਪੰਚ ਜਰਮਲ ਸਿੰਘ ਦੇ ਕਤਲ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਰਾਏਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੋਵੇਂ ਸ਼ੱਕੀਆਂ ਦੀ ਸਾਜ਼ਿਸ਼ ਅਤੇ ਉਨ੍ਹਾਂ ਦੇ ਨੈੱਟਵਰਕ ਬਾਰੇ ਜਾਂਚ ਜਾਰੀ ਹੈ।
ਜ਼ਿਕਰਯੋਗ ਹੈ ਕਿ 4 ਜਨਵਰੀ ਨੂੰ ਅੰਮ੍ਰਿਤਸਰ ਦੇ ਇੱਕ ਵਿਆਹ ਸਮਾਗਮ ਦੌਰਾਨ ਸਰਪੰਚ ਜਰਮਲ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਮਾਗਮ ਦੌਰਾਨ ਦੋ ਹਮਲਾਵਰਾਂ ਨੇ ਉਨ੍ਹਾਂ ਦੇ ਬਿਲਕੁਲ ਨੇੜੇ ਆ ਕੇ ਸਿਰ ਵਿੱਚ ਗੋਲੀ ਮਾਰ ਦਿੱਤੀ। ਗੰਭੀਰ ਹਾਲਤ ਵਿੱਚ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਫਿਲਹਾਲ, ਪੰਜਾਬ ਪੁਲਿਸ ਵੱਲੋਂ ਦੋਵੇਂ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਕਤਲ ਦੀ ਸਾਜ਼ਿਸ਼ ਨਾਲ ਜੁੜੇ ਹੋਰ ਲੋਕਾਂ ਦੀ ਭਾਲ ਜਾਰੀ ਹੈ।
ਡੀਜੀਪੀ ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਮਾਮਲੇ ‘ਚ ਹੁਣ ਤੱਕ 7 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। 2 ਗ੍ਰਿਫ਼ਤਾਰੀਆਂ ਛੱਤੀਸਗੜ੍ਹ ਤੋਂ, 2 ਮੁਹਾਲੀ ਤੋਂ ਤੇ ਤਰਨਤਾਰਨ ਤੋਂ ਤਿੰਨ ਨੂੰ ਗ੍ਰਿਫ਼ਤਾਰ ਕੀਤਾ ਗਿਆ। ਰਾਏਪੁਰ ਤੋਂ ਗ੍ਰਿਫਤਾਰ ਕੀਤੇ ਮੁਲਜ਼ਮਾਂ ਨੂੰ ਛੱਤੀਸਗੜ੍ਹ ਦੀ ਇੱਕ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ 14 ਦਿਨਾਂ ਦੇ ਟਰਾਂਜ਼ਿਟ ਰਿਮਾਂਡ 'ਤੇ ਪੰਜਾਬ ਲਿਆਂਦਾ ਜਾ ਰਿਹਾ ਹੈ।