ਕਾਂਗਰਸ ਨੂੰ ਵੱਡਾ ਝਟਕਾ, ਬਲਜਿੰਦਰ ਸਿੰਘ ਨੋਨੀ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਸ਼ਾਮਲ, ਵਿਧਾਇਕ ਧਾਲੀਵਾਲ ਨੇ ਕੀਤਾ ਨਿੱਘਾ ਸਵਾਗਤ
ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਕਾ ਅਜਨਾਲਾ ਵਿੱਚ ਸਿਆਸੀ ਪਾਰਾ ਤੇਜ਼ ਹੋ ਗਿਆ ਹੈ। ਇਸੇ ਕੜੀ ਤਹਿਤ ਪਿੰਡ ਲੱਖੂਵਾਲ ਵਿਖੇ ਹੋਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਦਰਜਨਾਂ ਪਰਿਵਾਰਾਂ ਨੇ ਬਲਜਿੰਦਰ ਸਿੰਘ ਨੋਨੀ ਦੀ ਅਗਵਾਈ ਹੇਠ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (ਆਪ) ਦਾ ਪੱਲਾ ਫੜ ਲਿਆ। ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਨਵੇਂ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਸਿਰੋਪਾਓ ਭੇਟ ਕਰਕੇ ਨਿੱਘਾ ਸਵਾਗਤ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕੇ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ 'ਆਪ' ਨਾਲ ਜੁੜ ਰਹੇ ਹਨ। ਉਨ੍ਹਾਂ ਮਸੀਹ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਧਾਲੀਵਾਲ ਨੇ ਪਿੰਡ ਲੱਖੂਵਾਲ ਦੇ ਜੰਝ ਘਰ ਦੀ ਮੁਰੰਮਤ, ਪਾਣੀ ਦੀ ਨਿਕਾਸੀ ਅਤੇ ਗਲੀਆਂ-ਨਾਲੀਆਂ ਦੇ ਅਧੂਰੇ ਪਏ ਕੰਮ ਜਲਦ ਪੂਰੇ ਕਰਵਾਉਣ ਦਾ ਐਲਾਨ ਕੀਤਾ।
ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਿੰਡ ਵਾਸੀਆਂ ਨੇ ਕਿਹਾ ਕਿ ਉਹ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ 'ਆਪ' ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਪੂਰਾ ਪਿੰਡ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਖੜ੍ਹਾ ਦਿਖਾਈ ਦੇਵੇਗਾ।
ਵਿਧਾਇਕ ਧਾਲੀਵਾਲ ਨੇ ਵਿਰੋਧੀ ਪਾਰਟੀਆਂ 'ਤੇ ਤਿੱਖੇ ਨਿਸ਼ਾਨੇ ਸਾਧੇ
ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਧਾਲੀਵਾਲ ਨੇ ਵਿਰੋਧੀ ਪਾਰਟੀਆਂ 'ਤੇ ਤਿੱਖੇ ਨਿਸ਼ਾਨੇ ਸਾਧੇ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵੀ ਗੱਠਜੋੜ ਬਾਰੇ ਟਿੱਪਣੀ ਕਰਦਿਆਂ ਉਨ੍ਹਾਂ ਇਸ ਨੂੰ 'ਗੈਰ-ਸਿਧਾਂਤਕ' ਅਤੇ 'ਸਿਰਫ਼ ਕੁਰਸੀ ਹਾਸਲ ਕਰਨ ਲਈ ਕੀਤਾ ਜਾ ਰਿਹਾ ਸਮਝੌਤਾ' ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਕੋਲ ਹੁਣ ਕੋਈ ਠੋਸ ਨੀਤੀ ਨਹੀਂ ਰਹਿ ਗਈ। ਸਾਬਕਾ ਵਿਧਾਇਕਾਂ ਅਤੇ ਟਿਕਟ ਦੇ ਦਾਅਵੇਦਾਰਾਂ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ "ਜਿਸ ਤਰ੍ਹਾਂ ਫ਼ਸਲ ਦੇ ਸੀਜ਼ਨ ਦੌਰਾਨ ਆੜ੍ਹਤੀਏ ਸਰਗਰਮ ਹੋ ਜਾਂਦੇ ਹਨ, ਉਸੇ ਤਰ੍ਹਾਂ ਇਹ ਆਗੂ ਵੀ ਚੋਣਾਂ ਨੇੜੇ ਆਉਣ 'ਤੇ ਹੀ ਲੋਕਾਂ ਵਿੱਚ ਵਿਚਰਨ ਲੱਗਦੇ ਹਨ।" ਉਨ੍ਹਾਂ ਵਿਰੋਧੀ ਧਿਰ ਨੂੰ ਚੁਣੌਤੀ ਦਿੱਤੀ ਕਿ ਉਹ ਪਿਛਲੇ 50 ਸਾਲਾਂ ਦੌਰਾਨ ਹਲਕੇ ਦੇ ਵਿਕਾਸ ਲਈ ਕੀਤੇ ਗਏ ਕੰਮਾਂ ਦਾ ਰਿਪੋਰਟ ਕਾਰਡ ਲੋਕਾਂ ਸਾਹਮਣੇ ਰੱਖਣ।