ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਪੰਜ ਸਿੰਘ ਸਾਹਿਬਾਨਾਂ ਦੀ ਅਹਿਮ ਇਕੱਤਰਤਾ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਫੈਸਲਾ ਸੁਣਾਉਂਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਵਿਰਸਾ ਸਿੰਘ ਵਲਟੋਹਾ ਨੂੰ ਧਾਰਮਿਕ ਸਜ਼ਾ ਸੁਣਾਈ। ਸਾਬਕਾ ਜਥੇਦਾਰ ਹਰਪ੍ਰੀਤ ਸਿੰਘ ਵਿਰੁੱਧ ਟਿੱਪਣੀਆਂ ਅਤੇ ਜਥੇਦਾਰ ਰਘੁਬੀਰ ਸਿੰਘ ਨਾਲ ਸਬੰਧਤ ਇੱਕ ਆਡੀਓ ਕਲਿੱਪ ਦੇ ਕਥਿਤ ਪ੍ਰਸਾਰਣ ਨੂੰ ਲੈ ਕੇ ਵਲਟੋਹਾ ਵਿਰੁੱਧ ਲਏ ਗਏ ਪਹਿਲਾਂ ਦੇ ਫੈਸਲੇ ਦੀ ਸਮੀਖਿਆ ਕੀਤੀ। ਵਿਚਾਰ-ਵਟਾਂਦਰੇ ਤੋਂ ਬਾਅਦ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਲਟੋਹਾ ’ਤੇ ਸ਼੍ਰੋਮਣੀ ਅਕਾਲੀ ਦਲ ’ਚ 10 ਸਾਲਾਂ ਦੀ ਲਗਾਈ ਗਈ ਪਾਬੰਦੀ ਨੂੰ ਹਟਾਉਣ ਦਾ ਫੈਸਲਾ ਲਿਆ ਹੈ। ਵਲਟੋਹਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਅਤੇ ਮੁਆਫ਼ੀ ਮੰਗਣ ਮਗਰੋਂ ਜਥੇਦਾਰ ਨੇ ਵਲਟੋਹਾ ਦੀ ਮੁਆਫ਼ੀ ਕਬੂਲ ਕੀਤੀ ਅਤੇ ਧਾਰਮਿਕ ਸਜ਼ਾ ਲਗਾਉਂਦੇ ਹੋਏ 3 ਦਿਨ ਸ੍ਰੀ ਦਰਬਾਰ ਸਾਹਿਬ ’ਚ ਜੂਠੇ ਭਾਂਡੇ ਮਾਂਜਣ ਦੀ ਸਜ਼ਾ ਦੇ ਨਾਲ ਇੱਕ ਘੰਟਾ ਸੰਗਤ ਦੇ ਜੋੜੇ ਝਾੜਨ ਦੀ ਸੇਵਾ ਲਗਾਈ। ਇਸ ਦੇ ਨਾਲ ਹੀ 11 ਦਿਨ ਰੋਜ਼ਾਨਾ ਗੁਰਬਾਣੀ ਦਾ ਜਾਪ ਕਰਨ ਅਤੇ ਸਜ਼ਾ ਪੂਰੀ ਹੋਣ ਮਗਰੋਂ 1100 ਰੁਪਏ ਦੀ ਦੇਗ ਅਤੇ 1100 ਰੁਪਏ ਗੋਲਕ ’ਚ ਪਾਉਣ ਦੇ ਵੀ ਹੁਕਮ ਸੁਣਾਏ।