ਕੇਂਦਰ ਸਰਕਾਰ ਵੱਲੋਂ 'ਵੀਰ ਬਾਲ ਦਿਵਸ' 'ਤੇ ਜਾਰੀ ਕੀਤੇ ਗਏ ਪੋਸਟਰ ਦਾ ਅਕਾਲੀ ਦਲ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਸਖ਼ਤ ਵਿਰੋਧ ਕੀਤਾ ਹੈ। ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ 'ਤੇ ਪੋਸਟਰ ਸਾਂਝਾ ਕਰਦਿਆਂ ਲਿਖਿਆ- ਕੇਂਦਰ ਸਰਕਾਰ ਵੱਲੋਂ ਪਹਿਲਾਂ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦੀ ਅਣਦੇਖੀ ਕਰਕੇ ਅਤੇ ਸਿੱਖ ਮਰਿਆਦਾ ਵਿਰੁੱਧ ਚੱਲ ਕੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਧੰਨ ਧੰਨ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਧੰਨ ਧੰਨ ਬਾਬਾ ਫਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਿਹਾੜੇ ਦਾ ਨਾਂਅ 'ਵੀਰ ਬਾਲ ਦਿਵਸ' ਰੱਖਿਆ ਗਿਆ।
ਹੁਣ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਿਹਾੜੇ ਨੂੰ ਗੈਰ ਸਿੱਖ ਵਿਚਾਰਧਾਰਾ ਨਾਲ ਜੋੜ ਕੇ ਪੇਸ਼ ਕਰਨ ਦਾ ਜੋ ਕੋਝਾ ਯਤਨ ਕੀਤਾ ਜਾ ਰਿਹਾ ਹੈ, ਇਹ ਬਹੁਤ ਹੀ ਮੰਦਭਾਗਾ ਤੇ ਨਿੰਦਣਯੋਗ ਹੈ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਜਿਹਾ ਪ੍ਰਚਾਰ ਸਿੱਖ ਸਿਧਾਂਤਾਂ ’ਤੇ ਸਿੱਧਾ ਹਮਲਾ ਹੈ ਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ। ਕੇਂਦਰ ਸਰਕਾਰ ਤੁਰੰਤ ਅਜਿਹੇ ਗੁਮਰਾਹਕੁੰਨ ਪ੍ਰਚਾਰ ਨੂੰ ਬੰਦ ਕਰੇ ਅਤੇ ਅਜਿਹੇ ਪ੍ਰੋਗਰਾਮਾਂ ਉੱਪਰ ਪੂਰਨ ਪਾਬੰਦੀ ਲਗਾਈ ਜਾਵੇ। ਦੱਸ ਦਈਏ ਕਿ ਪੋਸਟਰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਜਾਰੀ ਕੀਤਾ ਗਿਆ ਸੀ।