Trending:
ਪੰਜਾਬ ਕਾਂਗਰਸ ਪ੍ਰਧਾਨ ਤੇ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕਾਂਗਰਸੀ ਆਗੂ ਰਾਜਬੀਰ ਸਿੰਘ ਭੁੱਲਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਭੁੱਲਰ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਮੁਤਾਬਿਕ ਅੱਤਵਾਦੀ ਰਿੰਦਾ ਸਣੇ 2 ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਭੁੱਲਰ ਦੀ ਸ਼ਿਕਾਇਤ ਮੁਤਾਬਿਕ 31 ਅਕਤੂਬਰ ਦੇ ਮੋਬਾਈਲ ਫੋਨ 'ਤੇ ਇੱਕ ਵਿਦੇਸ਼ੀ ਨੰਬਰ ਤੋਂ ਫੋਨ ਕਰਨ ਵਾਲੇ ਨੇ ਖੁਦ ਨੂੰ ਹਰਵਿੰਦਰ ਰਿੰਦਾ ਦੱਸਦੇ ਹੋਏ ਕਿਹਾ ਕਿ "ਅਸੀਂ ਰਾਜਾ ਵੜਿੰਗ ਨੂੰ ਤਾਂ ਮਾਰਨਾ ਹੀ ਹੈ, ਤੈਨੂੰ (ਰਾਜਵੀਰ ਨੂੰ) ਵੀ ਨਹੀਂ ਛੱਡਾਂਗੇ।"
ਰਾਜਬੀਰ ਸਿੰਘ ਭੁੱਲਰ, ਜੋ ਤਰਨਤਾਰਨ ਵਿਧਾਨਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਵੀ ਸੀ,ਨੂੰ ਧਮਕੀ ਦੇਕੇ ਚੋਣ ਪ੍ਰਚਾਰ ਤੋਂ ਦੂਰ ਰਹਿਣ ਦੀ ਚਿਤਾਵਨੀ ਦਿੱਤੀ ਗਈ। ਭੁੱਲਰ ਨੇ ਐੱਸਐੱਸਪੀ ਨੂੰ ਸ਼ਿਕਾਇਤ ਕਰਕੇ ਸੁਰੱਖਿਆ ਦੀ ਮੰਗ ਕੀਤੀ ਹੈ।
ਤਰਨਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਹਰਵਿੰਦਰ ਸਿੰਘ ਰਿੰਦਾ ਲੰਬੇ ਸਮੇਂ ਤੋਂ ਪਾਕਿਸਤਾਨ ਵਿੱਚ ਰਹਿ ਰਿਹਾ ਹੈ ਅਤੇ ਉਹ ਆਈਐਸਆਈ ਦੇ ਨਿਰਦੇਸ਼ਾਂ 'ਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਹੈ। ਤਕਰੀਬਨ ਡੇਢ ਸਾਲ ਪਹਿਲਾਂ ਰਾਜਬੀਰ ਸਿੰਘ ਭੁੱਲਰ ਤੋਂ ਇੱਕ ਵਿਦੇਸ਼ੀ ਫੋਨ ਨੰਬਰ ਤੋਂ ਫਿਰੌਤੀ ਮੰਗੀ ਗਈ ਸੀ। ਜਿਸ ਤੋਂ ਬਾਅਦ ਭੁੱਲਰ ਨੂੰ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ। ਸਿਟੀ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੋਵਾਂ ਆਗੂਆਂ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਜਾ ਰਹੀ ਹੈ।