ਪਾਰਲੀਮੈਂਟ ਦੇ ਸਰਦ ਰੁੱਤ ਸੈਸ਼ਨ ਕੱਲ ਸਮਾਪਤ ਹੋ ਜਾਵੇਗਾ। ਇਸ ਦੌਰਾਨ ਸੰਸਦ ਮੈਂਬਰਾਂ ਨੇ ਆਪਣੇ-ਆਪਣੇ ਹਲਕੇ ਦੇ ਮੁੱਦਿਆਂ ਨੂੰ ਚੁੱਕਿਆ। ਪੰਜਾਬ ਦਾ ਹਲਕਾ ਖਡੂਰ ਸਾਹਿਬ ਜਿੱਥੋ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ 'ਚ ਬੈਠੇ ਹੋਏ ਵੀ ਰਿਕਾਰਡ ਵੋਟਾਂ ਨਾਲ ਜਿੱਤ ਦਰਜ ਕੀਤੀ ਸੀ, ਨੂੰ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਨਹੀਂ ਮਿਲੀ। ਦਰਅਸਰ NSA ਤਹਿਤ ਅਸਾਮ ਦੀ ਡਿਬੜੂਗੜ੍ਹ ਜੇਲ੍ਹ ਵਿੱਚ ਬੰਦ MP ਅੰਮ੍ਰਿਤਪਾਲ ਸਿੰਘ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾ ਕੇ ਪੈਰੋਲ ਦੀ ਮੰਗ ਕਰਦਿਆਂ ਕਿਹਾ ਸੀ ਕਿ ਉਹ ਆਪਣੇ ਹਲਕੇ ਦੇ ਮੁੱਦੇ ਪਾਰਲੀਮੈਂਟ ਵਿੱਚ ਚੁੱਕਣਾ ਚਾਹੁੰਦੇ ਹਨ। ਇਸ ਦੌਰਾਨ ਪੰਜਾਬ ਸਰਕਾਰ ਨੇ ਤਾਂ ਹਾਈ ਕੋਰਟ ਵਿੱਚ ਦਲੀਲ ਦਿੱਤੀ ਸੀ ਕਿ MP ਅੰਮ੍ਰਿਤਪਾਲ ਸਿੰਘ ਸੁਰੱਖਿਆ ਲਈ ਖਤਰਾ ਹੈ, ਇਸ ਤੋਂ ਬਾਅਦ ਪਟੀਸ਼ਨ 'ਤੇ ਅੱਜ ਸੁਣਵਾਈ ਹੋਈ ਤਾਂ ਹਾਈ ਕੋਰਟ ਨੇ ਸਾਫ ਕਹਿ ਦਿੱਤਾ ਕਿ ਹੁਣ ਪੈਰੋਲ ਦੀ ਪਟੀਸ਼ਨ ਕਰੀਬ-ਕਰੀਬ ਬੇਕਾਰ ਹੈ ਕਿਉਂਕਿ ਕੱਲ ਸੈਸ਼ਨ ਸਮਾਪਤ ਹੋ ਰਿਹਾ ਹੈ।
ਇਸ ਦੇ ਨਾਲ ਹੀ MP ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲਣ ਦੀਆਂ ਸੰਭਾਵਨਾਵਾਂ 'ਤੇ ਵਿਰਾਮ ਲੱਗ ਗਿਆ ਅਤੇ ਉਸ ਦੇ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਲੱਗਿਆ। ਇਸ ਦੌਰਾਨ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਬੈਂਚ ਨੇ ਕਿਹਾ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਦੀ ਪੈਰੋਲ ਦੀ ਅਰਜ਼ੀ "ਲਗਭਗ ਬੇਕਾਰ" ਹੋ ਗਈ ਹੈ। ਚੀਫ਼ ਜਸਟਿਸ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੇ ਬੈਂਚ ਨੇ ਕਿਹਾ ਕਿ ਵਕੀਲਾਂ ਦੀ ਹੜਤਾਲ ਕਾਰਨ ਦਲੀਲਾਂ ਪੂਰੀਆਂ ਨਹੀਂ ਕੀਤੀਆਂ ਜਾ ਸਕੀਆਂ ਅਤੇ ਕੱਲ੍ਹ ਸਰਦ ਰੁੱਤ ਸੈਸ਼ਨ ਦਾ ਆਖਰੀ ਦਿਨ ਹੈ, ਅਜਿਹੇ ਵਿੱਚ ਪਟੀਸ਼ਨ ਦਾ ਕੋਈ ਅਧਾਰ ਨਹੀਂ ਰਹਿ ਜਾਂਦਾ।