ਅੰਮ੍ਰਿਤਸਰ: ਸ਼ਹਿਰ ਵਿੱਚ ਇੱਕ ਦਰਦਨਾਕ ਹਾਦਸੇ ਦੌਰਾਨ ਦੇਰ ਰਾਤ ਇੱਕ ਮਕਾਨ ਵਿੱਚ ਭਿਆਨਕ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਲੋਹੜੀ ਦੇ ਤਿਉਹਾਰ ਮੌਕੇ ਜਲਾਈ ਗਈ ਧੂਣੀ ਤੋਂ ਨਿਕਲੀ ਚਿੰਗਾਰੀ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਅੱਗ ਲੱਗਣ ਦੀ ਘਟਨਾ ਰਾਤ ਕਰੀਬ ਇੱਕ ਵਜੇ ਦੀ ਹੈ, ਜਿਸ ਨੇ ਕੁਝ ਹੀ ਮਿੰਟਾਂ ਵਿੱਚ ਭਿਆਨਕ ਰੂਪ ਧਾਰ ਲਿਆ।
ਜਾਣੋ ਕੀ ਹੈ ਪੂਰਾ ਮਾਮਲਾ
ਜਾਣਕਾਰੀ ਮੁਤਾਬਕ ਅੱਗ ਉਸ ਸਮੇਂ ਲੱਗੀ ਜਦੋਂ ਘਰ ਦੇ ਵਿਹੜੇ ਵਿੱਚ ਲੋਹੜੀ ਦੀ ਧੂਣੀ ਜਲਾਈ ਗਈ ਸੀ। ਤੇਜ਼ ਹਵਾ ਕਾਰਨ ਧੂਣੀ ਤੋਂ ਨਿਕਲੀਆਂ ਚਿੰਗਾਰੀਆਂ ਨੇ ਘਰ ਦੇ ਅੰਦਰ ਪਏ ਸਮਾਨ ਨੂੰ ਅੱਗ ਲਾ ਦਿੱਤੀ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਘਰ ਵਿੱਚ ਮੌਜੂਦ ਲੋਕਾਂ ਨੂੰ ਸੰਭਲਣ ਦਾ ਮੌਕਾ ਨਹੀਂ ਮਿਲਿਆ। ਇਸ ਹਾਦਸੇ ਵਿੱਚ ਇੱਕ ਬੁਜ਼ੁਰਗ ਪਿਤਾ ਖਜਾਨ ਸਿੰਘ (86) ਅਤੇ ਉਸ ਦੀ ਦਿਵਿਆੰਗ ਧੀ ਨਵਦੀਪ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਹਾਦਸੇ ਵਿੱਚ ਦੋ ਲੋਕਾਂ ਦੀ ਮੌਤ
ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਵਿਭਾਗ ਦੀਆਂ 7 ਤੋਂ 8 ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਜਾ ਸਕਿਆ। ਫਾਇਰ ਕਰਮਚਾਰੀਆਂ ਨੇ ਘਰ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ, ਪਰ ਦੋਵਾਂ ਦੀ ਜਾਨ ਨਹੀਂ ਬਚਾਈ ਜਾ ਸਕੀ। ਅੱਗ ਕਾਰਨ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਇਲਾਕੇ ਵਿੱਚ ਸੋਗ ਦੀ ਲਹਿਰ
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਤਿਉਹਾਰਾਂ ਦੌਰਾਨ ਅੱਗ ਨਾਲ ਸਬੰਧਤ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਅਜਿਹੇ ਦਰਦਨਾਕ ਹਾਦਸਿਆਂ ਤੋਂ ਬਚਿਆ ਜਾ ਸਕੇ। ਇਸ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।