ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਅਤੇ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਦਲਵਿੰਦਰਜੀਤ ਸਿੰਘ ਨੇ ਧਾਰਮਿਕ ਸਮਾਗਮਾਂ ਵਾਲੇ ਸਥਾਨਾਂ ਦੇ ਆਲੇ-ਦੁਆਲੇ 500 ਮੀਟਰ ਦੇ ਘੇਰੇ ਵਿੱਚ ਸ਼ਰਾਬ ਦੇ ਠੇਕੇ ਅਤੇ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ।ਜਾਰੀ ਹੁਕਮਾਂ ਅਨੁਸਾਰ, 26 ਅਕਤੂਬਰ 2026 ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਰੂਟ 'ਤੇ ਆਉਣ ਵਾਲੇ ਸ਼ਰਾਬ ਦੇ ਠੇਕੇ ਅਤੇ ਦੁਕਾਨਾਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ, 26 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਅਤੇ 27 ਅਕਤੂਬਰ ਨੂੰ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ 500 ਮੀਟਰ ਦੇ ਘੇਰੇ ਵਿੱਚ ਵੀ ਇਹ ਪਾਬੰਦੀ ਲਾਗੂ ਰਹੇਗੀ।ਸਿਗਰਟ, ਤੰਬਾਕੂ, ਮੀਟ ਅਤੇ ਅੰਡੇ ਦੀਆਂ ਦੁਕਾਨਾਂ ਵੀ ਰਹਿਣਗੀਆਂ ਬੰਦਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਸ਼ਰਾਬ ਦੇ ਠੇਕਿਆਂ ਤੋਂ ਇਲਾਵਾ ਸਿਗਰਟ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੇ ਨਾਲ-ਨਾਲ ਮੀਟ ਅਤੇ ਅੰਡੇ ਦੀਆਂ ਦੁਕਾਨਾਂ ਨੂੰ ਵੀ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਹੁਕਮ ਨਿਰਧਾਰਤ ਧਾਰਮਿਕ ਸਥਾਨਾਂ ਦੇ ਆਲੇ-ਦੁਆਲੇ ਅਤੇ ਨਗਰ ਕੀਰਤਨ ਦੇ ਰੂਟ 'ਤੇ ਲਾਗੂ ਹੋਣਗੇ।ਧਾਰਮਿਕ ਜਥੇਬੰਦੀਆਂ ਦੀ ਮੰਗ ਤੋਂ ਬਾਅਦ ਲਿਆ ਫ਼ੈਸਲਾਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ, ਜਨਰਲ ਮੈਨੇਜਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 26 ਅਤੇ 27 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਬੰਦ ਰੱਖਣ ਲਈ ਮੰਗ ਪੱਤਰ ਦਿੱਤਾ ਗਿਆ ਸੀ।ਇਸੇ ਤਰ੍ਹਾਂ, ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਮੌਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਵੀ 26 ਅਕਤੂਬਰ ਨੂੰ ਡਰਾਈ ਡੇਅ ਐਲਾਨਣ ਅਤੇ ਸ਼ਰਾਬ, ਮੀਟ ਤੇ ਅੰਡੇ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ ਕੀਤੀ ਗਈ ਸੀ। ਇਨ੍ਹਾਂ ਮੰਗਾਂ ਨੂੰ ਸਵੀਕਾਰ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ।