ਅਨਮੋਲ ਗਗਨ ਮਾਨ ਦਾ ਵੱਡਾ ਬਿਆਨ! ਬੋਲੇ-‘ਮੈਂ ਖੁਦ ਚੋਣ ਲੜਨ ਤੋਂ ਕੀਤਾ ਸੀ ਇਨਕਾਰ, ਕੇਜਰੀਵਾਲ ਮੇਰੇ ਫੈਸਲੇ ਤੋਂ ਖੁਸ਼ ਨਹੀਂ’
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ (AAP) ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਨ ਤੋਂ ਬਾਅਦ ਪਾਰਟੀ ਵਿੱਚ ਹਲਚਲ ਤੇਜ਼ ਹੋ ਗਈ ਹੈ। ਖਰੜ ਤੋਂ ਟਿਕਟ ਨਾ ਮਿਲਣ ਬਾਰੇ ਵਿਧਾਇਕ ਅਨਮੋਲ ਗਗਨ ਮਾਨ ਨੇ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖੁਦ ਚੋਣ ਲੜਨ ਤੋਂ ਇਨਕਾਰ ਕੀਤਾ ਸੀ ਅਤੇ ਇਸ ਬਾਰੇ ਅਰਵਿੰਦ ਕੇਜਰੀਵਾਲ ਨੂੰ ਪਹਿਲਾਂ ਹੀ ਦੱਸ ਦਿੱਤਾ ਸੀ। ਉਨ੍ਹਾਂ ਮੁਤਾਬਕ ਕੇਜਰੀਵਾਲ ਉਨ੍ਹਾਂ ਦੇ ਇਸ ਫੈਸਲੇ ਤੋਂ ਖੁਸ਼ ਨਹੀਂ ਸਨ।
ਦੂਜੇ ਪਾਸੇ, ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਤੋਂ ਅਦਾਕਾਰਾ ਸੋਨੀਆ ਮਾਨ ਨੂੰ ਟਿਕਟ ਦੇਣ ਦੇ ਵਿਰੋਧ ਵਿੱਚ ਤਿੰਨ ਆਗੂਆਂ ਨੇ ਆਮ ਆਦਮੀ ਪਾਰਟੀ ਛੱਡ ਦਿੱਤੀ ਹੈ। ਇਨ੍ਹਾਂ ਵਿੱਚ ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਸੁਖਦੀਪ ਸਿੰਘ ਛੀਨਾ, ਹਲਕਾ ਸੰਗਠਨ ਇੰਚਾਰਜ ਰਾਜਬੀਰ ਸਿੰਘ ਛੀਨਾ ਅਤੇ ਐੱਸ.ਸੀ. ਵਿੰਗ ਦੇ ਕੋਆਰਡੀਨੇਟਰ ਗੁਰਦੇਵ ਸਿੰਘ ਜੋਬਨ ਝੰਜੋਟੀ ਸ਼ਾਮਲ ਹਨ।
ਇਸ ਤੋਂ ਇਲਾਵਾ ਰੋਪੜ ਦੇ ਹਲਕਾ ਚਮਕੌਰ ਸਾਹਿਬ ਤੋਂ ਮੌਜੂਦਾ ਵਿਧਾਇਕ ਡਾ. ਚਰਨਜੀਤ ਸਿੰਘ ਵੀ ਟਿਕਟ ਕੱਟੇ ਜਾਣ ਕਾਰਨ ਨਾਰਾਜ਼ ਦੱਸੇ ਜਾ ਰਹੇ ਹਨ। ਉਨ੍ਹਾਂ ਦੇ ਵੀ ਪਾਰਟੀ ਛੱਡਣ ਦੀਆਂ ਚਰਚਾਵਾਂ ਹਨ।
ਖੁੱਡੀਆਂ ਬੋਲੇ- ਪਾਰਟੀ ਦਾ ਫੈਸਲਾ ਸਿਰ ਮੱਥੇ
ਲੰਬੀ ਵਿਧਾਨ ਸਭਾ ਹਲਕੇ ਤੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਥਾਂ ਉਨ੍ਹਾਂ ਦੇ ਭਤੀਜੇ ਰਣਧੀਰ ਸਿੰਘ ਧੀਰ ਖੁੱਡੀਆਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਟਿਕਟ ਕੱਟੇ ਜਾਣ ਤੋਂ ਬਾਅਦ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਾਰਟੀ ਦਾ ਫੈਸਲਾ ਉਨ੍ਹਾਂ ਨੂੰ ਮਨਜ਼ੂਰ ਹੈ।
ਉਨ੍ਹਾਂ ਕਿਹਾ ਕਿ ਹੁਣ ਉਹ ਆਪਣੇ ਭਤੀਜੇ ਦੀ ਜਿੱਤ ਲਈ ਲੰਬੀ ਹਲਕੇ ਵਿੱਚ ਪੂਰੀ ਤਾਕਤ ਨਾਲ ਚੋਣ ਪ੍ਰਚਾਰ ਕਰਨਗੇ।
ਚੋਣ ਨਾ ਲੜਨ ਦਾ ਫੈਸਲਾ ਮੇਰਾ ਆਪਣਾ ਸੀ: ਅਨਮੋਲ ਗਗਨ ਮਾਨ
ਵਿਧਾਇਕ ਅਨਮੋਲ ਗਗਨ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਚੁੱਪ ਰਹਿਣ ਕਾਰਨ ਚੋਣ ਨਾ ਲੜਨ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 5 ਅਗਸਤ 2026 ਨੂੰ ਦੁਪਹਿਰ 12 ਵਜੇ ਉਨ੍ਹਾਂ ਨੇ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਨੂੰ ਸਾਫ਼ ਕਹਿ ਦਿੱਤਾ ਸੀ ਕਿ ਉਹ ਚੋਣ ਨਹੀਂ ਲੜਨਾ ਚਾਹੁੰਦੇ।
ਅਨਮੋਲ ਗਗਨ ਮਾਨ ਮੁਤਾਬਕ ਕੇਜਰੀਵਾਲ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਲੋਕਾਂ ਨੂੰ ਦੱਸ ਦੇਣ ਕਿ ਪਾਰਟੀ ਨੇ ਉਨ੍ਹਾਂ ਦੀ ਟਿਕਟ ਨਹੀਂ ਕੱਟੀ, ਸਗੋਂ ਇਹ ਉਨ੍ਹਾਂ ਦਾ ਆਪਣਾ ਫੈਸਲਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਰਵਿੰਦ ਕੇਜਰੀਵਾਲ ਉਨ੍ਹਾਂ ਦੇ ਇਸ ਫੈਸਲੇ ਤੋਂ ਖੁਸ਼ ਨਹੀਂ ਸਨ, ਪਰ ਚੋਣ ਨਾ ਲੜਨ ਦਾ ਫੈਸਲਾ ਉਨ੍ਹਾਂ ਨੇ ਖੁਦ ਲਿਆ ਸੀ।