Wednesday, 29th of April 2026

ਪੰਜਾਬ 'ਚ ਮੌਸਮ ਨੇ ਲਈ ਕਰਵਟ: ਮੀਂਹ ਤੇ ਤੇਜ਼ ਹਵਾਵਾਂ ਨਾਲ ਤਾਪਮਾਨ 'ਚ ਭਾਰੀ ਗਿਰਾਵਟ, 2 ਮਈ ਤੋਂ ਫਿਰ ਬਦਲੇਗਾ ਮਿਜ਼ਾਜ

By: GTC News Desk | Edited By: Lajwinder Kaur | Updated at: April 29th 2026 09:28 AM
ਪੰਜਾਬ 'ਚ ਮੌਸਮ ਨੇ ਲਈ ਕਰਵਟ: ਮੀਂਹ ਤੇ ਤੇਜ਼ ਹਵਾਵਾਂ ਨਾਲ ਤਾਪਮਾਨ 'ਚ ਭਾਰੀ ਗਿਰਾਵਟ, 2 ਮਈ ਤੋਂ ਫਿਰ ਬਦਲੇਗਾ ਮਿਜ਼ਾਜ

ਪੰਜਾਬ 'ਚ ਮੌਸਮ ਨੇ ਲਈ ਕਰਵਟ: ਮੀਂਹ ਤੇ ਤੇਜ਼ ਹਵਾਵਾਂ ਨਾਲ ਤਾਪਮਾਨ 'ਚ ਭਾਰੀ ਗਿਰਾਵਟ, 2 ਮਈ ਤੋਂ ਫਿਰ ਬਦਲੇਗਾ ਮਿਜ਼ਾਜ

ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਮੰਗਲਵਾਰ ਨੂੰ ਤੇਜ਼ ਹਵਾਵਾਂ ਦੇ ਨਾਲ ਹੋਈ ਹਲਕੀ ਬਾਰਿਸ਼ ਕਾਰਨ ਸੂਬੇ ਦੇ ਤਾਪਮਾਨ ਵਿੱਚ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਬਦਲਾਅ ਨਾਲ ਹੁਣ ਤਾਪਮਾਨ ਆਮ ਨਾਲੋਂ 3.2 ਡਿਗਰੀ ਹੇਠਾਂ ਪਹੁੰਚ ਗਿਆ ਹੈ, ਜਿਸ ਨਾਲ ਮੌਸਮ ਖੁਸ਼ਨੁਮਾ ਹੋ ਗਿਆ ਹੈ। ਦੱਸ ਦਈਏ ਇਸ ਵਾਰ ਭਿਸ਼ਨ ਗਰਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਜਿਸ ਦਾ ਪਤਾ ਇਸ ਸਾਲ ਅਪ੍ਰੈਲ ਮਹੀਨੇ ਦੇ ਵਿੱਚ ਹੀ ਪੈ ਰਹੀ ਅੱਤ ਦੀ ਗਰਮੀ ਤੋਂ ਹੀ ਚੱਲ ਰਿਹਾ ਹੈ।

'ਔਰੇਂਜ ਅਲਰਟ' ਜਾਰੀ

ਮੌਸਮ ਵਿਭਾਗ ਨੇ ਅੱਜ ਅਤੇ ਭਲਕੇ ਲਈ ਵੀ 'ਔਰੇਂਜ ਅਲਰਟ' ਜਾਰੀ ਕੀਤਾ ਹੈ, ਜਿਸ ਦੇ ਤਹਿਤ ਪੰਜਾਬ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਮੀਂਹ ਪਵੇਗਾ। ਇਸ ਤੋਂ ਬਾਅਦ, 1 ਮਈ ਨੂੰ ਪੰਜਾਬ ਵਿੱਚ ਮੁੱਖ ਤੌਰ 'ਤੇ ਮੌਸਮ ਖੁਸ਼ਕ ਰਹੇਗਾ, ਹਾਲਾਂਕਿ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪਰ ਚਿੰਤਾ ਵਾਲੀ ਗੱਲ ਇਹ ਹੈ ਕਿ 2 ਮਈ ਤੋਂ ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਇੱਕ ਵਾਰ ਫਿਰ ਜ਼ਿਆਦਾ ਵਿਗੜਨ ਦੀ ਸੰਭਾਵਨਾ ਹੈ।

 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ

ਮੌਸਮ ਵਿਭਾਗ ਨੇ 2, 3 ਅਤੇ 4 ਮਈ ਲਈ 'ਯੈਲੋ ਅਲਰਟ' ਜਾਰੀ ਕਰ ਦਿੱਤਾ ਹੈ। ਇਸ ਦੌਰਾਨ ਪੰਜਾਬ ਵਿੱਚ ਕਈ ਥਾਵਾਂ 'ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਬੀਤੇ ਦਿਨ ਦੀ ਗੱਲ ਕਰੀਏ ਤਾਂ ਮੰਗਲਵਾਰ ਨੂੰ ਲੁਧਿਆਣਾ ਵਿੱਚ 4.2 ਐਮ.ਐਮ. ਅਤੇ ਪਟਿਆਲਾ ਵਿੱਚ 8.0 ਐਮ.ਐਮ. ਬਾਰਿਸ਼ ਦਰਜ ਕੀਤੀ ਗਈ ਹੈ।

ਪੰਜਾਬ ਦੇ ਪ੍ਰਮੁੱਖ ਸ਼ਹਿਰ

ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਅਬੋਹਰ ਵਿੱਚ 37.6 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਹੋਰਨਾਂ ਸ਼ਹਿਰਾਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 34.1 ਡਿਗਰੀ, ਲੁਧਿਆਣਾ ਵਿੱਚ 34.0 ਡਿਗਰੀ, ਪਟਿਆਲਾ ਵਿੱਚ 36.5 ਡਿਗਰੀ ਅਤੇ ਪਠਾਨਕੋਟ ਵਿੱਚ 32.9 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਫਰੀਦਕੋਟ ਦਾ ਤਾਪਮਾਨ 37.2 ਡਿਗਰੀ, ਗੁਰਦਾਸਪੁਰ ਦਾ 31.5 ਡਿਗਰੀ, ਐਸ.ਬੀ.ਐਸ. ਨਗਰ ਦਾ 30.6 ਡਿਗਰੀ, ਫਿਰੋਜ਼ਪੁਰ ਦਾ 35.5 ਡਿਗਰੀ, ਹੁਸ਼ਿਆਰਪੁਰ ਦਾ 32.5 ਡਿਗਰੀ ਅਤੇ ਰੂਪਨਗਰ ਦਾ ਵੱਧ ਤੋਂ ਵੱਧ ਤਾਪਮਾਨ 33.8 ਡਿਗਰੀ ਰਿਹਾ।

ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 1.8 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਆਮ ਨਾਲੋਂ 3.7 ਡਿਗਰੀ ਵੱਧ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਵਿੱਚ 21 ਡਿਗਰੀ ਦਰਜ ਕੀਤਾ ਗਿਆ। ਜੇਕਰ ਦੂਜੇ ਸ਼ਹਿਰਾਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ ਘੱਟੋ-ਘੱਟ ਪਾਰਾ 25.6 ਡਿਗਰੀ, ਲੁਧਿਆਣਾ ਵਿੱਚ 23.0 ਡਿਗਰੀ, ਪਟਿਆਲਾ ਵਿੱਚ 22.2 ਡਿਗਰੀ ਅਤੇ ਪਠਾਨਕੋਟ ਵਿੱਚ 24.2 ਡਿਗਰੀ ਰਿਹਾ। ਇਸੇ ਤਰ੍ਹਾਂ ਬਠਿੰਡਾ ਵਿੱਚ 25.6 ਡਿਗਰੀ, ਫਰੀਦਕੋਟ ਵਿੱਚ 25.2 ਡਿਗਰੀ, ਫਾਜ਼ਿਲਕਾ ਵਿੱਚ 25.3 ਡਿਗਰੀ, ਫਿਰੋਜ਼ਪੁਰ ਵਿੱਚ 26.6 ਡਿਗਰੀ, ਹੁਸ਼ਿਆਰਪੁਰ ਵਿੱਚ 22.6 ਡਿਗਰੀ ਅਤੇ ਰੂਪਨਗਰ ਵਿੱਚ 23.8 ਡਿਗਰੀ ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ।

4-5 ਦਿਨਾਂ ਤੱਕ ਮੌਸਮ ਰਹੇਗਾ ਸੁਹਾਵਣਾ

ਮੌਸਮ ਵਿਭਾਗ ਨੇ 'ਵੈਸਟਰਨ ਡਿਸਟਰਬੈਂਸ' (ਪੱਛਮੀ ਗੜਬੜੀ) ਦੇ ਸਰਗਰਮ ਹੋਣ ਕਾਰਨ ਅਗਲੇ 5 ਦਿਨਾਂ ਤੱਕ ਰਾਹਤ ਜਾਰੀ ਰਹਿਣ ਦੀ ਸੰਭਾਵਨਾ ਜਤਾਈ ਹੈ। ਇਸ ਦੌਰਾਨ 30 ਅਪ੍ਰੈਲ ਤੋਂ 2 ਮਈ ਦੇ ਵਿਚਕਾਰ 30 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂੜ ਭਰੀਆਂ ਹਵਾਵਾਂ ਚੱਲ ਸਕਦੀਆਂ ਹਨ। ਵਿਭਾਗ ਅਨੁਸਾਰ 4 ਮਈ ਤੱਕ ਰੁਕ-ਰੁਕ ਕੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਅਤੇ ਬਿਜਲੀ ਕੜਕਣ ਦੀ ਸੰਭਾਵਨਾ ਹੈ।

ਕਿਸਾਨਾਂ ਦੇ ਮੱਥੇ 'ਤੇ ਚਿੰਤਾ ਦੀਆਂ ਲਕੀਰਾਂ

ਇੱਕ ਪਾਸੇ ਜਿੱਥੇ ਆਮ ਜਨਤਾ ਮੀਂਹ ਅਤੇ ਸੁਹਾਵਣੇ ਮੌਸਮ ਦਾ ਆਨੰਦ ਮਾਣ ਰਹੀ ਹੈ, ਉੱਥੇ ਹੀ ਕਿਸਾਨ ਕਾਫੀ ਚਿੰਤਤ ਹਨ। ਮੰਡੀਆਂ ਵਿੱਚ ਕਣਕ ਦੀ ਫ਼ਸਲ ਖੁੱਲ੍ਹੇ ਅਸਮਾਨ ਹੇਠ ਪਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਫ਼ਸਲ ਦੀ ਲਿਫਟਿੰਗ (ਚੁਕਾਈ) ਜਲਦੀ ਨਾ ਹੋਈ, ਤਾਂ ਬਾਰਿਸ਼ ਕਾਰਨ ਅਨਾਜ ਖਰਾਬ ਹੋ ਸਕਦਾ ਹੈ ਅਤੇ ਉਨ੍ਹਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਸਕਦਾ ਹੈ।

Latest News