ਪ੍ਰਸਿੱਧ ਪੰਜਾਬੀ ਗਾਇਕ ਅਤੇ ਗੀਤਕਾਰ ਅਰਜਨ ਢਿੱਲੋਂ ਦੇ ਪਿਤਾ ਬੂਟਾ ਢਿੱਲੋਂ ਦਾ ਦੇਹਾਂਤ ਹੋ ਗਿਆ। ਉਹ ਕਾਫ਼ੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਕਰੀਬ 70 ਸਾਲ ਦੀ ਉਮਰ ਵਿੱਚ ਉਨ੍ਹਾਂ ਨੇ ਆਖਰੀ ਸਾਹ ਲਿਆ। ਇਸ ਦੁੱਖਦਾਈ ਖ਼ਬਰ ਤੋਂ ਬਾਅਦ ਗਾਇਕ ਅਰਜਨ ਢਿੱਲੋਂ ਦੇ ਪਰਿਵਾਰ ਸਮੇਤ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਬੂਟਾ ਢਿੱਲੋਂ ਪਿਛਲੇ ਕੁਝ ਸਮੇਂ ਤੋਂ ਗੰਭੀਰ ਬਿਮਾਰੀ ਨਾਲ ਜੂਝ ਰਹੇ ਸਨ। ਉਨ੍ਹਾਂ ਦਾ ਇਲਾਜ ਚੰਡੀਗੜ੍ਹ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਚੱਲ ਰਿਹਾ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ਡਾਕਟਰਾਂ ਵੱਲੋਂ ਪੂਰੀ ਕੋਸ਼ਿਸ਼ ਕਰਨ ਦੇ ਬਾਵਜੂਦ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ।
ਬੂਟਾ ਢਿੱਲੋਂ ਮੂਲ ਤੌਰ ‘ਤੇ ਬਰਨਾਲਾ ਜ਼ਿਲ੍ਹੇ ਦੇ ਕਸਬਾ ਭਦੌੜ ਦੇ ਰਹਿਣ ਵਾਲੇ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਕਸਬੇ ਵਿੱਚ ਗਮ ਦਾ ਮਾਹੌਲ ਬਣ ਗਿਆ। ਰਿਸ਼ਤੇਦਾਰਾਂ, ਦੋਸਤਾਂ ਅਤੇ ਇਲਾਕੇ ਦੇ ਲੋਕਾਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।
ਪਰਿਵਾਰਕ ਸੂਤਰਾਂ ਮੁਤਾਬਕ ਬੂਟਾ ਢਿੱਲੋਂ ਦਾ ਅੰਤਿਮ ਸਸਕਾਰ ਧਾਰਮਿਕ ਰਸਮਾਂ ਅਤੇ ਰਿਵਾਜਾਂ ਅਨੁਸਾਰ ਕੀਤਾ ਗਿਆ। ਇਸ ਮੌਕੇ ਪਰਿਵਾਰ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ। ਅੰਤਿਮ ਰਸਮਾਂ ਦੌਰਾਨ ਵੀ ਮੀਡੀਆ ਦੀ ਪਹੁੰਚ ਸੀਮਿਤ ਰੱਖੀ ਗਈ।
ਅਰਜਨ ਢਿੱਲੋਂ ਪੰਜਾਬੀ ਸੰਗੀਤ ਜਗਤ ਦਾ ਇੱਕ ਪ੍ਰਸਿੱਧ ਨਾਮ ਹਨ ਅਤੇ ਉਨ੍ਹਾਂ ਦੇ ਪਿਤਾ ਦਾ ਦੇਹਾਂਤ ਉਨ੍ਹਾਂ ਲਈ ਹੀ ਨਹੀਂ, ਸਗੋਂ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਵੀ ਇੱਕ ਵੱਡਾ ਝਟਕਾ ਹੈ। ਸੰਗੀਤ ਜਗਤ ਨਾਲ ਜੁੜੀਆਂ ਕਈ ਹਸਤੀਆਂ ਅਤੇ ਪ੍ਰਸ਼ੰਸਕਾਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਪਰਿਵਾਰ ਪ੍ਰਤੀ ਸੰਵੇਦਨਾਵਾਂ ਪ੍ਰਗਟ ਕੀਤੀਆਂ ਜਾ ਰਹੀਆਂ ਹਨ।