ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪੰਜਾਬ ਪੁਲਿਸ ਪੂਰੇ ਸੂਬੇ ਵਿੱਚ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ। ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ CASO ਚਲਾਏ ਜਾ ਰਹੇ ਹਨ, ਤਾਂ ਜੋ ਨਸ਼ਾ ਤਸਕਰਾਂ ‘ਤੇ ਨਕੇਲ ਕਸੀ ਜਾ ਸਕੇ। ਇਸੇ ਕੜੀ ਤਹਿਤ ਅੱਜ ਬਰਨਾਲਾ ਸ਼ਹਿਰ ਦੀਆਂ ਸ਼ੱਕੀ ਨਸ਼ਾ ਤਸਕਰੀ ਵਾਲੀਆਂ ਬਸਤੀਆਂ ਵਿੱਚ ਬਰਨਾਲਾ ਪੁਲਿਸ ਵੱਲੋਂ ਵੱਡੇ ਪੱਧਰ ‘ਤੇ CASO ਆਪਰੇਸ਼ਨ ਚਲਾਇਆ ਗਿਆ।
ਵੱਖ-ਵੱਥ ਇਲਾਇਆਂ 'ਚ ਪੁਲਿਸ ਦਾ ਛਾਪਾ
ਇਸ ਆਪਰੇਸ਼ਨ ਦੌਰਾਨ ਬਰਨਾਲਾ ਪੁਲਿਸ ਦੀ ਭਾਰੀ ਫੋਰਸ ਤਾਇਨਾਤ ਕੀਤੀ ਗਈ ਸੀ। ਪੁਲਿਸ ਟੀਮਾਂ ਨੇ ਸਵੇਰੇ ਤੜਕੇ ਹੀ ਇਲਾਕਿਆਂ ਨੂੰ ਘੇਰ ਕੇ ਘਰ-ਘਰ ਅਤੇ ਆਉਣ-ਜਾਣ ਵਾਲੇ ਲੋਕਾਂ ਦੀ ਡੂੰਗਾਈ ਨਾਲ ਜਾਂਚ ਸ਼ੁਰੂ ਕੀਤੀ। ਖ਼ਾਸ ਤੌਰ ‘ਤੇ ਬਸ ਸਟੈਂਡ ਦੇ ਪਿੱਛੇ ਵਾਲੇ ਇਲਾਕੇ ਵਿੱਚ ਇਹ ਕਾਰਵਾਈ ਕੀਤੀ ਗਈ, ਜਿਸਨੂੰ ਪਹਿਲਾਂ ਵੀ ਨਸ਼ਾ ਤਸਕਰੀ ਦਾ ਇੱਕ ਹਾਟ-ਸਪਾਟ ਮੰਨਿਆ ਜਾਂਦਾ ਰਿਹਾ ਹੈ।

200 ਤੋਂ ਵੱਧ ਪੁਲਿਸ ਮੁਲਾਜ਼ਮ ਸ਼ਾਮਲ
ਮੌਕੇ ‘ਤੇ ਮੌਜੂਦ ਡੀਆਈਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ CASO ਆਪਰੇਸ਼ਨ ਲਗਾਤਾਰ ਚਲਾਇਆ ਜਾ ਰਿਹਾ ਹੈ ਅਤੇ ਇਸ ਦਾ ਮੁੱਖ ਮਕਸਦ ਨਸ਼ਾ ਤਸਕਰਾਂ ਵਿੱਚ ਡਰ ਪੈਦਾ ਕਰਨਾ ਅਤੇ ਨਸ਼ਿਆਂ ਦੀ ਜੜ੍ਹ ਤੱਕ ਪਹੁੰਚਣਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਆਪਰੇਸ਼ਨ ਵਿੱਚ ਕਰੀਬ 200 ਤੋਂ ਵੱਧ ਪੁਲਿਸ ਮੁਲਾਜ਼ਮ ਸ਼ਾਮਲ ਹਨ, ਜੋ ਵੱਖ-ਵੱਖ ਟੀਮਾਂ ਵਿੱਚ ਵੰਡ ਕੇ ਇਲਾਕੇ ਦੀ ਸਖ਼ਤ ਨਿਗਰਾਨੀ ਕਰ ਰਹੇ ਹਨ।

ਦੋ ਸ਼ੱਕੀ ਵਿਅਕਤੀਆਂ ਨੂੰ ਕੀਤਾ ਰਾਊਂਡ ਅੱਪ
ਡੀਆਈਜੀ ਨੇ ਦੱਸਿਆ ਕਿ ਚੈਕਿੰਗ ਦੌਰਾਨ ਪੁਲਿਸ ਵੱਲੋਂ ਦੋ ਸ਼ੱਕੀ ਵਿਅਕਤੀਆਂ ਨੂੰ ਰਾਊਂਡ ਅੱਪ ਕੀਤਾ ਗਿਆ ਹੈ, ਜਿਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਓਪਰੇਸ਼ਨ ਅਜੇ ਵੀ ਚੱਲ ਰਿਹਾ ਹੈ ਅਤੇ ਜਿਵੇਂ-ਜਿਵੇਂ ਜਾਂਚ ਅੱਗੇ ਵਧੇਗੀ, ਹੋਰ ਤੱਥ ਸਾਹਮਣੇ ਆ ਸਕਦੇ ਹਨ। ਜੋ ਵੀ ਮਹੱਤਵਪੂਰਨ ਜਾਣਕਾਰੀ ਮਿਲੇਗੀ, ਉਹ ਮੀਡੀਆ ਅਤੇ ਜਨਤਾ ਨਾਲ ਸਾਂਝੀ ਕੀਤੀ ਜਾਵੇਗੀ।
ਪੁਲਿਸ ਅਧਿਕਾਰੀਆਂ ਨੇ ਸਾਫ਼ ਕੀਤਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਵਿੱਚ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੰਜਾਬ ਪੁਲਿਸ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਆਪਰੇਸ਼ਨ ਹੋਰ ਤੇਜ਼ ਕੀਤੇ ਜਾਣਗੇ।