ਬਟਾਲਾ ਦੇ ਨੇੜਲੇ ਪਿੰਡ ਅਲੋਵਾਲ ਵਿੱਚ ਅੱਜ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਛੋਟਾ ਗੈਸ ਸਿਲੰਡਰ ਫਟਣ ਕਾਰਨ ਪੰਜ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਪਤੀ ਪਤਨੀ ਅਤੇ ਬੱਚਾ ਤੇ ਦੋ ਸਕੇ ਭਰਾ ਜਿਨਾਂ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਵਿੱਚ ਕਰਵਾਇਆ ਗਿਆ।
ਗੈਸ ਸਿਲੰਡਰ ਫਟਣ ਹਾਦਸਾ
ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਨੇ ਦੱਸਿਆ ਕਿ ਉਹ ਦਿਹਾੜੀਦਾਰ ਮਜ਼ਦੂਰ ਹਨ। ਸਵੇਰੇ ਕੰਮ ਤੇ ਜਾਣ ਲਈ ਚਾਵਲ ਬਣਾ ਰਹੇ ਸੀ। ਇਸ ਦੌਰਾਨ ਅਚਾਨਕ ਗੈਸ ਲੀਕ ਹੋ ਗਈ ਅਤੇ ਸਿਲੰਡਰ ਨੂੰ ਅੱਗ ਲੱਗ ਗਈ। ਅੱਗ ਦੇਖ ਕੇ ਉਨ੍ਹਾਂ ਨੇ ਸਿਲੰਡਰ ਨੂੰ ਘਰ ਤੋਂ ਬਾਹਰ ਖੁੱਲ੍ਹੀ ਥਾਂ ‘ਚ ਸੁੱਟ ਦਿੱਤਾ, ਪਰ ਕੁਝ ਹੀ ਸਕਿੰਟਾਂ ਵਿੱਚ ਸਿਲੰਡਰ ਜ਼ੋਰਦਾਰ ਧਮਾਕੇ ਨਾਲ ਫਟ ਗਿਆ। ਧਮਾਕੇ ਕਾਰਨ ਨੇੜੇ ਖੜੇ ਪੰਜੇ ਲੋਕ ਅੱਗ ਦੀ ਚਪੇਟ ਵਿੱਚ ਆ ਗਏ ਅਤੇ ਬੁਰੀ ਤਰ੍ਹਾਂ ਝੁਲਸ ਗਏ। ਜਿਨਾਂ ਨੂੰ ਸਰਕਾਰੀ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਲਿਆਂਦਾ ਗਿਆ ਹੈ

ਕੁਝ ਮਰੀਜ਼ਾਂ ਦੀ ਹਾਲਤ ਨਾਜ਼ੁਕ
ਸਰਕਾਰੀ ਹਸਪਤਾਲ ਬਟਾਲਾ ਦੇ ਡਾਕਟਰਾਂ ਨੇ ਦੱਸਿਆ ਕਿ ਪੰਜੇ ਮਰੀਜ਼ਾਂ ਨੂੰ ਜ਼ਖ਼ਮੀ ਹਾਲਤ ਵਿੱਚ ਲਿਆਂਦਾ ਗਿਆ ਹੈ, ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਬਣੀ ਹੋਈ ਹੈ। ਗੰਭੀਰ ਜ਼ਖ਼ਮੀਆਂ ਨੂੰ ਵਧੇਰੇ ਇਲਾਜ ਲਈ ਅੰਮ੍ਰਿਤਸਰ ਰੈਫਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਗੈਸ ਉਪਕਰਨਾਂ ਦੀ ਵਰਤੋਂ ਦੌਰਾਨ ਪੂਰੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ।
