ਬਠਿੰਡਾ: ਬਠਿੰਡਾ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ’ਚ ਹੈ। ਕਥਿਤ ਤੌਰ 'ਤੇ ਜੇਲ੍ਹ ਦੇ ਅੰਦਰ ਨਸ਼ੀਲੇ ਪਦਾਰਥਾਂ ਦੀ ਸਪਲਾਈ ਦੇ ਇਲਜ਼ਾਮ ’ਚ ਜੇਲ੍ਹ ਵਾਰਡਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਉਹੀ ਜੇਲ੍ਹ ਹੈ, ਜਿਸਨੂੰ ਪੰਜਾਬ ਦੀ ਸਭ ਤੋਂ ਵੱਧ ਸੁਰੱਖਿਆ ਵਾਲੀ ਸੁਧਾਰਾਤਮਕ ਸਹੂਲਤ ਮੰਨਿਆ ਜਾਂਦਾ ਹੈ, ਜਿੱਥੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਲਿਆ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਵਾਰਡਨ ਕੈਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰ ਰਿਹਾ ਸੀ। ਇੱਕ ਸਾਂਝੇ ਆਪ੍ਰੇਸ਼ਨ ’ਚ ਪੁਲਿਸ ਅਤੇ ਜੇਲ੍ਹ ਪ੍ਰਸ਼ਾਸਨ ਨੇ ਮੁਲਜ਼ਮ ਵਾਰਡਨ ਤੋਂ 27 ਗ੍ਰਾਮ ਹੈਰੋਇਨ, 21 ਗ੍ਰਾਮ ਅਫੀਮ ਅਤੇ 60 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਨੇ।
ਇਸ ਤੋਂ ਬਾਅਦ, ਮੁਲਜ਼ਮ ਜੇਲ੍ਹ ਵਾਰਡਨ ਕਾਂਸਟੇਬਲ ਵਰਿੰਦਰ ਕੁਮਾਰ, ਜੋ ਕਿ ਪਿੰਡ ਖੋਰਪੁਰ, ਜ਼ਿਲ੍ਹਾ ਫਾਜ਼ਿਲਕਾ ਦਾ ਰਹਿਣ ਵਾਲਾ ਹੈ, ਉਸ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਜੇਲ੍ਹ ਵਾਰਡਨ ਨੂੰ ਮਹਿਲਾ ਜੇਲ੍ਹ ਦੇ ਅੰਦਰ ਇੱਕ ਸਰਕਾਰੀ ਕੁਆਰਟਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਫਿਲਹਾਲ ਇਹ ਪਤਾ ਨਹੀਂ ਹੈ ਕਿ ਉਹ ਜੇਲ੍ਹ ਦੇ ਅੰਦਰ ਕਿੰਨੇ ਸਮੇਂ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ’ਚ ਸ਼ਾਮਲ ਸੀ।
ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਵਾਰਡਨ ਨੂੰ ਰਿਮਾਂਡ 'ਤੇ ਲੈ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਜਾਰੀ ਹੈ। ਇਹ ਧਿਆਨ ਦੇਣ ਯੋਗ ਹੈ ਕਿ ਪਹਿਲਾਂ ਵੀ ਕਈ ਜੇਲ੍ਹ ਕਰਮਚਾਰੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਲਜ਼ਾਮ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਰਿਪੋਰਟਾਂ ਮੁਤਾਬਕ, ਬਠਿੰਡਾ ਕੇਂਦਰੀ ਜੇਲ੍ਹ ਨੂੰ ਲੰਬੇ ਸਮੇਂ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਕੁੱਝ ਕੈਦੀਆਂ ਦੇ ਅਸਾਧਾਰਨ ਵਿਹਾਰ ਅਤੇ ਜੇਲ੍ਹ ਦੇ ਅੰਦਰ ਵਰਜਿਤ ਵਸਤੂਆਂ ਦੀ ਖੋਜ ਨੂੰ ਦੇਖ ਕੇ ਪ੍ਰਸ਼ਾਸਨ ਚੌਕਸ ਹੋ ਗਿਆ।
ਜੇਲ੍ਹ ਪ੍ਰਸ਼ਾਸਨ ਨੇ ਸਥਾਨਕ ਪੁਲਿਸ ਅਤੇ ਖੁਫੀਆ ਏਜੰਸੀਆਂ ਦੇ ਸਹਿਯੋਗ ਨਾਲ ਇੱਕ ਗੁਪਤ ਜਾਂਚ ਸ਼ੁਰੂ ਕੀਤੀ ਸੀ, ਜਿਸ ਤੋਂ ਬਾਅਦ ਜਾਂਚ ਦੌਰਾਨ ਸ਼ੱਕ ਇੱਕ ਜੇਲ੍ਹ ਵਾਰਡਨ 'ਤੇ ਪਿਆ ਸੀ ਜਿਸ ਤੋਂ ਬਾਅਦ ਇਹ ਖੁਲਾਸਾ ਹੋਇਆ ਕਿ ਵਾਰਡਨ ਹੀ ਨਸ਼ੇ ਦੀ ਸਪਲਾਈ ਕਰ ਰਿਹਾ ਸੀ।