ਬਠਿੰਡਾ ਰੇਲਵੇ ਸਟੇਸ਼ਨ ਤੋਂ ਇੱਕ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਰੇਲਵੇ ਲਾਈਨਾਂ ਉੱਪਰ ਇੱਕ ਨਵ ਜੰਮਿਆ ਬੱਚਾ ਲਾਵਾਰਿਸ ਹਾਲਾਤਾਂ ਵਿੱਚ ਮਿਲਿਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਜੀਆਰਪੀ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ ਅਤੇ ਲੋਕਾਂ ਵਿੱਚ ਭਾਰੀ ਦੁੱਖ ਅਤੇ ਗੁੱਸਾ ਵੇਖਣ ਨੂੰ ਮਿਲ ਰਿਹਾ ਹੈ।
ਲਾਵਾਰਿਸ ਹਾਲਾਤਾਂ 'ਚ ਮਿਲਿਆ ਬੱਚਾ
ਜਾਣਕਾਰੀ ਦਿੰਦਿਆਂ ਸਹਾਰਾ ਜਨ ਸੇਵਾ ਸੰਸਥਾ ਦੇ ਵਰਕਰ ਸੰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬਠਿੰਡਾ ਰੇਲਵੇ ਸਟੇਸ਼ਨ ਦੀ ਲਾਈਨ ਨੰਬਰ ਛੇ ‘ਤੇ ਇੱਕ ਨਵ ਜੰਮਿਆ ਬੱਚਾ ਪਿਆ ਹੋਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਸੰਸਥਾ ਦੇ ਵਰਕਰ ਮੌਕੇ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਵੇਖਿਆ ਕਿ ਬੱਚਾ ਬਿਲਕੁਲ ਲਾਵਾਰਿਸ ਹਾਲਾਤਾਂ ਵਿੱਚ ਪਿਆ ਹੋਇਆ ਸੀ। ਬੱਚਾ ਗੰਭੀਰ ਰੂਪ ਵਿੱਚ ਜ਼ਖ਼ਮੀ ਸੀ, ਜਿਸ ਕਾਰਨ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਮੌਕੇ ‘ਤੇ ਪਹੁੰਚੀ ਜੀਆਰਪੀ ਪੁਲਿਸ
ਮੌਕੇ ‘ਤੇ ਪਹੁੰਚੀ ਜੀਆਰਪੀ ਪੁਲਿਸ ਦੀ ਟੀਮ ਨੇ ਸਥਿਤੀ ਨੂੰ ਸੰਭਾਲਿਆ ਅਤੇ ਬੱਚੇ ਨੂੰ ਆਪਣੇ ਕਬਜ਼ੇ ਵਿੱਚ ਲਿਆ। ਜੀਆਰਪੀ ਪੁਲਿਸ ਦੇ ਅਧਿਕਾਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਸਹਾਰਾ ਜਨ ਸੇਵਾ ਸੰਸਥਾ ਦੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਸੂਚਨਾ ਦਿੱਤੀ ਗਈ ਸੀ ਕਿ ਰੇਲਵੇ ਲਾਈਨ ਉੱਪਰ ਇੱਕ ਨਵ ਜੰਮਿਆ ਬੱਚਾ ਮਿਲਿਆ ਹੈ, ਜਿਸਨੂੰ ਕਿਸੇ ਅਣਪਛਾਤੇ ਵਿਅਕਤੀ ਜਾਂ ਵਿਅਕਤੀਆਂ ਵੱਲੋਂ ਛੱਡਿਆ ਗਿਆ ਹੋ ਸਕਦਾ ਹੈ। ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਹੈ।
ਗੁਰਮੇਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ, ਜੋ ਰੇਲਵੇ ਸਟੇਸ਼ਨ ਅਤੇ ਨੇੜਲੇ ਇਲਾਕਿਆਂ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀਆਂ ਹਨ, ਤਾਂ ਜੋ ਦੋਸ਼ੀਆਂ ਤੱਕ ਪਹੁੰਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਜੋ ਵੀ ਇਸ ਘਿਨੌਣੀ ਹਰਕਤ ਲਈ ਜ਼ਿੰਮੇਵਾਰ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ, ਜਾਰੀ
ਫਿਲਹਾਲ ਬੱਚੇ ਨੂੰ ਕਾਨੂੰਨੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਸਿਵਲ ਹਸਪਤਾਲ ਬਠਿੰਡਾ ਦੇ ਮੋਰਚਰੀ ਘਰ ਵਿੱਚ ਰੱਖਿਆ ਗਿਆ ਹੈ। ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇ ਕਿਸੇ ਕੋਲ ਇਸ ਮਾਮਲੇ ਸਬੰਧੀ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਪੁਲਿਸ ਨਾਲ ਸੰਪਰਕ ਕਰੇ। ਇਸ ਘਟਨਾ ਨੇ ਸਮਾਜ ਵਿੱਚ ਮਨੁਖਤਾ ‘ਤੇ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ