ਪੰਜਾਬ ਦੇ ਗੰਨਾ ਕਿਸਾਨਾਂ ਨੂੰ ਵੱਡੀ ਰਾਹਤ! ਗੰਨੇ ਦੇ ਭਾਅ ’ਚ 15 ਰੁਪਏ ਦਾ ਵਾਧਾ, ਹੁਣ ਮਿਲੇਗਾ 431 ਰੁਪਏ ਪ੍ਰਤੀ ਕੁਇੰਟਲ ਰੇਟ
ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪਿੜਾਈ ਸੀਜ਼ਨ 2026-27 ਲਈ ਗੰਨੇ ਦੇ ਭਾਅ ਵਿੱਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰ ਦਿੱਤਾ ਹੈ। ਇਸ ਫ਼ੈਸਲੇ ਤੋਂ ਬਾਅਦ ਹੁਣ ਪੰਜਾਬ ਵਿੱਚ ਗੰਨੇ ਦਾ ਭਾਅ 416 ਰੁਪਏ ਤੋਂ ਵਧ ਕੇ 431 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 25 ਨਵੰਬਰ ਨੂੰ ਇਸ ਦਾ ਐਲਾਨ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਗੰਨੇ ਦਾ ਨਵਾਂ ਭਾਅ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਹੈ।
ਮੁੱਖ ਮੰਤਰੀ ਨੇ ਚੰਡੀਗੜ੍ਹ ਵਿਖੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਫ਼ੈਸਲਾ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਆਰਥਿਕ ਖ਼ੁਸ਼ਹਾਲੀ ਅਤੇ ਉਨ੍ਹਾਂ ਨੂੰ ਫ਼ਸਲਾਂ ਦਾ ਵਾਜਬ ਮੁੱਲ ਦਿਵਾਉਣ ਲਈ ਵਚਨਬੱਧ ਹੈ। ਸਰਕਾਰ ਮੁਤਾਬਕ ਗੰਨੇ ਦੇ ਭਾਅ ਵਿੱਚ ਕੀਤੇ ਗਏ ਇਸ ਵਾਧੇ ਨਾਲ ਸੂਬੇ ਦੇ ਹਜ਼ਾਰਾਂ ਗੰਨਾ ਕਾਸ਼ਤਕਾਰਾਂ ਨੂੰ ਸਿੱਧਾ ਵਿੱਤੀ ਲਾਭ ਮਿਲੇਗਾ।
25 ਨਵੰਬਰ ਤੋਂ ਖੰਡ ਮਿੱਲਾਂ ਨੇ ਸ਼ੁਰੂ ਕਰਨਾ ਹੈ ਕੰਮ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੀਆਂ ਖੰਡ ਮਿੱਲਾਂ 25 ਨਵੰਬਰ ਤੋਂ ਚਾਲੂ ਕਰਨ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਮਿੱਲਾਂ ਦੇ ਕੰਮ ਸ਼ੁਰੂ ਹੋਣ ਨਾਲ ਕਿਸਾਨ ਆਪਣੀ ਫ਼ਸਲ ਸਮੇਂ ਸਿਰ ਮਿੱਲਾਂ ਤੱਕ ਪਹੁੰਚਾ ਸਕਣਗੇ ਅਤੇ ਗੰਨੇ ਦੀ ਪਿੜਾਈ ਦਾ ਕੰਮ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇਗਾ।
ਪੰਜਾਬ ਦੇ ਸੀਐਮ ਮਾਨ ਵੱਲੋਂ ਐਕਸ ਉੱਤੇ ਪੋਸਟ ਪਾਉਂਦੇ ਹੋਏ ਲਿਖਿਆ- ਪੰਜਾਬ ਦੇ ਗੰਨਾ ਕਾਸ਼ਤਕਾਰਾਂ ਲਈ ਵੱਡੀ ਖੁਸ਼ਖਬਰੀ.. ਸਾਡੀ ਸਰਕਾਰ ਨੇ ਸਾਲ 2026-27 ਲਈ ਗੰਨੇ ਦਾ ਰੇਟ ਵਧਾ ਕੇ ₹431 ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਕਿ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਹੈ..
ਕਿਸਾਨਾਂ ਦੀ ਸਹੂਲਤ ਲਈ ਸੂਬੇ ਦੀਆਂ ਖੰਡ ਮਿੱਲਾਂ 25 ਨਵੰਬਰ, 2026 ਤੋਂ ਸ਼ੁਰੂ ਹੋ ਜਾਣਗੀਆਂ.. ਸਾਡੀ ਸਰਕਾਰ ਅੰਨਦਾਤੇ ਦੀ ਖੁਸ਼ਹਾਲੀ ਅਤੇ ਫ਼ਸਲਾਂ ਦਾ ਬਣਦਾ ਮੁੱਲ ਦੇਣ ਲਈ ਹਮੇਸ਼ਾ ਵਚਨਬੱਧ ਹੈ..
ਇਨਕਲਾਬ ਜ਼ਿੰਦਾਬਾਦ!
ਪੰਜਾਬ ਦੇ ਗੰਨਾ ਕਾਸ਼ਤਕਾਰਾਂ ਲਈ ਵੱਡੀ ਖੁਸ਼ਖਬਰੀ.. ਸਾਡੀ ਸਰਕਾਰ ਨੇ ਸਾਲ 2026-27 ਲਈ ਗੰਨੇ ਦਾ ਰੇਟ ਵਧਾ ਕੇ ₹431 ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਕਿ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਹੈ..
ਕਿਸਾਨਾਂ ਦੀ ਸਹੂਲਤ ਲਈ ਸੂਬੇ ਦੀਆਂ ਖੰਡ ਮਿੱਲਾਂ 25 ਨਵੰਬਰ, 2026 ਤੋਂ ਸ਼ੁਰੂ ਹੋ ਜਾਣਗੀਆਂ.. ਸਾਡੀ ਸਰਕਾਰ ਅੰਨਦਾਤੇ ਦੀ ਖੁਸ਼ਹਾਲੀ ਅਤੇ ਫ਼ਸਲਾਂ ਦਾ ਬਣਦਾ ਮੁੱਲ ਦੇਣ ਲਈ ਹਮੇਸ਼ਾ ਵਚਨਬੱਧ ਹੈ..
ਇਨਕਲਾਬ ਜ਼ਿੰਦਾਬਾਦ!
— Bhagwant Mann (@BhagwantMann) November 25, 2026
ਹਰਿਆਣਾ ਨਾਲੋਂ ਵੀ ਵੱਧ ਹੋਇਆ ਪੰਜਾਬ ਵਿੱਚ ਗੰਨੇ ਦਾ ਭਾਅ
ਗੰਨੇ ਦੇ ਨਵੇਂ ਭਾਅ ਨਾਲ ਪੰਜਾਬ ਨੇ ਗੁਆਂਢੀ ਸੂਬੇ ਹਰਿਆਣਾ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਹਰਿਆਣਾ ਸਰਕਾਰ ਨੇ 2026-27 ਦੇ ਪਿੜਾਈ ਸੀਜ਼ਨ ਲਈ ਗੰਨੇ ਦਾ ਭਾਅ 430 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ, ਜਦਕਿ ਪੰਜਾਬ ਵਿੱਚ ਹੁਣ ਕਿਸਾਨਾਂ ਨੂੰ 431 ਰੁਪਏ ਪ੍ਰਤੀ ਕੁਇੰਟਲ ਮਿਲਣਗੇ। ਇਸ ਤਰ੍ਹਾਂ ਪੰਜਾਬ ਦਾ ਭਾਅ ਹਰਿਆਣਾ ਨਾਲੋਂ ਇੱਕ ਰੁਪਇਆ ਵੱਧ ਹੈ।
ਕਿਸਾਨ 550 ਰੁਪਏ ਪ੍ਰਤੀ ਕੁਇੰਟਲ ਦੀ ਕਰ ਰਹੇ ਸਨ ਮੰਗ
ਜ਼ਿਕਰਯੋਗ ਹੈ ਕਿ ਪੰਜਾਬ ਦੇ ਗੰਨਾ ਕਿਸਾਨਾਂ ਵੱਲੋਂ ਲੰਬੇ ਸਮੇਂ ਤੋਂ ਗੰਨੇ ਦਾ ਭਾਅ ਵਧਾਉਣ ਦੀ ਮੰਗ ਕੀਤੀ ਜਾ ਰਹੀ ਸੀ। ਕਿਸਾਨ ਜਥੇਬੰਦੀਆਂ ਨੇ ਗੰਨੇ ਦਾ ਭਾਅ 550 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਰੱਖੀ ਸੀ। ਇਸ ਤੋਂ ਪਹਿਲਾਂ 2025-26 ਦੇ ਪਿੜਾਈ ਸੀਜ਼ਨ ਦੌਰਾਨ ਗੰਨੇ ਦਾ ਭਾਅ 401 ਰੁਪਏ ਤੋਂ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਸੀ।
ਇਸ ਤੋਂ ਇਲਾਵਾ, ਪੰਜਾਬ ਵਿੱਚ ਇਸ ਸਾਲ ਗੰਨੇ ਦੀ ਕਾਸ਼ਤ ਹੇਠ ਰਕਬਾ ਵੀ ਵਧਿਆ ਹੈ। ਰਿਪੋਰਟਾਂ ਮੁਤਾਬਕ ਪਿਛਲੇ ਸਾਲ 1.12 ਲੱਖ ਹੈਕਟੇਅਰ ਦੇ ਮੁਕਾਬਲੇ ਇਸ ਸਾਲ ਗੰਨੇ ਦੀ ਕਾਸ਼ਤ ਲਗਭਗ 1.16 ਲੱਖ ਹੈਕਟੇਅਰ ਰਕਬੇ ਵਿੱਚ ਹੋਈ ਹੈ। ਮੌਜੂਦਾ ਸੀਜ਼ਨ ਦੌਰਾਨ ਗੰਨੇ ਦਾ ਉਤਪਾਦਨ ਲਗਭਗ 700 ਲੱਖ ਕੁਇੰਟਲ ਰਹਿਣ ਦਾ ਅਨੁਮਾਨ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਖ਼ੁਸ਼ਹਾਲੀ ਸੂਬੇ ਦੀ ਤਰੱਕੀ ਲਈ ਬੇਹੱਦ ਜ਼ਰੂਰੀ ਹੈ। ਸਰਕਾਰ ਕਿਸਾਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਅਤੇ ਉਨ੍ਹਾਂ ਨੂੰ ਆਪਣੀ ਫ਼ਸਲ ਦਾ ਸਹੀ ਮੁੱਲ ਦਿਵਾਉਣ ਲਈ ਲਗਾਤਾਰ ਯਤਨ ਕਰਦੀ ਰਹੇਗੀ।