ਨਵੀਂ ਦਿੱਲੀ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਕਰਨ ਤੋਂ ਬਾਅਦ, ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ, ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਮਜੀਠੀਆ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਕੀ ਹੈ ਮਾਮਲਾ?
ਮਜੀਠੀਆ ਨੂੰ ਵਿਜੀਲੈਂਸ ਨੇ 25 ਜੂਨ ਨੂੰ ਅੰਮ੍ਰਿਤਸਰ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਸਮੇਂ ਉਹ ਨਾਭਾ ਜੇਲ੍ਹ ’ਚ ਬੰਦ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਈ ਦਿਨਾਂ ਦੀ ਬਹਿਸ ਤੋਂ ਬਾਅਦ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਪਟੀਸ਼ਨ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਪੰਜਾਬ ਸਰਕਾਰ ਨੂੰ ਜਵਾਬ ਦੇਣ ਲਈ 4 ਹਫ਼ਤਿਆਂ ਦਾ ਸਮਾਂ ਦਿੱਤਾ ਹੈ ਅਤੇ ਇਸ ਮਾਮਲੇ ਵਿੱਚ ਅਗਲੀ ਸੁਣਵਾਈ 19 ਜਨਵਰੀ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਵੱਲੋਂ ਮਜੀਠੀਆ ਖਿਲਾਫ ਦਾਇਰ ਕੀਤੀ ਗਈ ਚਾਰਜਸ਼ੀਟ ’ਚ ਕਈ ਅਕਾਲੀ ਅਤੇ ਭਾਜਪਾ ਆਗੂਆਂ ਦੇ ਬਿਆਨ ਵੀ ਸ਼ਾਮਲ ਹਨ। ਵਿਜੀਲੈਂਸ ਦਾ ਇਹ ਵੀ ਦਾਅਵਾ ਹੈ ਕਿ ਇਸ ਮਾਮਲੇ ’ਚ 400 ਬੈਂਕ ਖਾਤਿਆਂ ਦੇ 10 ਸਾਲ ਪੁਰਾਣੇ ਰਿਕਾਰਡ ਵੀ ਖੰਗਾਲੇ ਗਏ ਨੇ ਅਤੇ ਕੇਸ ’ਚ 200 ਗਵਾਹ ਬਣਾਏ ਗਏ ਨੇ।