Trending:
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਚੱਲ ਰਹੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸੁਣਵਾਈ 2 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਅੱਗੇ ਆਪਣਾ ਜਵਾਬ ਦਾਖਲ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਮੰਗਿਆ, ਜਿਸਨੂੰ ਕੋਰਟ ਵੱਲੋਂ ਮਨਜ਼ੂਰ ਕਰ ਲਿਆ ਗਿਆ।
ਸੁਣਵਾਈ ਦੌਰਾਨ ਮਜੀਠੀਆ ਦੀ ਵਕਾਲਤ ਕਰ ਰਹੇ ਵਕੀਲ ਨੇ ਆਪਣੇ ਮੁਆਕਲ ਲਈ ਅੰਤਰਿਮ ਜ਼ਮਾਨਤ ਦੀ ਮੰਗ ਰੱਖੀ। ਉਨ੍ਹਾਂ ਦਾ ਕਹਿਣਾ ਸੀ ਕਿ ਮਾਮਲੇ ਦੀ ਜਾਂਚ ਲੰਬੀ ਚੱਲ ਰਹੀ ਹੈ ਅਤੇ ਮਜੀਠੀਆ ਪੂਰੀ ਤਰ੍ਹਾਂ ਜਾਂਚ ਵਿੱਚ ਸਹਿਯੋਗ ਕਰ ਰਹੇ ਹਨ, ਇਸ ਲਈ ਉਨ੍ਹਾਂ ਨੂੰ ਅੰਤਰਿਮ ਰਾਹਤ ਦਿੱਤੀ ਜਾਵੇ। ਇਸ ’ਤੇ ਸੁਪਰੀਮ ਕੋਰਟ ਨੇ ਸਪਸ਼ਟ ਕੀਤਾ ਕਿ ਅੰਤਰਿਮ ਜ਼ਮਾਨਤ ਦੀ ਅਰਜ਼ੀ ’ਤੇ ਅਗਲੀ ਸੁਣਵਾਈ ਦੌਰਾਨ ਵਿਚਾਰ ਕੀਤਾ ਜਾਵੇਗਾ।
ਅਦਾਲਤ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਵਾਬ ਦਾਖਲ ਹੋਣ ਤੋਂ ਬਾਅਦ ਹੀ ਮਾਮਲੇ ਦੇ ਸਾਰੇ ਪੱਖਾਂ ’ਤੇ ਵਿਸਥਾਰ ਨਾਲ ਸੁਣਵਾਈ ਕੀਤੀ ਜਾਵੇਗੀ। ਗੌਰਤਲਬ ਹੈ ਕਿ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਤ ਇਕੱਠੀ ਕਰਨ ਦੇ ਦੋਸ਼ਾਂ ਹੇਠ ਮਾਮਲਾ ਦਰਜ ਹੈ, ਜਿਸਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਵੀ ਕਾਫ਼ੀ ਚਰਚਾ ਹੋ ਰਹੀ ਹੈ। ਹੁਣ ਸਭ ਦੀ ਨਜ਼ਰਾਂ 2 ਫਰਵਰੀ ਨੂੰ ਹੋਣ ਵਾਲੀ ਅਗਲੀ ਸੁਣਵਾਈ ’ਤੇ ਟਿਕੀਆਂ ਹੋਈਆਂ ਹਨ।