ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਨਜ਼ਰਬੰਦ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਧਮਕੀ ਇੱਕ ਲੈਟਰ ਰਾਹੀਂ ਦਿੱਤੀ ਗਈ ਹੈ, ਜੋ ਕਿ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਨਾਂ ’ਤੇ ਭੇਜਿਆ ਗਿਆ, ਬੱਬਰ ਖਾਲਸਾ ਇੰਟਰਨੈਸ਼ਨਲ ਨੂੰ ਭਾਰਤ ਸਰਕਾਰ ਵੱਲੋਂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਘੋਸ਼ਿਤ ਕੀਤਾ ਗਿਆ ਹੈ, ਜਿਸ ਦੀ ਸਰਗਰਮੀ ਪਾਕਿਸਤਾਨ ਤੋਂ ਚੱਲਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ।
ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਹਦਾਇਤ
ਸੂਤਰਾਂ ਮੁਤਾਬਕ ਇਸ ਧਮਕੀ ਸਬੰਧੀ ਏਡੀਜੀਪੀ ਪੰਜਾਬ ਸਪੈਸ਼ਲ ਇੰਟੈਲੀਜੈਂਸ ਵੱਲੋਂ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਈ-ਮੇਲਾਂ ਭੇਜੀਆਂ ਗਈਆਂ ਹਨ। ਇਨ੍ਹਾਂ ਮੇਲਾਂ ਵਿੱਚ ਖ਼ਾਸ ਤੌਰ ’ਤੇ ਇਹ ਹਦਾਇਤ ਦਿੱਤੀ ਗਈ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਪੂਰੀ ਸਾਵਧਾਨੀ ਵਰਤੀ ਜਾਵੇ ਅਤੇ ਜੇਲ੍ਹ ਅੰਦਰ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣ।

ਪੁਲਿਸ ਅਧਿਕਾਰੀਆਂ ਵੱਲੋਂ ਜੇਲ੍ਹ ਦਾ ਦੌਰਾ
ਜ਼ਿਕਰਯੋਗ ਹੈ ਕਿ ਬੀਤੇ ਦਿਨ ਹੀ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦਾ ਸੀਨੀਅਰ ਜੇਲ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਦੌਰਾ ਕੀਤਾ ਗਿਆ ਸੀ। ਇਸ ਦੌਰੇ ਦੌਰਾਨ ਜੇਲ੍ਹ ਦੀ ਸੁਰੱਖਿਆ, ਸੀਸੀਟੀਵੀ ਨਿਗਰਾਨੀ, ਬੈਰਕਾਂ ਅਤੇ ਅੰਦਰੂਨੀ ਪ੍ਰਬੰਧਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ। ਧਮਕੀ ਭਰੇ ਲੈਟਰ ਦੇ ਸਾਹਮਣੇ ਆਉਣ ਤੋਂ ਬਾਅਦ ਇਸ ਦੌਰੇ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।

ਪੁਲਿਸ ਅਤੇ ਖੁਫ਼ੀਆ ਏਜੰਸੀਆਂ ਅਲਰਟ
ਦੱਸਣਯੋਗ ਹੈ ਕਿ ਬਿਕਰਮ ਮਜੀਠੀਆ 06-07-2025 ਤੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ ਵਿੱਚ ਨਜ਼ਰਬੰਦ ਹਨ। ਇਸ ਮਾਮਲੇ ਤੋਂ ਬਾਅਦ ਪੰਜਾਬ ਪੁਲਿਸ ਅਤੇ ਖੁਫ਼ੀਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਮੋਡ ’ਚ ਹਨ ਅਤੇ ਧਮਕੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸੇ ਵੀ ਕੀਮਤ ’ਤੇ ਕਾਨੂੰਨ ਵਿਵਸਥਾ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ।