Trending:
ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਮਹਿਲਾ ਮੋਰਚਾ ਵੱਲੋਂ ਮਹਿਲਾਵਾਂ ਲਈ ਇੱਕ ਇੱਕ ਹਜ਼ਾਰ ਰੁਪਏ ਦੀ ਪ੍ਰਤੀ ਮਹੀਨਾ ਦੇਣ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਦੌਰਾਨ ਚੰਡੀਗੜ੍ਹ ਪੁਲਿਸ ਨੇ ਕਈ ਪ੍ਰਦਰਸ਼ਨਕਾਰੀ ਹਿਰਾਸਤ ਵਿੱਚ ਲਏ। ਭਾਜਪਾ ਮਹਿਲਾ ਮੋਰਚਾ ਦੀ ਪੰਜਾਬ ਪ੍ਰਧਾਨ ਜੈਇੰਦਰ ਕੌਰ ਅਤੇ ਵੱਡੀ ਗਿਣਤੀ ਵਿੱਚ ਮਹਿਲਾ ਮੋਰਚਾ ਦੀਆਂ ਆਗੂਆਂ ਨੇ ‘ਆਪ’ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦੇ ਵਾਅਦੇ ਨੂੰ ਪੂਰਾ ਨਾ ਕਰਨ ਲਈ ਘੇਰਾ ਬੰਦੀ ਕੀਤੀ ਹੈ।
ਭਾਜਪਾ ਮਹਿਲਾ ਮੋਰਚਾ ਦੀ ਵੱਡੀ ਗਿਣਤੀ ਵਿੱਚ ਆਗੂਆਂ ਨੇ ਚੰਡੀਗੜ੍ਹ ਸੈਕਟਰ 37 ਵਿੱਚ ਸਥਿਤ ਭਾਜਪਾ ਦਫਤਰ ਦੇ ਬਾਹਰ ਇਕੱਠੇ ਹੋ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜਦੋਂ ਉਹ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਘਿਰਾਓ ਕਰਨ ਲਈ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਅੱਗੇ ਵਧਣ ਲੱਗੇ ਤਾਂ ਪੁਲਿਸ ਨੇ ਕੁਝ ਦੂਰੀ 'ਤੇ ਹੀ ਰੋਕ ਦਿੱਤਾ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ ਵੀ ਹੋਈ ਅਤੇ ਪੁਲਿਸ ਨੇ ਪ੍ਰਦਰਸ਼ਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਵਿਰੋਧ ਪ੍ਰਦਰਸ਼ਨ ਦੀ ਅਗਵਾਈ ਮਹਿਲਾ ਮੋਰਚਾ ਦੀ ਪੰਜਾਬ ਸੂਬਾ ਪ੍ਰਧਾਨ ਜੈਇੰਦਰ ਕੌਰ ਨੇ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਔਰਤਾਂ ਨਾਲ ਕੀਤੇ ਆਪਣੇ ਵਾਅਦੇ ਤੋਂ ਮੁੱਕਰ ਰਹੀ ਹੈ। ਉਨ੍ਹਾਂ ਮੁਤਾਬਕ 'ਆਪ' ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਔਰਤਾਂ ਨੂੰ 1,100 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ, ਪਰ ਅਜੇ ਤੱਕ ਇਸ ਨੂੰ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਇਸ ਗਰੰਟੀ ਨੂੰ ਪੂਰਾ ਨਹੀਂ ਕਰਦੀ, ਉਦੋਂ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ।