ਪੰਜਾਬ ਭਰ ਵਿਚ ਹੋਈਆਂ ਬਲਾਕ ਸੰਮਤੀ ਅਤੇ ਜਿਲ੍ਹੇ ਪ੍ਰੀਸ਼ਦ ਚੋਣਾਂ ਵਿਚ ਆਏ ਨਤੀਜਿਆਂ ਨੇ ਪੰਜਾਬ ਭਰ ਨੂੰ ਹੈਰਾਨ ਕੀਤਾ ਹੈ। ਬੈਕ ਫੁਟ 'ਤੇ ਚੱਲ ਰਹੀ ਹੈ, ਸ਼੍ਰੋਮਣੀ ਅਕਾਲੀ ਦਲ ਇਹਨਾਂ ਚੋਣਾਂ ਵਿਚ ਉਭਰਦੀ ਸਾਹਮਣੇ ਆਈ ਹੈ। ਫਰੀਦਕੋਟ ਅੰਦਰ ਵੀ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਰਹੀ ਹੈ। ਫਰੀਦਕੋਟ ਜਿਲ੍ਹੇ ਅੰਦਰ ਜਿਲ੍ਹਾ ਪ੍ਰੀਸ਼ਦ ਦੀਆਂ 10 ਸੀਟਾਂ ਵਿਚੋਂ 5 ਸੀਟਾਂ ਉੱਤੇ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਜੇਤੂ ਰਹੇ ਹਨ। ਬਲਾਕ ਸੰਮਤੀ ਚੋਣਾਂ ਵਿੱਚ ਵੀ ਜਿਲ੍ਹੇ ਦੀਆਂ 3 ਬਲਾਕ ਸੰਮਤੀਆਂ ਦੀਆਂ 65 ਸੀਟਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ 25 ਸੀਟਾਂ ਲੈ ਕੇ ਪਹਿਲੇ ਸਥਾਨ ਉੱਤੇ ਰਹੀ ਹੈ। ਜਿਸ ਤੋਂ ਬਾਅਦ ਅਕਾਲੀ ਦਲ ਦੇ ਆਗੂਆਂ ਵਿਚ ਉਤਸ਼ਾਹ ਪਾਇਆ ਜਾ ਰਿਹਾ।
ਉੱਥੇ ਹੀ ਚੋਣ ਅਫਸਰ ਪਾਸੋਂ ਆਪਣੀ ਜਿੱਤ ਦੇ ਸਰਟੀਫਿਕੇਟ ਹਾਸਲ ਕਰਨ ਵਾਲੇ ਜਿਲ੍ਹਾ ਪ੍ਰੀਸ਼ਦ ਦੇ ਉਮੀਦਵਾਰਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਕੁਲਤਾਰ ਸਿੰਘ ਬਰਾੜ ਪਹੁੰਚੇ, ਉਹਨਾਂ ਕਿਹਾ ਜਿੱਥੇ ਲੋਕਾਂ ਵੱਲੋਂ ਅਕਾਲੀ ਦਲ ਨੂੰ ਲੈ ਕੇ ਤਰਾਂ-ਤਰਾਂ ਦੇ ਅਖਾਣ ਬਣਾਏ ਗਏ ਸਨ, ਉਹਨਾਂ ਦਾ ਪੰਜਾਬ ਦੇ ਲੋਕਾਂ ਨੇ ਮੂੰਹ ਤੋੜ ਜਵਾਬ ਦਿੱਤਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਇਕਲੇ ਫਰੀਦਕੋਟ ਹੀ ਨਹੀਂ ਨਾਲ ਲਗਦੇ, ਕਈ ਜ਼ਿਲ੍ਹਿਆਂ ਵਿਚ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ ਜਿੱਤ ਦਰਜ ਕੀਤੀ ਹੈ। ਉਹਨਾਂ ਕਿਹਾ ਕਿ ਇਹਨਾਂ ਚੋਣਾਂ ਵਿਚ ਲੋਕਾਂ ਨੇ 'ਆਪ' ਸਰਕਾਰ ਨੂੰ ਨਕਾਰ ਕੇ ਸ਼੍ਰੋਮਣੀ ਅਕਾਲੀ ਦਲ ਦੇ ਪਹਿਲਾਂ ਕੀਤੇ ਕੰਮਾਂ 'ਤੇ ਮੋਹਰ ਲਗਾਈ ਹੈ।
ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਅੰਦਰ ਆਪ ਦੀ ਸਰਕਾਰ ਬਣਾ ਕੇ ਖੁਦ ਨੂੰ ਠੱਗਿਆ-ਠੱਗਿਆ ਮਹਿਸੂਸ ਕਰ ਰਹੇ ਹਨ ਅਤੇ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਫਰੀਦਕੋਟ ਵਿਚ ਜਿਲ੍ਹਾ ਪ੍ਰੀਸ਼ਦ ਦੀਆਂ 10 ਸੀਟਾਂ ਵਿਚੋਂ 5 ਜਿੱਤ ਕੇ ਬਹੁਮਤ ਵਿਚ ਹੈ ਅਤੇ ਇਥੇ ਚੇਅਰਮੈਨ ਸ਼੍ਰੋਮਣੀ ਅਕਾਲੀ ਦਲ ਦਾ ਹੀ ਬਣੇਗਾ। ਇਸ ਮੌਕੇ ਜਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਜਿੱਤ ਦਰਜ ਕਰਨ ਵਾਲੇ ਅਕਾਲੀ ਦਲ ਦੇ ਉਮੀਦਵਾਰਾਂ ਨੇ ਜਿੱਤ ਲਈ, ਜਿਥੇ ਲੋਕਾਂ ਦਾ ਧੰਨਵਾਦ ਕੀਤਾ, ਉਥੇ ਹੀ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਲੋਕਾਂ ਵਲੋਂ ਮਿਲੇ ਫਤਵੇ ਨੂੰ ਉਹ ਸਵੀਕਾਰ ਕਰਦੇ ਹਨ ਅਤੇ ਲੋਕਾਂ ਦੀਆਂ ਉਮੀਦਾਂ ਤੇ ਖਰੇ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ।