ਫਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਸੰਬੰਧੀ ਮਿਲੀ ਧਮਕੀ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਪੂਰੇ ਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਕਿਸੇ ਨੂੰ ਵੀ ਅੰਦਰ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਧਮਕੀ ਮਿਲਦੇ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ। ਕੋਰਟ ਕੰਪਲੈਕਸ ਦੇ ਅੰਦਰ ਅਤੇ ਆਲੇ-ਦੁਆਲੇ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਫੋਰਸ ਪੂਰੀ ਤਰ੍ਹਾਂ ਮੁਸਤੈਦ ਹੈ।
ਜਾਣਕਾਰੀ ਮੁਤਾਬਕ, ਬੰਬ ਨਿਪਟਾਰਾ ਦਸਤੇ ਅਤੇ ਹੋਰ ਵਿਸ਼ੇਸ਼ ਜਾਂਚ ਟੀਮਾਂ ਨੂੰ ਮੌਕੇ ‘ਤੇ ਤਾਇਨਾਤ ਕੀਤਾ ਗਿਆ ਹੈ। ਅਲੱਗ-ਅਲੱਗ ਟੀਮਾਂ ਵੱਲੋਂ ਕੋਰਟ ਕੰਪਲੈਕਸ ਦੇ ਹਰ ਕੋਨੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਧਮਕੀ ਭੇਜਣ ਵਾਲੇ ਵਿਅਕਤੀ ਦੀ ਪਛਾਣ ਅਤੇ ਉਸ ਤੱਕ ਪਹੁੰਚ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਜੋ ਉਸਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾ ਸਕੇ। ਫਿਲਹਾਲ ਸੁਰੱਖਿਆ ਕਾਰਨਾਂ ਕਰਕੇ ਕੋਰਟ ਕੰਪਲੈਕਸ ਪੂਰੀ ਤਰ੍ਹਾਂ ਖਾਲੀ ਕਰਵਾਇਆ ਗਿਆ ਹੈ।