ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੀ ਚੰਡੀਗੜ੍ਹ ਸਥਿਤ ਵਿਸ਼ੇਸ਼ ਅਦਾਲਤ ਨੇ ਅੱਤਵਾਦੀ ਸਤਵਿੰਦਰ ਸਿੰਘ ਉਰਫ਼ ਗੋਲਡੀ ਬਰਾੜ ਨੂੰ ਭਗੌੜਾ ਐਲਾਨ ਕਰ ਦਿੱਤਾ ਹੈ। ਵਿਸ਼ੇਸ਼ ਜੱਜ ਭਾਵਨਾ ਜੈਨ ਨੇ ਭਾਰਤੀ ਸੁਰੱਖਿਆ ਜ਼ਾਬਤਾ, 2023 ਦੀ ਧਾਰਾ 84 ਤਹਿਤ ਕਾਰਵਾਈ ਕਰਦੇ ਹੋਏ ਗੋਲਡੀ ਬਰਾੜ ਨੂੰ 30 ਦਿਨਾਂ ਦੇ ਅੰਦਰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ।
ਗੋਲਡੀ ਬਰਾੜ ਖ਼ਿਲਾਫ਼ 20 ਜਨਵਰੀ 2024 ਨੂੰ ਚੰਡੀਗੜ੍ਹ ਵਿੱਚ ਇੱਕ ਵਪਾਰੀ ਦੇ ਅਗਵਾ ਮਾਮਲੇ ਸਬੰਧੀ ਕੇਸ ਦਰਜ ਕੀਤਾ ਗਿਆ ਸੀ, ਜਿਸ ਦੀ ਜਾਂਚ ਬਾਅਦ ਵਿੱਚ 8 ਮਾਰਚ 2024 ਨੂੰ NIA ਨੇ ਆਪਣੇ ਹੱਥ ਵਿੱਚ ਲੈ ਲਈ ਸੀ। ਜਾਂਚ ਏਜੰਸੀ ਮੁਤਾਬਕ, ਗੋਲਡੀ ਬਰਾੜ ਇਸ ਮਾਮਲੇ ਦਾ ਮੁੱਖ ਸਾਜ਼ਿਸ਼ਕਾਰ ਹੈ।
ਜ਼ਿਕਰਯੋਗ ਹੈ ਕਿ ਗੋਲਡੀ ਬਰਾੜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਵੀ ਮੰਨਿਆ ਜਾਂਦਾ ਹੈ। ਕੇਂਦਰ ਸਰਕਾਰ ਵੱਲੋਂ ਉਸਨੂੰ ਪਹਿਲਾਂ ਹੀ ਅੱਤਵਾਦੀ ਘੋਸ਼ਿਤ ਕੀਤਾ ਜਾ ਚੁੱਕਾ ਹੈ। ਸੂਤਰਾਂ ਅਨੁਸਾਰ, ਗੋਲਡੀ ਬਰਾੜ ਇਸ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਹੈ।
ਇਸ ਕੇਸ ਵਿੱਚ ਗੋਲਡੀ ਬਰਾੜ ਉੱਤੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 120B (ਅਪਰਾਧਿਕ ਸਾਜ਼ਿਸ਼), 336 (ਦੂਜਿਆਂ ਦੀ ਜਾਨ ਜਾਂ ਨਿੱਜੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਵਾਲਾ ਲਾਪਰਵਾਹੀ ਭਰਾ ਕੰਮ), 384 (ਜਬਰਦਸਤੀ) ਅਤੇ 506 (ਅਪਰਾਧਿਕ ਧਮਕੀ) ਦੇ ਨਾਲ-ਨਾਲ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ ਲਗਾਏ ਗਏ ਹਨ।
ਅਦਾਲਤ ਨੇ ਸਪਸ਼ਟ ਕੀਤਾ ਹੈ ਕਿ ਜੇਕਰ ਗੋਲਡੀ ਬਰਾੜ ਨਿਰਧਾਰਤ 30 ਦਿਨਾਂ ਦੀ ਮਿਆਦ ਵਿੱਚ ਪੇਸ਼ ਨਹੀਂ ਹੁੰਦਾ, ਤਾਂ ਕਾਨੂੰਨ ਅਨੁਸਾਰ ਉਸਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸਦੇ ਨਾਲ ਹੀ ਸੂਤਰਾਂ ਨੇ ਦੱਸਿਆ ਹੈ ਕਿ ਉਸਨੂੰ ਕੈਨੇਡਾ ਤੋਂ ਭਾਰਤ ਵਾਪਸ ਲਿਆਉਣ ਲਈ ਕੂਟਨੀਤਿਕ ਅਤੇ ਕਾਨੂੰਨੀ ਕੋਸ਼ਿਸ਼ਾਂ ਵੀ ਤੇਜ਼ ਕਰ ਦਿੱਤੀਆਂ ਗਈਆਂ ਹਨ।