ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਨਵੇਂ ਸਾਲ ਦਾ ਵੱਡਾ ਤੋਹਫ਼ਾ ਦਿੰਦਿਆਂ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਜਨਵਰੀ ਤੋਂ ਲਾਗੂ ਕਰਨ ਨੂੰ ਮਨਜ਼ੂਰੀ ਦਿੱਤੀ ਹੈ। ਵੀਰਵਾਰ ਨੂੰ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਯੋਜਨਾ ਦੇ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਇਸ ਯੋਜਨਾ ਨਾਲ ਕਰੀਬ 3 ਕਰੋੜ ਪੰਜਾਬੀਆਂ ਨੂੰ ਲਾਭ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਬਣੇਗਾ ਜਿੱਥੇ ਬਿਨਾਂ ਕਿਸੇ ਭੇਦਭਾਵ ਦੇ ਹਰ ਪਰਿਵਾਰ ਨੂੰ ਇੰਨੀ ਵੱਡੀ ਰਾਸ਼ੀ ਦਾ ਕੈਸ਼ਲੈਸ ਇਲਾਜ ਮਿਲੇਗਾ। ਇਸ ਯੋਜਨਾ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਇਸ ਲਈ ਆਮਦਨ ਦੀ ਕੋਈ ਸੀਮਾ ਨਿਰਧਾਰਤ ਨਹੀਂ ਕੀਤੀ ਗਈ ਹੈ।
ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ
ਇਸ ਯੋਜਨਾ ਤਹਿਤ ਪੰਜਾਬ ਦੇ ਸਰਕਾਰੀ ਅਤੇ ਸੂਚੀਬੱਧ ਨਿਜੀ ਹਸਪਤਾਲਾਂ ਵਿੱਚ ਗੰਭੀਰ ਬਿਮਾਰੀਆਂ,ਵੱਡੇ ਆਪ੍ਰੇਸ਼ਨ, ਆਈਸੀਯੂ ਅਤੇ ਦਵਾਈਆਂ ਸਮੇਤ ਸਾਰੇ ਖ਼ਰਚੇ ਸ਼ਾਮਲ ਹੋਣਗੇ। ਇਲਾਜ ਪੂਰੀ ਤਰ੍ਹਾਂ ਕੈਸ਼ਲੇਸ ਹੋਵੇਗਾ ਅਤੇ ਮਰੀਜ਼ ਨੂੰ ਕਿਸੇ ਵੀ ਤਰ੍ਹਾਂ ਦੀ ਕਾਗਜ਼ੀ ਕਾਰਵਾਈ ਨਹੀਂ ਕਰਨੀ ਪਵੇਗੀ। ਇਲਾਜ ਤੋਂ ਪਹਿਲਾਂ ਅਤੇ ਬਾਅਦ ਦੇ ਖ਼ਰਚੇ ਵੀ ਇਸ ਯੋਜਨਾ ਵਿੱਚ ਸ਼ਾਮਲ ਕੀਤੇ ਗਏ ਹਨ। ਇਹ ਸੁਵਿਧਾ ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਦੇ ਹਸਪਤਾਲਾਂ ਵਿੱਚ ਵੀ ਉਪਲਬਧ ਹੋਵੇਗੀ।
5 ਨਹੀਂ, 10 ਲੱਖ ਰੁਪਏ ਤੱਕ ਦਾ ਇਲਾਜ
ਪਹਿਲਾਂ ਇੱਕ ਪਰਿਵਾਰ ਨੂੰ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲਦਾ ਸੀ ਹੁਣ ਇਸ ਰਕਮ ਨੂੰ ਵਧਾ ਕੇ 10 ਲੱਖ ਰੁਪਏ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਸਾਫ਼ ਕੀਤਾ ਕਿ ਇਸ ਯੋਜਨਾ ਵਿੱਚ ਕੋਈ ਆਮਦਨ ਸੀਮਾ ਨਹੀਂ ਹੈ। ਸਰਕਾਰੀ ਕਰਮਚਾਰੀ, ਪੈਨਸ਼ਨਰ ਅਤੇ ਆਮ ਨਾਗਰਿਕ— ਸਭ ਇਸ ਯੋਜਨਾ ਦਾ ਲਾਭ ਲੈ ਸਕਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਮਕਸਦ ਦੂਜੀ ਅਤੇ ਤੀਜੀ ਪੱਧਰ ਦੀ ਸਿਹਤ ਸੇਵਾ ਤੇ ਆਉਣ ਵਾਲੇ ਭਾਰੀ ਖ਼ਰਚ ਨੂੰ ਘਟਾਉਣਾ ਹੈ। ਇਹ ਯੋਜਨਾ ਸ਼ਹਿਰੀ ਅਤੇ ਪਿੰਡਾਂ ਦੋਹਾਂ ਖੇਤਰਾਂ ਵਿੱਚ ਸਿਹਤ ਸਹੂਲਤਾਂ ਤੱਕ ਪਹੁੰਚ ਨੂੰ ਮਜ਼ਬੂਤ ਕਰੇਗੀ।