Saturday, 15th of August 2026

CM ਮਾਨ ਨੇ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਕੀਤਾ ਨਮਨ, ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਪੰਜਾਬੀਆਂ ਨੂੰ ਦਿੱਤਾ ਖਾਸ ਸੁਨੇਹਾ...

ਅੱਜ 15 ਅਗਸਤ ਵਾਲੇ ਦਿਨ ਦੇਸ਼ 80ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ। ਜਿਸ ਕਰਕੇ ਦੇਸ਼ ਚ ਆਜ਼ਾਦੀ ਦਿਹਾੜੇ ਨੂੰ ਪੂਰੇ ਜ਼ੋਸ ਦੇ ਨਾਲ ਸੈਲੀਬ੍ਰੇਟ ਕੀਤਾ ਜਾ ਰਿਹਾ ਹੈ। ਇਸ ਖਾਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਦੇ ਕੈਂਟ ਬੋਰਡ ਸਟੇਡੀਅਮ ਵਿੱਚ ਤਿਰੰਗਾ ਲਹਿਰਾਇਆ। ਇਸ ਤੋਂ ਪਹਿਲਾਂ, ਉਨ੍ਹਾਂ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਹੁਸੈਨੀਵਾਲਾ ਵਿਖੇ ਸ਼ਹੀਦ ਸਮਾਰਕ 'ਤੇ ਸ਼ਰਧਾਂਜਲੀ ਭੇਟ ਕੀਤੀ।

Edited By: Lajwinder Kaur | Updated at: August 15th 2026 11:13 AM
Trending News
CM ਮਾਨ ਨੇ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਕੀਤਾ ਨਮਨ, ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਪੰਜਾਬੀਆਂ ਨੂੰ ਦਿੱਤਾ ਖਾਸ ਸੁਨੇਹਾ...

CM ਮਾਨ ਨੇ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਕੀਤਾ ਨਮਨ, ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਪੰਜਾਬੀਆਂ ਨੂੰ ਦਿੱਤਾ ਖਾਸ ਸੁਨੇਹਾ...

ਫਿਰੋਜ਼ਪੁਰ ਦੇ ਹੁਸੈਨੀਵਾਲਾ ਬਾਰਡਰ ਸਥਿਤ ਰਾਸ਼ਟਰੀ ਸ਼ਹੀਦੀ ਸਮਾਰਕ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਨੇ ਸ਼ਹੀਦਾਂ ਦੀਆਂ ਸਮਾਧੀਆਂ ’ਤੇ ਫੁੱਲਮਾਲਾਵਾਂ ਅਰਪਿਤ ਕਰਦਿਆਂ ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਆਜ਼ਾਦੀ ਦਿਵਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਤਿਰੰਗਾ ਲਹਿਰਾਉਣ ਲਈ ਰਵਾਨਾ ਹੋਏ। ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਦੇ ਕੈਂਟ ਬੋਰਡ ਸਟੇਡੀਅਮ ਵਿੱਚ ਤਿਰੰਗਾ ਲਹਿਰਾਇਆ। 

ਸਾਢੇ ਚਾਰ ਸਾਲਾਂ ਦੀਆਂ ਗਿਣਾਈਆਂ ਉਪਲਬਧੀਆਂ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਕਈ ਗਾਰੰਟੀਆਂ ਪੂਰੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਨਾ ਦਿੱਤੀਆਂ ਗਈਆਂ ਕਈ ਗਾਰੰਟੀਆਂ ਨੂੰ ਵੀ ਪੂਰਾ ਕੀਤਾ ਹੈ।

ਉਨ੍ਹਾਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਤੱਕ 74 ਲੱਖ ਭੈਣਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ ਅਤੇ 2,274 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਸਾਰੀਆਂ ਭੈਣਾਂ ਨੂੰ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਦੱਸਿਆ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸ਼ਰਧਾਲੂ ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ। ਹੁਣ ਪੰਜਾਬ ਤੋਂ ਬਾਹਰ ਸਥਿਤ ਹਰਿਦੁਆਰ, ਰਿਸ਼ੀਕੇਸ਼, ਖਾਟੂ ਸ਼ਿਆਮ, ਸਾਲਾਸਰ, ਮਥੁਰਾ ਅਤੇ ਵ੍ਰਿੰਦਾਵਨ ਵਰਗੇ ਧਾਰਮਿਕ ਸਥਾਨਾਂ ਲਈ ਵੀ ਬੱਸਾਂ ਚਲਾਈਆਂ ਜਾ ਰਹੀਆਂ ਹਨ।

ਸਿਹਤ ਅਤੇ ਸਿੱਖਿਆ ਖੇਤਰ ਵਿੱਚ ਵੱਡੇ ਬਦਲਾਅ

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹੁਣ 1,100 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ ਇਨ੍ਹਾਂ ਵਿੱਚ ਹੁਣ ਤੱਕ 5 ਕਰੋੜ 25 ਲੱਖ ਤੋਂ ਵੱਧ ਓਪੀਡੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਤੋਂ ਮਿਲ ਰਹੇ ਸਿਹਤ ਡਾਟਾ ਰਾਹੀਂ ਸਰਕਾਰ ਨੂੰ ਇਹ ਪਤਾ ਲਗਾਉਣ ਵਿੱਚ ਮਦਦ ਮਿਲ ਰਹੀ ਹੈ ਕਿ ਕਿਸ ਖੇਤਰ ਵਿੱਚ ਕਿਹੜੀ ਬਿਮਾਰੀ ਵੱਧ ਫੈਲ ਰਹੀ ਹੈ।

ਸਿੱਖਿਆ ਖੇਤਰ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਬਣੀ ਸੀ ਤਾਂ ਪੰਜਾਬ ਪ੍ਰਾਇਮਰੀ ਸਿੱਖਿਆ ਦੇ ਖੇਤਰ ਵਿੱਚ 27ਵੇਂ ਸਥਾਨ ’ਤੇ ਸੀ, ਪਰ ਸਰਕਾਰ ਵੱਲੋਂ ਕੀਤੇ ਗਏ ਸੁਧਾਰਾਂ ਤੋਂ ਬਾਅਦ ਪੰਜਾਬ ਹੁਣ ਪਹਿਲੇ ਸਥਾਨ ’ਤੇ ਪਹੁੰਚ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਵਾਰ ਪੰਜਾਬ ਦੇ 882 ਬੱਚਿਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ, ਜਦਕਿ ਪਹਿਲਾਂ ਸਰਕਾਰੀ ਸਕੂਲਾਂ ਵਿੱਚੋਂ ਲਗਭਗ 40 ਬੱਚੇ ਹੀ ਨੀਟ ਕੁਆਲੀਫਾਈ ਕਰਦੇ ਸਨ। ਇਸ ਤੋਂ ਇਲਾਵਾ ਕਰੀਬ 15 ਹਜ਼ਾਰ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਬੱਸਾਂ ਰਾਹੀਂ ਸਕੂਲ ਆਉਣ-ਜਾਣ ਦੀ ਸਹੂਲਤ ਲੈ ਰਹੀਆਂ ਹਨ।

ਨਿੱਜੀ ਸਕੂਲਾਂ ਦੀ ਫੀਸ ਵਾਧੇ ’ਤੇ ਲਗਾਈ ਹੱਦ

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਨਿੱਜੀ ਸਕੂਲਾਂ ਦੀ ਫੀਸ ਵਿੱਚ 5 ਫੀਸਦੀ ਤੋਂ ਵੱਧ ਵਾਧਾ ਨਹੀਂ ਕੀਤਾ ਜਾ ਸਕੇਗਾ। ਇਸ ਦਾ ਲਾਭ ਸੂਬੇ ਦੇ ਕਰੀਬ 7,800 ਸਕੂਲਾਂ ਵਿੱਚ ਪੜ੍ਹ ਰਹੇ 32 ਲੱਖ ਪਰਿਵਾਰਾਂ ਨੂੰ ਮਿਲੇਗਾ।

ਨ੍ਹਾਂ ਕਿਹਾ ਕਿ ‘ਮੇਰੀ ਰਸੋਈ’ ਯੋਜਨਾ ਨਾਲ ਕਰੀਬ 40 ਲੱਖ ਲੋਕਾਂ ਨੂੰ ਲਾਭ ਮਿਲਿਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ 2,800 ਨਵੇਂ ਰਾਸ਼ਨ ਡਿਪੂ ਖੋਲ੍ਹੇ ਜਾ ਰਹੇ ਹਨ।

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ 100 ਕਰੋੜ ਦਾ ਬਜਟ

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਾਸੀਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਮੌਕਾ ਮਿਲ ਰਿਹਾ ਹੈ। ਸਾਲ ਭਰ ਚੱਲਣ ਵਾਲੇ ਸਮਾਗਮਾਂ ਲਈ ਸਰਕਾਰ ਵੱਲੋਂ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਗੁਰੂਆਂ ਨੇ ਪੂਰੀ ਮਨੁੱਖਤਾ ਨੂੰ ਪਿਆਰ, ਭਾਈਚਾਰੇ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ। ਇਸੇ ਤਰ੍ਹਾਂ ਪਿਛਲੇ ਸਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਸਮਾਗਮ ਵੀ ਮਨਾਇਆ ਗਿਆ ਸੀ।

ਰਾਜਭਵਨ ਦੀ ਥਾਂ ਸ਼ਹੀਦਾਂ ਦੀ ਧਰਤੀ ’ਤੇ ਚੁੱਕੀ ਸੀ ਸਹੁੰ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ‘ਸਰਬੱਤ ਦਾ ਭਲਾ’ ਮੰਗਣ ਵਾਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੇ 2022 ਵਿੱਚ ਉਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ।

ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਮੁੱਖ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਰਾਜਭਵਨ ਜਾਂ ਸਟੇਡੀਅਮ ਵਿੱਚ ਹੁੰਦੇ ਹਨ, ਪਰ ਉਨ੍ਹਾਂ ਦੀ ਸਰਕਾਰ ਨੇ ਸ਼ਹੀਦਾਂ ਦੀ ਧਰਤੀ ’ਤੇ ਸਹੁੰ ਚੁੱਕਣ ਦਾ ਫੈਸਲਾ ਕੀਤਾ। ਇਸੇ ਤਹਿਤ ਖਟਕੜ ਕਲਾਂ ਦੀ ਪਵਿੱਤਰ ਧਰਤੀ ’ਤੇ ਸਹੁੰ ਚੁੱਕੀ ਗਈ।

ਸਰਕਾਰੀ ਦਫ਼ਤਰਾਂ ਵਿੱਚ ਭਗਤ ਸਿੰਘ ਅਤੇ ਡਾ. ਅੰਬੇਦਕਰ ਦੀਆਂ ਤਸਵੀਰਾਂ

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਮ ਤੌਰ ’ਤੇ ਮੌਜੂਦਾ ਮੁੱਖ ਮੰਤਰੀ ਦੀ ਤਸਵੀਰ ਲਗਾਈ ਜਾਂਦੀ ਹੈ, ਪਰ ਉਨ੍ਹਾਂ ਦੀ ਸਰਕਾਰ ਨੇ ਇਸ ਰਵਾਇਤ ਵਿੱਚ ਬਦਲਾਅ ਕਰਦਿਆਂ ਦੋ ਤਸਵੀਰਾਂ ਲਗਾਉਣ ਦਾ ਫੈਸਲਾ ਕੀਤਾ। ਇੱਕ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦਿੱਤੀ ਅਤੇ ਦੂਜੀ ਡਾ. ਭੀਮ ਰਾਓ ਅੰਬੇਦਕਰ ਦੀ, ਜਿਨ੍ਹਾਂ ਨੇ ਦੇਸ਼ ਦਾ ਸੰਵਿਧਾਨ ਤਿਆਰ ਕੀਤਾ।

ਉਨ੍ਹਾਂ ਕਿਹਾ ਕਿ ਮੋਹਾਲੀ ਹਵਾਈ ਅੱਡੇ ਦਾ ਨਾਮ ਵੀ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਗਿਆ ਹੈ ਅਤੇ ਹਵਾਈ ਅੱਡੇ ’ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਪ੍ਰਤਿਮਾ ਵੀ ਸਥਾਪਿਤ ਕੀਤੀ ਗਈ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸਾਰੇ ਸ਼ਹੀਦਾਂ ਨੂੰ ਨਮਨ ਕਰਦਿਆਂ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਈ।

Punjabi Shorts

Latest News