ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਹੈ ਕਿ 15 ਜਨਵਰੀ ਨੂੰ ਅਕਾਲ ਤਖ਼ਤ ’ਤੇ ਉਨ੍ਹਾਂ ਦੀ ਹਾਜ਼ਰੀ ਅਤੇ ਗੋਲਕ ਦੇ ਲੇਖਾ-ਜੋਖੇ ਨਾਲ ਸੰਬੰਧਿਤ ਕਾਰਵਾਈ ਦਾ ਸਾਰੇ ਟੀਵੀ ਚੈਨਲਾਂ ’ਤੇ ਸਿੱਧਾ ਪ੍ਰਸਾਰਣ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਦੁਨੀਆ ਭਰ ਵਿੱਚ ਵੱਸ ਰਹੀ ਸਿੱਖ ਸੰਗਤ ਹਰ ਪਲ ਦੀ ਜਾਣਕਾਰੀ ਨਾਲ ਜੁੜੀ ਰਹੇਗੀ।
ਸੀਐਮ ਮਾਨ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਉਨ੍ਹਾਂ ਨੂੰ ਦੇਸ਼ ਅਤੇ ਵਿਦੇਸ਼ ਤੋਂ ਲਗਾਤਾਰ ਸੁਨੇਹੇ ਮਿਲ ਰਹੇ ਹਨ, ਜਿਨ੍ਹਾਂ ਵਿੱਚ ਸੰਗਤ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਗੋਲਕ ਦੇ ਲੇਖਾ-ਜੋਖੇ ਵਰਗੇ ਸੰਵੇਦਨਸ਼ੀਲ ਮਸਲੇ ’ਤੇ ਪੂਰੀ ਪਾਰਦਰਸ਼ਤਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ, “ਮੈਂ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਤੇ ਲੇਖਾ-ਜੋਖੇ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ। 15 ਜਨਵਰੀ ਨੂੰ ਅਸੀਂ ਸਬੂਤਾਂ ਸਮੇਤ ਮਿਲਾਂਗੇ।”
ਪੂਰੀ ਦੁਨੀਆ ਚੋਂ ਮੈਨੂੰ ਸੁਨੇਹੇ ਆ ਰਹੇ ਨੇ ਕਿ 15 ਜਨਵਰੀ ਨੂੰ ਜਦੋਂ ਸੰਗਤ ਵੱਲੋਂ ਗੋਲਕ ਦਾ ਹਿਸਾਬ- ਕਿਤਾਬ ਲੈ ਕੇ ਜਾਵਾਂਗੇ..ਸਾਰੇ ਚੈਨਲਾਂ ਤੇ live telecast ਹੋਣਾ ਚਾਹੀਦੈ..ਮੈਂ ਵੀ ਦੁਨੀਆਂ ਭਰ ਦੀ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ ਤਾਂ ਕਿ…
— Bhagwant Mann (@BhagwantMann) January 8, 2026
ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ’ਤੇ ਬੁਲਾਉਣ ਦਾ ਮਾਮਲਾ ਉਸ ਸਮੇਂ ਚਰਚਾ ਵਿੱਚ ਆਇਆ ਜਦੋਂ ਪੰਜਾਬੀ ਗਾਇਕ ਜਸਬੀਰ ਜੱਸੀ ਵੱਲੋਂ ਸ਼ਬਦ ਗਾਇਨ ਕੀਤਾ ਗਿਆ। ਇਸ ’ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਇਤਰਾਜ਼ ਜਤਾਉਂਦੇ ਹੋਏ ਕਿਹਾ ਸੀ ਕਿ ਜਸਬੀਰ ਜੱਸੀ ਪੂਰੇ ਸਿੱਖ ਨਹੀਂ ਹਨ, ਇਸ ਲਈ ਉਹ ਸ਼ਬਦ ਨਹੀਂ ਗਾ ਸਕਦੇ।
ਇਸ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਸੀਐਮ ਮਾਨ ਨੇ ਸਵਾਲ ਉਠਾਇਆ ਸੀ ਕਿ ਜੇ ਪੂਰੇ ਸਿੱਖ ਨਾ ਹੋਣ ਦੇ ਆਧਾਰ ’ਤੇ ਸ਼ਬਦ ਗਾਇਨ ਤੋਂ ਰੋਕਿਆ ਜਾ ਸਕਦਾ ਹੈ, ਤਾਂ ਫਿਰ ਪਤਿਤ ਸਿੱਖਾਂ ਨੂੰ ਗੁਰਦੁਆਰਿਆਂ ਵਿੱਚ ਮੱਥਾ ਟੇਕਣ ਅਤੇ ਗੋਲਕ ਵਿੱਚ ਦਾਨ ਪਾਉਣ ਤੋਂ ਵੀ ਰੋਕਿਆ ਜਾਣਾ ਚਾਹੀਦਾ ਹੈ। ਇਸ ਬਿਆਨ ਤੋਂ ਬਾਅਦ ਧਾਰਮਿਕ ਅਤੇ ਸਿਆਸੀ ਚਰਚਾ ਹੋਰ ਤੇਜ਼ ਹੋ ਗਈ ਹੈ।