Trending:
ਪੰਜਾਬ ਤੇ ਚੰਡੀਗੜ੍ਹ ਵਿੱਚ ਲੋਕਾਂ ਨੂੰ ਕੜਾਕੇ ਦੀ ਠੰਢ ਤੋਂ ਫ਼ਿਲਹਾਲ ਕੋਈ ਵੱਡੀ ਰਾਹਤ ਨਹੀਂ ਮਿਲ ਰਹੀ। ਮੌਸਮ ਵਿਭਾਗ ਦੇ ਅਨੁਸਾਰ ਭਾਵੇਂ ਤਾਪਮਾਨ ਵਿੱਚ ਹੌਲੀ-ਹੌਲੀ ਵਾਧਾ ਦਰਜ ਕੀਤਾ ਜਾ ਰਿਹਾ ਹੈ, ਪਰ ਸਵੇਰ ਅਤੇ ਰਾਤ ਦੇ ਸਮੇਂ ਸੰਘਣੀ ਧੁੰਦ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਮੌਸਮ ਵਿਭਾਗ ਵੱਲੋਂ 22 ਜਨਵਰੀ ਤੱਕ ਧੁੰਦ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਚੰਡੀਗੜ੍ਹ ਮੌਸਮ ਕੇਂਦਰ ਮੁਤਾਬਕ ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ। ਇਸ ਦਾ ਸਭ ਤੋਂ ਵੱਡਾ ਅਸਰ ਜਲੰਧਰ ਵਿੱਚ ਵੇਖਣ ਨੂੰ ਮਿਲਿਆ, ਜਿੱਥੇ ਰਾਤ ਕਰੀਬ 9 ਵਜੇ ਅਚਾਨਕ ਪਈ ਸੰਘਣੀ ਧੁੰਦ ਕਾਰਨ ਵਿਜ਼ਿਬਿਲਟੀ ਲਗਭਗ ਜ਼ੀਰੋ ਹੋ ਗਈ। ਇਸ ਦੌਰਾਨ ਇੱਕ ਕਾਰ ਬੇਕਾਬੂ ਹੋ ਕੇ ਡੀਏਵੀ ਕਾਲਜ ਨੇੜੇ ਨਾਲੇ ਵਿੱਚ ਡਿੱਗ ਗਈ। ਖੁਸ਼ਕਿਸਮਤੀ ਨਾਲ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਦੋਵੇਂ ਸਵਾਰੀਆਂ ਨੂੰ ਸੁਰੱਖਿਅਤ ਬਚਾ ਲਿਆ ਗਿਆ।
ਹਾਲਾਂਕਿ ਪਿਛਲੇ 24 ਘੰਟਿਆਂ ਦੌਰਾਨ ਧੁੰਦ ਕਾਰਨ ਹੋਏ ਵੱਖ-ਵੱਖ ਸੜਕ ਹਾਦਸਿਆਂ ਵਿੱਚ 6 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚ ਗੁਜਰਾਤ ਦੀ ਇੱਕ ਮਹਿਲਾ ਕਾਂਸਟੇਬਲ ਵੀ ਸ਼ਾਮਲ ਹੈ। ਇਨ੍ਹਾਂ ਘਟਨਾਵਾਂ ਤੋਂ ਬਾਅਦ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਧੁੰਦ ਦੌਰਾਨ ਗੱਡੀ ਹੌਲੀ ਚਲਾਈ ਜਾਵੇ ਅਤੇ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।
ਮੌਸਮ ਵਿਭਾਗ ਮੁਤਾਬਕ ਅੱਜ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 1.7 ਡਿਗਰੀ ਵੱਧ ਦਰਜ ਕੀਤਾ ਗਿਆ। ਸ੍ਰੀ ਆਨੰਦਪੁਰ ਸਾਹਿਬ ਵਿੱਚ 22.6 ਡਿਗਰੀ ਅਤੇ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 4.4 ਡਿਗਰੀ ਰਿਹਾ।
ਚੰਡੀਗੜ੍ਹ ਮੌਸਮ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ ਪਹਾੜੀ ਇਲਾਕਿਆਂ ਵਿੱਚ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ, ਜਿਸ ਕਾਰਨ 19 ਜਨਵਰੀ ਨੂੰ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਹੋ ਸਕਦੀ ਹੈ, ਜਦਕਿ 22 ਅਤੇ 23 ਜਨਵਰੀ ਨੂੰ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।