ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਦੀਨਾਨਗਰ ਤੋਂ ਸਾਬਕਾ ਹਲਕਾ ਇੰਚਾਰਜ 'ਆਪ' ‘ਚ ਸ਼ਾਮਲ; CM ਮਾਨ ਨੇ ਕਰਵਾਈ ਪਾਰਟੀ 'ਚ ਸ਼ਮੂਲੀਅਤ
2027 ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ ਪਈ ਹੈ। ਹਰ ਪਾਰਟੀ ਆਪਣੇ ਆਪ ਨੂੰ ਮਜ਼ਬੂਤ ਕਰਨ ਦੇ ਵਿੱਚ ਲੱਗੀ ਹੋਈ ਹੈ। ਜਿਸ ਕਰਕੇ ਆਗੂ ਇੱਕ ਪਾਰਟੀ ਤੋਂ ਦੂਜੀ ਪਾਰਟੀ ਦੇ ਵਿੱਚ ਜਾ ਰਹੇ ਹਨ। ਹੁਣ ਦੀਨਾਨਗਰ ਇਲਾਕੇ ਵਿੱਚ ਆਮ ਆਦਮੀ ਪਾਰਟੀ (AAP) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ। ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵੀ ਮੋਹਨ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪ ਓਹਨਾਂ ਨੂੰ ਪਾਰਟੀ ਦੀ ਸਿਰੋਪਾਓ ਪਾ ਕੇ ਰਸਮੀ ਤੌਰ 'ਤੇ 'ਆਪ' ਵਿੱਚ ਸ਼ਾਮਲ ਕਰਵਾਇਆ ਅਤੇ ਪਾਰਟੀ ਵਿੱਚ ਜੀ ਆਇਆਂ ਨੂੰ ਕਿਹਾ।
'ਆਪ' ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲਿਆ ਫ਼ੈਸਲਾ
ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਰਵੀ ਮੋਹਨ ਨੇ ਦੱਸਿਆ ਕਿ ਉਹ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਉਹ 'ਆਪ' ਨਾਲ ਜੁੜੇ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ।
ਦੀਨਾਨਗਰ 'ਚ ਆਪ ਦਾ ਪੱਖ ਹੋਇਆ ਹੋਰ ਮਜ਼ਬੂਤ
ਰਵੀ ਮੋਹਨ ਦੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ 'ਆਪ' ਵਿੱਚ ਆਉਣ ਨਾਲ ਦੀਨਾਨਗਰ ਹਲਕੇ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ, ਜਦਕਿ ਆਮ ਆਦਮੀ ਪਾਰਟੀ ਦਾ ਸੰਗਠਨਾਤਮਕ ਆਧਾਰ ਹੋਰ ਮਜ਼ਬੂਤ ਹੋ ਗਿਆ ਹੈ।