ਪੰਜਾਬ ਕਾਂਗਰਸ ਨੇ ਡਾ. ਨਵਜੋਤ ਕੌਰ ਸਿੱਧੂ ਦੇ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਪਾਰਟੀ 'ਚ ਸਸਪੈਂਡ ਕਰ ਦਿੱਤਾ ਹੈ। ਇਹ ਕਾਰਵਾਈ ਪੰਜਾਬੀ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤੀ ਹੈ। ਦਰਅਸਲ ਡਾ. ਨਵਜੋਤ ਕੌਰ ਸਿੱਧੂ ਵੱਲੋਂ ਲਗਾਤਾਰ ਪੰਜਾਬ ਕਾਂਗਰਸ ਦੇ ਆਗੂਆਂ ਖਿਲਾਫ ਟਿੱਪਣੀਆਂ ਕੀਤੀਆਂ ਜਾ ਰਹੀਆਂ ਸਨ, ਇਸ ਨੂੰ ਲੈ ਕੇ ਹੀ ਇਹ ਕਾਰਵਾਈ ਹੋਈ ਹੈ।
ਕੁਝ ਦਿਨ ਪਹਿਲਾਂ ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ ਸੀ ਕਿ ਕਾਂਗਰਸ ਪਾਰਟੀ ਵਿੱਚ ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਚਿਹਰਾ ਬਣਾਉਣ ਤਾਂ ਉਹ ਸਿਆਸਤ ਵਿੱਚ ਆਉਣਗੇ ਅਤੇ ਕਿਹਾ ਸੀ ਕਿ ਪੰਜਾਬ ਵਿੱਚ ਕਾਂਗਰਸ ਮੁੱਖ ਮੰਤਰੀ ਦੀ ਸੀਟ ਲਈ 500 ਕਰੋੜ ਰੁਪਏ ਲੈਂਦੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਕਾਂਗਰਸ ਦੇ ਚਾਰ ਆਗੂ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ। ਧੜੇਬੰਦੀ ਕਾਰਨ ਹੀ ਕਾਂਗਰਸ ਜਿੱਤ ਨਹੀਂ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਸੁਖਜਿੰਦਰ ਸਿੰਘ ਰੰਧਾਵਾ ਉਨ੍ਹਾਂ ਵਿੱਚੋਂ ਇੱਕ ਹਨ ਤੇ ਉਨ੍ਹਾਂ ਦੇ ਸਬੰਧ ਗੈਂਗਸਟਰਾਂ ਨਾਲ ਹਨ। ਇਸ ਤੋਂ ਇਲਾਵਾ ਚਰਨਜੀਤ ਸਿੰਘ ਚੰਨੀ, ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਮੁੱਖ ਮੰਤਰੀ ਦੀ ਦੌੜ ਵਿੱਚ ਹਨ।