ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਹੁਣ ਤੋਂ ਹੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਆਪਣੇ ਹੱਕ ਵਿੱਚ ਲਾਮਬੰਦ ਕਰਨ ਲਈ ਪਾਰਟੀਆਂ ਦੇ ਆਗੂ ਲਗਾਤਾਰ ਸਰਗਰਮ ਹਨ। ਇਸੇ ਦੌਰਾਨ ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵੀ ਗਠਜੋੜ ਅਤੇ ਸੀਟਾਂ ਦੀ ਵੰਡ ਨੂੰ ਲੈ ਕੇ ਇੱਕ ਸੂਚੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਹਾਲਾਂਕਿ, ਸ਼੍ਰੋਮਣੀ ਅਕਾਲੀ ਦਲ ਨੇ ਇਸ ਵਾਇਰਲ ਸੂਚੀ ਨੂੰ ਪੂਰੀ ਤਰ੍ਹਾਂ ਫਰਜ਼ੀ ਕਰਾਰ ਦਿੱਤਾ ਹੈ। ਪਾਰਟੀ ਵੱਲੋਂ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਸਪੱਸ਼ਟ ਕੀਤਾ ਗਿਆ ਹੈ ਕਿ ਕੁਝ ਰਾਜਨੀਤਿਕ ਪਾਰਟੀਆਂ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸੰਭਾਵੀ ਸੀਟਾਂ ਦੀ ਵੰਡ ਨੂੰ ਲੈ ਕੇ ਜਾਅਲੀ ਸੂਚੀ ਵਾਇਰਲ ਕੀਤੀ ਜਾ ਰਹੀ ਹੈ। ਪਾਰਟੀ ਨੇ ਕਿਹਾ ਕਿ ਇਸ ਸੂਚੀ ਦਾ ਕੋਈ ਆਧਾਰ ਨਹੀਂ ਹੈ ਅਤੇ ਇਹ ਸਰਾਸਰ ਝੂਠੀ ਹੈ।
SAD ਨੇ ਲੋਕਾਂ ਨੂੰ ਫਰਜ਼ੀ ਪੋਸਟਾਂ ਤੋਂ ਸਾਵਧਾਨ ਰਹਿਣ ਦੀ ਕੀਤੀ ਅਪੀਲ
ਸ਼੍ਰੋਮਣੀ ਅਕਾਲੀ ਦਲ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਸੀਟਾਂ ਦੀ ਵੰਡ ਸਬੰਧੀ ਕੋਈ ਫੈਸਲਾ ਲਿਆ ਜਾਵੇਗਾ ਤਾਂ ਇਸ ਦਾ ਅਧਿਕਾਰਤ ਤੌਰ 'ਤੇ ਐਲਾਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਾਰਟੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਅਜਿਹੀਆਂ ਫਰਜ਼ੀ ਪੋਸਟਾਂ 'ਤੇ ਭਰੋਸਾ ਨਾ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਿਚਾਲੇ ਸਰਗਰਮੀਆਂ ਲਗਾਤਾਰ ਵਧ ਰਹੀਆਂ ਹਨ। ਅਜਿਹੇ ਵਿੱਚ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਸੰਭਾਵੀ ਗਠਜੋੜ ਅਤੇ ਸੀਟਾਂ ਦੀ ਵੰਡ ਨੂੰ ਲੈ ਕੇ ਵੀ ਸਿਆਸੀ ਚਰਚਾਵਾਂ ਜਾਰੀ ਹਨ।
ਕੁਝ ਰਾਜਨੀਤਿਕ ਦਲਾਂ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀਆਂ ਸੰਭਾਵੀ ਸੀਟਾਂ ਦੀ ਵੰਡ ਨੂੰ ਲੈ ਕੇ ਜਾਅਲੀ ਸੂਚੀ ਵਾਲ਼ੀ ਇੱਕ ਪੋਸਟ ਵਾਇਰਲ ਕੀਤੀ ਜਾ ਰਹੀ ਹੈ, ਜੋ ਕਿ ਸਰਾਸਰ ਝੂਠੀ ਹੈ ਅਤੇ ਜਿਸਦਾ ਕੋਈ ਆਧਾਰ ਨਹੀਂ ਹੈ।
ਜਦੋਂ ਵੀ ਸ਼੍ਰੋਮਣੀ ਅਕਾਲੀ ਦਲ- ਭਾਰਤੀ ਜਨਤਾ ਪਾਰਟੀ ਸੀਟਾਂ ਦੀ ਵੰਡ ਕਰਨਗੇ, ਉਸਦਾ ਅਧਿਕਾਰਤ ਤੌਰ 'ਤੇ ਐਲਾਨ ਕੀਤਾ ਜਾਵੇਗਾ। ਸਾਡੀ ਅਪੀਲ ਹੈ ਕਿ ਅਜਿਹੀਆਂ ਝੂਠੀਆਂ ਪੋਸਟਾਂ 'ਤੇ ਭਰੋਸਾ ਨਾ ਕੀਤਾ ਜਾਵੇ। ਧੰਨਵਾਦ!
— Shiromani Akali Dal (@Akali_Dal_) November 26, 2026