ਅਮਰੀਕਾ-ਭਾਰਤ ਟਰੇਡ ਡੀਲ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨਾਂ ਨੇ ਅੱਜ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਲਈ ਸ਼ੰਭੂ ਬਾਰਡਰ 'ਤੇ ਵੱਡੀ ਗਿਣਤੀ ਵਿੱਚ ਪੰਜਾਬ ਦੇ ਕਿਸਾਨ ਇਕੱਠੇ ਹੋਏ ਹਨ। ਇਸ ਨੂੰ ਦੇਖਦਿਆਂ ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਨੂੰ ਬੰਦ ਕਰ ਦਿੱਤਾ ਹੈ ਅਤੇ ਬਾਰਡਰ 'ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।
ਜੇਸੀਬੀ ਮਸ਼ੀਨਾਂ ਵੀ ਤਾਇਨਾਤ
ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਬੈਰੀਕੇਡ ਲਗਾਉਣ ਦੇ ਨਾਲ-ਨਾਲ ਜੇਸੀਬੀ ਮਸ਼ੀਨਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਇਸ ਪ੍ਰਦਰਸ਼ਨ ਦੀ ਅਗਵਾਈ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਕਰ ਰਹੇ ਹਨ।
ਕਿਸਾਨ ਆਗੂ ਤੇਜਬੀਰ ਸਿੰਘ ਨੇ ਦੱਸਿਆ ਕਿ ਸ਼ੰਭੂ ਬਾਰਡਰ 'ਤੇ ਬੈਰੀਕੇਡ ਲਗਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਾਲੇ ਕਿਸਾਨ ਜਿਵੇਂ ਕਿ ਪਿਹੋਵਾ, ਅੰਬਾਲਾ, ਕੁਰੂਕਸ਼ੇਤਰਾ ਵਾਲੇ ਦਿੱਲੀ ਵੱਲ ਕੂਚ ਕਰਨਗੇ ਅਤੇ ਪੰਜਾਬ ਵਾਲੇ ਸ਼ੰਭੂ ਬਾਰਡਰ 'ਤੇ ਆਉਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਖਨੌਰੀ ਵਾਲਾ ਰਸਤਾ ਵੀ ਬੰਦ ਕਰ ਦਿੱਤਾ ਗਿਆ ਹੈ। ਅੱਜ ਸਾਡਾ ਦਿੱਲੀ ਵਿੱਚ ਪ੍ਰੋਗਰਾਮ 12 ਤੋਂ 4 ਵਜੇ ਤੱਕ ਹੈ, ਇਸ ਲਈ ਸਟੇਜ ਤੋਂ ਜੋ ਵੀ ਆਦੇਸ਼ ਆਉਣਗੇ, ਉਸ ਦੀ ਪਾਲਣਾ ਕਰਨੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਰੋਜ਼ ਪੰਜਾਬ ਵਿੱਚ ਆ ਕੇ ਰੈਲੀਆਂ ਕਰਦੇ ਹਨ, ਪਰ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦਾ ਇਹ ਤਰੀਕਾ ਬਿਲਕੁਲ ਠੀਕ ਨਹੀਂ ਹੈ।
ਉੱਧਰ, ਅੰਬਾਲਾ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕਰਦਿਆਂ ਯਾਤਰੀਆਂ ਨੂੰ ਬਦਲਵੇਂ ਰਸਤੇ ਅਪਣਾਉਣ ਦੀ ਅਪੀਲ ਕੀਤੀ ਹੈ। ਪੁਲਿਸ ਨੇ ਕਿਹਾ ਹੈ ਕਿ ਕਿਸੇ ਵੀ ਐਮਰਜੈਂਸੀ ਜਾਂ ਸੰਕਟ ਦੀ ਸਥਿਤੀ ਵਿੱਚ 112 ਨੰਬਰ 'ਤੇ ਕਾਲ ਕਰੋ।