ਪੰਜਾਬ ਵਿੱਚ ਕਿਸਾਨਾਂ ਨੇ ਅੱਜ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਹੈ ਪਰ ਇਸਤੋਂ ਪਹਿਲਾਂ ਹੀ ਪੁਲਿਸ ਨੇ ਐਕਸ਼ਨ ਲੈਂਦਿਆਂ ਕਈ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਦੇ ਘਰ ਦੇ ਬਾਹਰ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਲੁਧਿਆਣਾ ਵਿੱਚ ਰੇਲ ਰੋਕੋ ਅੰਦੋਲਨ ਦੀ ਅਗਵਾਈ ਦਿਲਬਾਗ ਸਿੰਘ ਕਰ ਰਹੇ ਹਨ। ਦੱਸ ਦਈਏ ਕਿ ਕਿ ਕਿਸਾਨਾਂ ਨੇ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਸਮੇਤ 19 ਜ਼ਿਲ੍ਹਿਆਂ ਵਿੱਚ 26 ਥਾਵਾਂ 'ਤੇ ਰੇਲਵੇ ਟਰੈਕ ਜਾਮ ਕਰਨ ਦੀ ਗੱਲ ਕਹੀ ਹੈ । ਕਿਸਾਨਾਂ ਦਾ ਪ੍ਰਦਰਸ਼ਨ ਦੁਪਹਿਰ 1 ਤੋਂ 3 ਵਜੇ ਤੱਕ ਚੱਲੇਗਾ।

ਪੁਲਿਸ ਵੱਲੋਂ ਕੀਤੀ ਕਾਰਵਾਈ ਤੋਂ ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਭੜਕੇ ਹਨ ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿਲ -2025 ਦਾ ਖਰੜਾ ਰੱਦ ਕਰਾਉਣ ਲਈ ਮੋਰਚੇ ਵੱਲੋਂ ਇੱਕ ਤੋਂ ਤਿੰਨ ਦੋ ਘੰਟੇ ਲਈ ਰੇਲ ਟਰੈਕ ਜਾਮ ਕਰਨਾ ਹੈ ਜਿਸ ਨੂੰ ਅਸਫਲ ਕਰਨ ਲਈ ਕੇਂਦਰ ਵੱਲੋਂ ਪੰਜਾਬ ਸਰਕਾਰ ਨਾਲ ਮਿਲ ਕੇ ਰਾਤ ਤੋਂ ਕਿਸਾਨ ਆਗੂਆਂ ਦੇ ਘਰਾਂ ’ਤੇ ਛਾਪੇਮਾਰੀ ਕੀਤੀ ਗਈ ਹੈ ਜਿਸ ਤਹਿਤ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਰੋਪੜ, ਪਟਿਆਲਾ ਆਦਿ ਜ਼ਿਲ੍ਹਿਆਂ ਵਿੱਚ ਕਿਸਾਨ ਆਗੂਆਂ ਦੇ ਘਰਾਂ ’ਤੇ ਛਾਪੇਮਾਰੀ ਹੋਈ ਹੈ। ਉਨ੍ਹਾਂ ਪੰਜਾਬ ਦੀਆਂ ਸਾਰੀਆਂ ਜਨਤਕ ਤੇ ਜਮਹੂਰੀ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਦੇ ਇਸ ਜਬਰ ਵਿਰੋਧੀ ਰਵੱਈਏ ਦੀ ਜ਼ੋਰਦਾਰ ਢੰਗ ਨਾਲ ਆਲੋਚਨਾ ਕਰਨ ਅਤੇ ਪੰਜਾਬ ਦੇ ਲੋਕਾਂ ਨੂੰ ਇਸ ਜਬਰ ਦੇ ਵਿਰੁੱਧ ਅੱਗੇ ਆਉਣਾ ਚਾਹੀਦਾ ਹੈ।
ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਰੇਲ ਯਾਤਰੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ । ਹਾਲਾਂਕਿ ਕਿਸਾਨਾਂ ਵੱਲੋਂ ਹਾਈਵੇਅ 'ਤੇ ਜਾਮ ਜਾਂ ਪ੍ਰਦਰਸ਼ਨ ਨਹੀਂ ਕੀਤਾ ਜਾਵੇਗਾ।
ਕਿਸਾਨ ਕਿਉਂ ਪ੍ਰਦਰਸ਼ਨ ਕਰ ਰਹੇ ?
ਕਿਸਾਨਾਂ ਦੀ ਮੁੱਖ ਤਿੰਨ ਮੰਗਾਂ ਹਨ ਇਨ੍ਹਾਂ ਵਿੱਚ ਬਿਜਲੀ ਸੋਧ ਬਿੱਲ 2025 ਨੂੰ ਰੱਦ ਕਰਨਾ, ਪ੍ਰੀਪੇਡ ਬਿਜਲੀ ਮੀਟਰਾਂ ਨੂੰ ਹਟਾਉਣਾ ਅਤੇ ਪੰਜਾਬ ਸਰਕਾਰ ਨੂੰ ਸਰਕਾਰੀ ਜ਼ਮੀਨ ਵੇਚਣ ਤੋਂ ਰੋਕਣਾ ਹੈ।