Trending:
ਫਾਜ਼ਿਲਕਾ 'ਚ ਸ਼ਾਨਦਾਰ ਗਣਤੰਤਰ ਦਿਹਾੜਾ ਸਮਾਗਮ: ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿਰੰਗਾ ਲਹਿਰਾਇਆ, ਨਸ਼ਾ ਵਿਰੋਧੀ ਮਾਰਚ ਦਾ ਐਲਾਨ
ਫਾਜ਼ਿਲਕਾ ਵਿੱਚ ਗਣਤੰਤਰ ਦਿਹਾੜੇ ਦੇ ਮੌਕੇ ਸੂਬਾ ਪੱਧਰੀ ਸਮਾਗਮ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਤਿਰੰਗਾ ਝੰਡਾ ਲਹਿਰਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ ਅਤੇ ਸ਼ਾਨਦਾਰ ਪਰੇਡ ਦਾ ਨਰੀਖਣ ਕੀਤਾ। ਸਮਾਰੋਹ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸਮੇਤ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਜੂਦ ਰਹੇ।
ਇਸ ਤੋਂ ਪਹਿਲਾਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਆਸਫਵਾਲਾ ਵਿੱਚ ਸਥਿਤ ਸ਼ਹੀਦਾਂ ਦੇ ਸਮਾਰਕ ‘ਤੇ ਜਾ ਕੇ 1965 ਅਤੇ 1971 ਦੀ ਭਾਰਤ-ਪਾਕ ਜੰਗ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਦੀ ਧਰਤੀ ਨੇ ਸਦਾ ਦੇਸ਼ ਦੀ ਅਖੰਡਤਾ ਅਤੇ ਕੁਰਬਾਨੀ ਦੀ ਮਿਸਾਲ ਪੇਸ਼ ਕੀਤੀ ਹੈ। ਇੱਥੇ ਦੇ ਲੋਕ ਸ਼ਹੀਦਾਂ ਨੂੰ ਆਪਣੇ ਦਿਲਾਂ ਵਿੱਚ ਸਾਂਭ ਕੇ ਰੱਖਦੇ ਹਨ।
ਰਾਜਪਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇਸ਼ ਦੀ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਹੈ। ਸਰਹੱਦਾਂ ਦੀ ਰੱਖਿਆ ਤੋਂ ਲੈ ਕੇ ਰਾਸ਼ਟਰ ਨਿਰਮਾਣ ਤੱਕ ਪੰਜਾਬ ਨੇ ਹਰ ਖੇਤਰ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਹਾਲੀਆ ਹੜ੍ਹਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁਸ਼ਕਲ ਸਮੇਂ ਵਿੱਚ ਪੰਜਾਬ ਦੇ ਲੋਕਾਂ ਨੇ ਹਿੰਮਤ ਅਤੇ ਏਕਤਾ ਦੀ ਸ਼ਾਨਦਾਰ ਮਿਸਾਲ ਪੇਸ਼ ਕੀਤੀ।
ਰਾਜਪਾਲ ਨੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਦੀ ਪ੍ਰਸ਼ੰਸਾ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਆਮ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਬੀਮਾ ਮਿਲ ਰਿਹਾ ਹੈ ਅਤੇ ਰਾਜ ਵਿੱਚ 356 ਹਾਈ-ਟੈਕ ਐਂਬੂਲੈਂਸਾਂ ਤਾਇਨਾਤ ਹਨ। ਉਨ੍ਹਾਂ ਐਲਾਨ ਕੀਤਾ ਕਿ ਰੈੱਡ ਕਰਾਸ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੋਰ ਐਂਬੂਲੈਂਸਾਂ ਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਮੁਫ਼ਤ ਬਿਜਲੀ, ਸਿੱਖਿਆ ਕ੍ਰਾਂਤੀ, ਲੜਕੀਆਂ ਲਈ ਆਵਾਜਾਈ ਸਹੂਲਤਾਂ ਅਤੇ ਨਹਿਰੀ ਪਾਣੀ ਦੀ ਵਧੀਕ ਉਪਲਬਧਤਾ ਵਰਗੀਆਂ ਪ੍ਰਾਪਤੀਆਂ ਦੀ ਵੀ ਸ਼ਲਾਘਾ ਕੀਤੀ ਗਈ।
ਅੰਤ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਲਾਨ ਕੀਤਾ ਕਿ 8 ਫਰਵਰੀ ਨੂੰ ਫਾਜ਼ਿਲਕਾ ਤੋਂ ਸ਼ੁਰੂ ਹੋ ਕੇ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਮਾਰਚ ਕੱਢਿਆ ਜਾਵੇਗਾ, ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਸਕੇ।